ਨਵੀਂ ਦਿੱਲੀ : ਪਟਨਾ ਵਿਧਾਨ ਸਭਾ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰ ਰਹੀਆਂ ਆਂਗਣਵਾੜੀ ਵਰਕਰਾਂ ਅਤੇ ਪੁਲਸ ਵਿਚਾਲੇ ਝੜਪ ਹੋ ਗਈ। ਇਸ ਦੌਰਾਨ ਪੁਲਸ ਨੇ ਕਈ ਮਹਿਲਾਵਾਂ ਨੂੰ ਹਿਰਾਸਤ ’ਚ ਲੈ ਲਿਆ। ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਦੇ ਦੂਜੇ ਦਿਨ ਹਜ਼ਾਰਾਂ ਦੀ ਗਿਣਤੀ ’ਚ ਆਂਗਣਵਾੜੀ ਵਰਕਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਵਿਧਾਨ ਸਭਾ ਨੂੰ ਘੇਰ ਲਿਆ। ਪੁਲਸ ਨੇ ਆਂਗਣਵਾੜੀ ਵਰਕਰਾਂ ਨੂੰ ਕਾਬੂ ਕਰਨ ਲਈ ਵਾਟਰ ਕੈਨਨ ਦਾ ਇਸਤੇਮਾਲ ਕੀਤਾ। ਇਸ ਦੌਰਾਨ ਇੱਕ ਆਂਗਣਵਾੜੀ ਵਰਕਰ ਬੇਹੋਸ਼ ਹੋ ਗਈ, ਜਦਕਿ ਕਈਆਂ ਨੂੰ ਸੱਟਾਂ ਲੱਗੀਆਂ। ਇਸ ਕਾਰਨ ਸਪੀਕਰ ਅਵਧ ਬਿਹਾਰੀ ਚੌਧਰੀ ਨੇ ਸਵੇਰੇ 11 ਵਜੇ ਸ਼ੁਰੂ ਹੋਣ ਦੇ ਕੁਝ ਮਿੰਟਾਂ ਦੇ ਅੰਦਰ ਹੀ ਸਦਨ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ। ਆਂਗਨਵਾੜੀ ਵਰਕਰਾਂ ਨੇ ਆਪਣੇ ਭੱਤਿਆਂ ’ਚ ਦੋ ਗੁਣਾ ਵਾਧੇ ਦੀ ਮੰਗ ਕਰਦੇ ਹੋਏ ਇਹ ਦਾਅਵਾ ਕਰਦੇ ਹੋਏ ਵਿਰੋਧ ਪ੍ਰਦਰਸ਼ਨ ਕੀਤਾ ਸੀ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਦੁਆਰਾ ਇਸ ਨੂੰ ਲਾਗੂ ਕਰਨ ਦਾ ਵਾਅਦਾ ਕੀਤਾ ਗਿਆ ਸੀ। ਨਾਅਰੇਬਾਜ਼ੀ ਵੀ ਕੀਤੀ ਅਤੇ ਮੰਗ ਕੀਤੀ ਕਿ ਉਨ੍ਹਾਂ ਨੂੰ ਸਰਕਾਰੀ ਮੁਲਾਜ਼ਮਾਂ ਦੇ ਬਰਾਬਰ ਮੰਨਿਆ ਜਾਵੇ।



