ਚੰਡੀਗੜ੍ਹ (ਗੁਰਜੀਤ ਬਿੱਲਾ)
ਜਸਵੀਰ ਸਿੰਘ ਵਾਸੀ ਘਨੌਰ, ਤਹਿਸੀਲ ਤੇ ਜ਼ਿਲ੍ਹਾ ਪਟਿਆਲਾ (ਈ ਟੀ ਟੀ ਟੀਚਰ ਤਾਇਨਾਤੀ ਬਲਟਾਣਾ ਜ਼ੀਰਕਪੁਰ ਐੱਸ ਏ ਐੱਸ ਨਗਰ) ਦਾ ਜਾਲ੍ਹੀ ਪੱਛੜੀ ਸ਼੍ਰੇਣੀ ਸਰਟੀਫਿਕੇਟ ਅਤੇ ਪੰਚ ਮਿੱਠੂ ਰਾਮ ਪਿੰਡ ਸੁਰਲ ਕਲਾਂ, ਜ਼ਿਲ੍ਹਾ ਪਟਿਆਲਾ ਦਾ ਜਾਲ੍ਹੀ ਅਨੁਸੂਚਿਤ ਜਾਤੀ ਸਰਟੀਫਿਕੇਟ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ ਗਿਆ ਹੈ।
ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਲਵੀਰ ਸਿੰਘ ਪਿੰਡ ਆਲਮਪੁਰ, ਜ਼ਿਲ੍ਹਾ ਪਟਿਆਲਾ ਨੇ ਡਾਇਰੈਕਟਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਜਸਵੀਰ ਸਿੰਘ ਹਰਿਆਣਾ ਤੋਂ ਆ ਕੇ ਵਿਆਹ ਤੋਂ ਬਾਅਦ ਇੱਥੋਂ ਦਾ ਵਸਨੀਕ ਬਣਿਆ ਹੈ ਅਤੇ ਉਸ ਵੱਲੋਂ ਪੰਜਾਬ ਰਾਜ ਦਾ ਪੱਛੜੀ ਸ਼੍ਰੇਣੀ ਸਰਟੀਫਿਕੇਟ ਬਣਾਇਆ ਗਿਆ ਹੈ। ਇਸ ਸਰਟੀਫਿਕੇਟ ਦੇ ਆਧਾਰ ’ਤੇ ਉਸ ਨੇ ਸਿੱਖਿਆ ਵਿਭਾਗ ਵਿੱਚ ਅਧਿਆਪਕ ਦੀ ਨੌਕਰੀ ਪ੍ਰਾਪਤ ਕੀਤੀ ਹੋਈ ਹੈ। ਸ਼ਿਕਾਇਤਕਰਤਾ ਵੱਲੋਂ ਜਸਵੀਰ ਸਿੰਘ ਦਾ ਪੱਛੜੀ ਸ਼੍ਰੇਣੀ ਸਰਟੀਫਿਕੇਟ ਰੱਦ ਕਰਨ ਅਤੇ ਉਸ ਵਿਰੁੱਧ ਕਾਰਵਾਈ ਲਈ ਲਿਖਿਆ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸੇ ਤਰ੍ਹਾਂ ਹੀ ਪਾਲਾ ਸਿੰਘ, ਜਸਵਿੰਦਰ ਸਿੰਘ ਅਤੇ ਹਰਨੀਤ ਸਿੰਘ ਸਾਰੇ ਵਾਸੀ ਪਿੰਡ ਸੁਰਲ ਕਲਾਂ, ਜ਼ਿਲ੍ਹਾ ਪਟਿਆਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਮਿੱਠੂ ਰਾਮ ਪੰਚ ਗ੍ਰਾਮ ਪੰਚਾਇਤ ਸੁਰਲ ਕਲਾਂ, ਜ਼ਿਲ੍ਹਾ ਪਟਿਆਲਾ ਰਾਜਪੂਤ ਜਾਤੀ ਨਾਲ ਸੰਬੰਧ ਰੱਖਦਾ ਹੈ, ਪਰ ਉਸ ਵੱਲੋਂ ਅਨੁਸੂਚਿਤ ਜਾਤੀ (ਓਡ) ਦਾ ਸਰਟੀਫਿਕੇਟ ਬਣਾਇਆ ਗਿਆ ਹੈ।
ਮੰਤਰੀ ਨੇ ਕਿਹਾ ਕਿ ਇਸ ਮਾਮਲੇ ਸੰਬੰਧੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਵੱਲੋਂ ਰਿਪੋਰਟ ਮੰਗੀ ਗਈ ਸੀ। ਇਸ ਕੇਸ ਦੀ ਜਾਂਚ ਕਰਨ ਉਪਰੰਤ ਪਾਇਆ ਗਿਆ ਕਿ ਜਸਵੀਰ ਸਿੰਘ ਦੀ ਜਾਤੀ ਪੱਛੜੀ ਸ਼੍ਰੇਣੀ ਹੈ, ਪ੍ਰੰਤੂ ਉਹ ਬਾਹਰੋਂ ਆ ਕੇ ਇਥੋਂ ਦਾ ਵਸਨੀਕ ਬਣਿਆ ਹੈ। ਇਸ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਹ ਪੰਜਾਬ ਵਿੱਚ ਪੱਛੜੀ ਸ਼੍ਰੇਣੀ ਦੇ ਸਰਟੀਫਿਕੇਟ ਦਾ ਲਾਭ ਨਹੀਂ ਲੈ ਸਕਦਾ। ਇਸ ਲਈ ਜਸਵੀਰ ਸਿੰਘ ਦਾ ਪੰਜਾਬ ਦੇ ਪੱਕੇ ਵਸਨੀਕ ਹੋਣ ਵਜੋਂ ਬਣਾਏ ਪੱਛੜੀ ਸ਼੍ਰੇਣੀ ਸਰਟੀਫਿਕੇਟ ਰੱਦ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾ ਦੱਸਿਆ ਕਿ ਇਸੇ ਤਰ੍ਹਾਂ ਮਿੱਠੂ ਰਾਮ, ਦੇ ਕੇਸ ਦੀ ਜਾਂਚ ਕਰਨ ਉਪਰੰਤ ਪਾਇਆ ਗਿਆ ਕਿ ਮਿੱਠੂ ਰਾਮ ਦੇ ਸਕੂਲ ਰਿਕਾਰਡ, ਕੁਰਸੀਨਾਮੇ ਅਤੇ ਨੰਬਰਦਾਰਾਂ ਦੇ ਬਿਆਨਾਂ ਅਨੁਸਾਰ ਰਾਜਪੂਤ ਜਾਤੀ ਨਾਲ ਸੰਬੰਧਤ ਹੈ, ਪ੍ਰੰਤੂ ਉਸ ਨੇ ਅਨੁਸੂਚਿਤ ਜਾਤੀ ਸਰਟੀਫਿਕੇਟ ਬਣਾਇਆ ਹੈ। ਵਿਜੀਲੈਸ ਸੈੱਲ ਵੱਲੋਂ ਰਿਪੋਰਟ ਵਾਚਣ ਲਈ 22, 28 ਜੂਨ, 24 ਅਗਸਤ ਅਤੇ 1 ਸਤੰਬਰ ਨੂੰ ਮਿੱਠੂ ਰਾਮ ਨੂੰ ਹਾਜ਼ਰ ਹੋਣ ਲਈ ਕਿਹਾ ਗਿਆ ਸੀ, ਪਰ ਉਹ ਹਾਜ਼ਰ ਨਹੀ ਹੋਇਆ। ਇਸ ਲਈ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਪਟਿਆਲਾ ਦੀ ਰਿਪੋਰਟ ਨੂੰ ਮੰਨਦੇ ਹੋਏ ਮਿੱਠੂ ਰਾਮ ਦਾ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਰੱਦ ਕਰਨ ਦਾ ਫੈਸਲਾ ਕੀਤਾ ਗਿਆ ਹੈ। ਮੰਤਰੀ ਨੇ ਦੱਸਿਆ ਕਿ ਪਟਿਆਲਾ ਦੇ ਡਿਪਟੀ ਕਮਿਸ਼ਨਰ ਨੂੰ ਜਸਵੀਰ ਸਿੰਘ ਦੇ ਪੱਛੜੀ ਸ਼੍ਰੇਣੀ ਸਰਟੀਫਿਕੇਟ ਅਤੇ ਮਿੱਠੂ ਰਾਮ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਰੱਦ ਕਰਨ ਅਤੇ ਜ਼ਬਤ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸੇ ਤਰ੍ਹਾਂ ਵਿਭਾਗ ਵੱਲੋਂ ਡੀ ਪੀ ਆਈ (ਐਲੀਮੈਂਟਰੀ ਸਿੱਖਿਆ) ਨੂੰ ਜਸਵੀਰ ਸਿੰਘ ਵੱਲੋਂ ਬੀ ਸੀ ਸਰਟੀਫਿਕੇਟ ਦੇ ਆਧਾਰ ’ਤੇ ਲਏ ਲਾਭ ਵਾਪਸ ਲੈਣ ਲਈ ਨਿਰਦੇਸ਼ ਦਿੱਤੇ ਗਏ ਹਨ।