ਅੰਮਿ੍ਰਤਸਰ (ਜਸਬੀਰ ਸਿੰਘ ਪੱਟੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਹੋਈ ਸਾਲਾਨਾ ਚੋਣ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਤੀਜੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ ਹਨ। ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਅੰਦਰ ਹੋਏ ਜਨਰਲ ਅਜਲਾਸ ਦੌਰਾਨ ਹੋਈ ਚੋਣ ਮੌਕੇ ਕੁੱਲ ਪਈਆਂ 137 ਵੋਟਾਂ ’ਚੋਂ 118 ਵੋਟਾਂ ਪ੍ਰਾਪਤ ਕਰਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਿੱਤ ਹਾਸਲ ਕੀਤੀ। ਉਨ੍ਹਾ ਦੇ ਮੁਕਾਬਲੇ ਪ੍ਰਧਾਨਗੀ ਦੀ ਚੋਣ ਲੜਨ ਲਈ ਖੜੇ ਬਲਬੀਰ ਸਿੰਘ ਘੁੰਨਸ ਨੂੰ 17 ਵੋਟਾਂ ਪਈਆਂ, ਜਦਕਿ 2 ਵੋਟਾਂ ਰੱਦ ਹੋਈਆਂ। ਅਜਲਾਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ 137 ਮੈਂਬਰ ਮੌਜੂਦ ਰਹੇ।
ਜਨਰਲ ਅਜਲਾਸ ਦੌਰਾਨ ਸੀਨੀਅਰ ਮੀਤ ਪ੍ਰਧਾਨ ਲਈ ਹਰਭਜਨ ਸਿੰਘ ਮਸਾਣਾ, ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖਾਲਸਾ ਅਤੇ ਜਨਰਲ ਸਕੱਤਰ ਲਈ ਭਾਈ ਰਾਜਿੰਦਰ ਸਿੰਘ ਮਹਿਤਾ ਨੂੰ ਚੁਣਿਆ ਗਿਆ। ਇਸ ਤੋਂ ਇਲਾਵਾ ਅੰਤਿ੍ਰੰਗ ਕਮੇਟੀ ਦੇ 11 ਮੈਂਬਰ ਵੀ ਚੁਣੇ ਗਏ, ਜਿਨ੍ਹਾਂ ’ਚ ਮੋਹਨ ਸਿੰਘ ਬੰਗੀ, ਰਘਬੀਰ ਸਿੰਘ ਸਹਾਰਨ ਮਾਜਰਾ, ਜਸਮੇਰ ਸਿੰਘ ਲਾਛੜੂ, ਖੁਸ਼ਵਿੰਦਰ ਸਿੰਘ ਭਾਟੀਆ, ਬੀਬੀ ਹਰਦੀਪ ਕੌਰ, ਇੰਦਰਮੋਹਨ ਸਿੰਘ ਲਖਮੀਰਵਾਲਾ, ਗੁਰਪ੍ਰੀਤ ਸਿੰਘ ਝੱਬਰ, ਬੀਬੀ ਮਲਕੀਤ ਕੌਰ ਕਮਾਲਪੁਰ, ਅਮਰਜੀਤ ਸਿੰਘ ਭਲਾਈਪੁਰ, ਬੀਬੀ ਜਸਪਾਲ ਕੌਰ ਤੇ ਜਸਵੰਤ ਸਿੰਘ ਪੁੜੈਣ ਸ਼ਾਮਲ ਹਨ। ਐਡਵੋਕੇਟ ਧਾਮੀ ਨੇ ਪ੍ਰਧਾਨ ਚੁਣੇ ਜਾਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਬਖ਼ਸ਼ਿਸ਼ ਨਾਲ ਉਨ੍ਹਾ ਨੂੰ ਇਹ ਸੇਵਾ ਤੀਜੀ ਵਾਰ ਮਿਲੀ ਹੈ। ਉਨ੍ਹਾ ਸ਼੍ਰੋਮਣੀ ਕਮੇਟੀ ਮੈਂਬਰਾਂ ਦੇ ਸਮੁੱਚੇ ਹਾਊਸ ਦੇ ਨਾਲ-ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਦਲ ਦੇ ਸੀਨੀਅਰ ਆਗੂਆਂ ਦਾ ਧੰਨਵਾਦ ਵੀ ਕੀਤਾ ਅਤੇ ਕਿਹਾ ਕਿ ਉਹ ਯਤਨ ਕਰਨਗੇ ਕਿ ਸਿੱਖ ਪੰਥ ਦੀ ਪ੍ਰਤੀਨਿਧ ਸੰਸਥਾ ਦੀਆਂ ਸੇਵਾਵਾਂ ਕੌਮੀ ਭਾਵਨਾਵਾਂ ਅਨੁਸਾਰ ਕੀਤੀਆਂ ਜਾਣ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਸਮਾਂ ਕੌਮ ਲਈ ਚੁਣੌਤੀਆਂ ਵਾਲਾ ਹੈ, ਕਿਉਂਕਿ ਸ਼੍ਰੋਮਣੀ ਕਮੇਟੀ ਦੀਆਂ ਜਨਰਲ ਚੋਣਾਂ ਸਾਹਮਣੇ ਹੋਣ ਦੇ ਨਾਲ-ਨਾਲ ਕਈ ਪੰਥਕ ਮਸਲੇ ਵੀ ਦਰਪੇਸ਼ ਹਨ। ਉਨ੍ਹਾ ਕਿਹਾ ਕਿ ਚਾਹੇ ਕੇਂਦਰ ਜਾਂ ਪੰਜਾਬ ਦੀ ਸਰਕਾਰ ਹੋਵੇ, ਸ਼੍ਰੋਮਣੀ ਕਮੇਟੀ ਦੀਆਂ ਵੋਟਾਂ ਬਣਾਉਣ ਦੀ ਪ੍ਰਕਿਰਿਆ ਵਿਚ ਦਖ਼ਲਅੰਦਾਜ਼ੀ ਕਰ ਰਹੀਆਂ ਹਨ। ਉਹਨਾ ਕਿਹਾ ਕਿ ਅੱਜ ਸਿੱਖ ਕੌਮ ਦੇ ਸਾਹਮਣੇ ਬੰਦੀ ਸਿੰਘਾਂ ਦੀ ਰਿਹਾਈ ਦਾ ਇਕ ਵੱਡਾ ਮਸਲਾ ਹੈ, ਜਿਸ ਲਈ ਢੁੱਕਵੇਂ ਕਦਮ ਚੁੱਕੇ ਜਾਣਗੇ। ਮੀਡੀਆ ਦੇ ਇੱਕ ਸਵਾਲ ਦਾ ਜਵਾਬ ਦਿੰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਅੱਜ ਦਾ ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਦਾ ਚੋਣ ਨਤੀਜਾ ਇਹ ਦਰਸਾਉਂਦਾ ਹੈ ਕਿ ਦਲ ਦੇ ਸਮੁੱਚੇ ਮੈਂਬਰ ਇਕਜੁਟ ਹਨ ਅਤੇ ਆਪਣੀ ਪਾਰਟੀ ’ਤੇ ਭਰੋਸਾ ਕਰਦੇ ਹਨ। ਉਹਨਾ ਸ਼੍ਰੋਮਣੀ ਕਮੇਟੀ ਦੀਆਂ ਭਵਿੱਖੀ ਯੋਜਨਾਵਾਂ ਅਤੇ ਕੀਤੇ ਜਾਣ ਵਾਲੇ ਕਾਰਜਾਂ ਬਾਰੇ ਤਰਜੀਹਾਂ ਸਪੱਸ਼ਟ ਕਰਦਿਆਂ ਕਿਹਾ ਕਿ ਧਰਮ ਪ੍ਰਚਾਰ ਦੇ ਨਾਲ-ਨਾਲ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਨਵੀਂਆਂ ਸੋਧਾਂ ਅਤੇ ਸੇਧਾਂ ਤਹਿਤ ਅੱਗੇ ਵਧਿਆ ਜਾਵੇਗਾ। ਇਸ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਪੁੱਜਦੀ ਸੰਗਤ ਲਈ ਨਵੀਂਆਂ ਸਰਾਵਾਂ ਸਥਾਪਤ ਕਰਨਾ ਵੀ ਏਜੰਡੇ ’ਤੇ ਹੋਵੇਗਾ। ਉਨ੍ਹਾ ਕਿਹਾ ਕਿ ਹੋਰ ਵੀ ਕਈ ਕੌਮੀ ਕਾਰਜ ਕੀਤੇ ਜਾਣ ਵਾਲੇ ਹਨ, ਜਿਨ੍ਹਾਂ ’ਤੇ ਕੌਮ ਦੇ ਵਿਦਵਾਨਾਂ ਅਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੇ ਰਾਏ-ਮਸ਼ਵਰੇ ਨਾਲ ਕੰਮ ਕੀਤਾ ਜਾਵੇਗਾ। ਉਨ੍ਹਾ ਕਿਹਾ ਕਿ ਲੋੜ ਅਨੁਸਾਰ ਪ੍ਰਬੰਧਕੀ ਸੁਧਾਰਾਂ ਵੱਲ ਵੀ ਵਧਿਆ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਜਾਣ ਮਗਰੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਅਹੁਦੇਦਾਰਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ, ਜਿਥੇ ਉਨ੍ਹਾਂ ਨੂੰ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ। ਐਡਵੋਕੇਟ ਧਾਮੀ ਸਮੇਤ ਅਹੁਦੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੀ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਗਏ। ਇਸ ਮਗਰੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦਫ਼ਤਰ ਵਿਖੇ ਆਪਣਾ ਕਾਰਜਭਾਰ ਸੰਭਾਲਿਆ ਅਤੇ ਸਾਰੀਆਂ ਪੰਥਕ ਧਿਰਾਂ ਨੂੰ ਨਾਲ ਲੈ ਕੇ ਚੱਲਣ ਦੀ ਵਚਨਬੱਧਤਾ ਪ੍ਰਗਟਾਈ।