ਜਲੰਧਰ (ਗਿਆਨ ਸੈਦਪੁਰੀ)-ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਸੂਬਾਈ ਕਨਵੈਨਸ਼ਨ 18 ਨਵੰਬਰ ਨੂੰ ਦੇਸ਼ ਭਗਤ ਯਾਦਗਾਰ ਵਿੱਚ ਸਥਾਪਤ ਵਿਸ਼ਨੰੂ ਗਣੇਸ਼ ਪਿੰਗਲੇ ਹਾਲ ਵਿੱਚ ਕੀਤੀ ਜਾਵੇਗੀ | ਇਸ ਫੈਸਲੇ ਦਾ ਐਲਾਨ ਸ਼ੁੱਕਰਵਾਰ ਨੂੰ ਸਾਂਝੇ ਮੋਰਚੇ ਦੀ ਇੱਥੇ ਹੋਈ ਮੀਟਿੰਗ ਦੌਰਾਨ ਕੀਤਾ ਗਿਆ | ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੇਸ਼ ਸਿੰਘ ਦੀ ਪ੍ਰਧਾਨਗੀ ਹੇਠ ਬਾਬਾ ਭਗਤ ਸਿੰਘ ਬਿਲਗਾ ਯਾਦਗਾਰੀ ਲਾਇਬ੍ਰੇਰੀ ਵਿੱਚ ਹੋਈ ਮੀਟਿੰਗ ਵਿੱਚ ਪੇਂਡੂ ਤੇ ਖੇਤ ਮਜ਼ਦੂਰਾਂ ਨੂੰ ਦਰਪੇਸ਼ ਵੱਖ-ਵੱਖ ਮਸਲਿਆਂ ‘ਤੇ ਨਿੱਠ ਕੇ ਮੰਥਨ ਕਰਨ ਲਈ ਕੀਤੀ ਜਾ ਰਹੀ ਕਨਵੈਨਸ਼ਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਗਿਆ | ਇਹ ਕਨਵੈਨਸ਼ਨ 12 ਤੋਂ 3 ਵਜੇ ਤੱਕ ਚੱਲੇਗੀ |
ਇਸ ਕਨਵੈਨਸ਼ਨ ਵਿੱਚ ਲੋੜਵੰਦ ਮਜ਼ਦੂਰਾਂ ਨੂੰ 10-10 ਮਰਲੇ ਦੇ ਰਿਹਾਇਸ਼ੀ ਪਲਾਟ ਅਤੇ ਮਕਾਨ ਉਸਾਰੀ ਵਾਸਤੇ ਪੰਜ ਲੱਖ ਰੁਪਏ ਦੀ ਗਰਾਂਟ ਦੇਣ, ਲਾਲ ਲਕੀਰ ਅੰਦਰਲੇ ਪਰਵਾਰਾਂ ਨੂੰ ਮਾਲਕੀ ਹੱਕ ਦੇਣ ਸੰਬੰਧੀ, ਪੇਂਡੂ ਤੇ ਖੇਤ ਮਜ਼ਦੂਰਾਂ ਦੇ ਪੱਕੇ ਰੁਜ਼ਗਾਰ ਦਾ ਪ੍ਰਬੰਧ ਕਰਨ, ਮਜ਼ਦੂਰਾਂ ਨੂੰ ਕੋਆਪ੍ਰੇਟਿਵ ਸੁਸਾਇਟੀਆਂ ਦੇ ਮੈਂਬਰ ਬਣਾ ਕੇ ਇੱਕ ਲੱਖ ਰੁਪਏ ਤੱਕ ਦਾ ਕਰਜ਼ਾ ਬਿਨਾਂ ਵਿਆਜ ਦੇਣ, ਖੇਤ ਮਜ਼ਦੂਰ ਸਮੇਤ ਬੇਜ਼ਮੀਨੇ, ਥੁੜ ਜ਼ਮੀਨੇ ਅਤੇ ਗ਼ਰੀਬ ਕਿਸਾਨਾਂ ਸਿਰ ਚੜਿ੍ਹਆ ਸਰਕਾਰੀ ਤੇ ਗੈਰ ਸਰਕਾਰੀ ਕਰਜ਼ਾ (ਸਮੇਤ ਮਾਈਕਰੋਫਾਈਨਾਂਸ ਕੰਪਨੀਆਂ ਦੇ) ਮਾਫ਼ ਕਰਨ, ਵਿਧਵਾ, ਬੁਢਾਪਾ ਤੇ ਅੰਗਹੀਣਾਂ ਨੂੰ ਪੰਜ ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ, ਪੰਚਾਇਤੀ ਜ਼ਮੀਨਾਂ ਵਿੱਚੋਂ ਤੀਸਰਾ ਹਿੱਸਾ ਐੱਸ ਸੀ ਭਾਈਚਾਰੇ ਨੂੰ ਘੱਟ ਰੇਟ ‘ਤੇ ਦੇਣ ਨੂੰ ਯਕੀਨੀ ਬਣਾਉਣ, ਅਸਮਾਨ ਚੜ੍ਹੀ ਮਹਿੰਗਾਈ ਨੂੰ ਕੰਟਰੋਲ ਕਰਨ, ਕਰਜ਼ੇ ਅਤੇ ਗ਼ਰੀਬੀ ਕਾਰਨ ਖੁਦਕੁਸ਼ੀਆਂ ਕਰ ਗਏ ਮਜ਼ਦੂਰਾਂ-ਕਿਸਾਨਾਂ ਦੇ ਆਸ਼ਰਿਤਾਂ ਨੂੰ 10 ਲੱਖ ਰੁਪਏ ਮੁਆਵਜ਼ਾ ਦੇਣ, ਹੜ੍ਹਾਂ ਕਾਰਨ ਮਜ਼ਦੂਰਾਂ ਦੇ ਨੁਕਸਾਨੇ ਅਤੇ ਡਿੱਗ ਚੁੱਕੇ ਮਕਾਨਾਂ ਦਾ ਯੋਗ ਮੁਆਵਜ਼ਾ ਦੇਣ, ਮਿਆਰੀ ਸਿੱਖਿਆ ਅਤੇ ਸਿਹਤ ਸਹੂਲਤਾਂ ਤੇ ਪੀਣ ਵਾਲਾ ਸਾਫ਼ ਪਾਣੀ ਮਜ਼ਦੂਰਾਂ ਸਮੇਤ ਸਭਨਾਂ ਲੋਕਾਂ ਨੂੰ ਮੁਹੱਈਆ ਕਰਵਾਉਣ, ਮਜ਼ਦੂਰਾਂ ‘ਤੇ ਹੁੰਦਾ ਸਮਾਜਕ ਜਬਰ ਬੰਦ ਕਰਨ, ਕੇਂਦਰ ਸਰਕਾਰ ਵੱਲੋਂ ਕਿਰਤ ਕਾਨੂੰਨਾਂ ਵਿੱਚ ਕੀਤੀਆਂ ਗਈਆਂ ਸੋਧਾਂ ਵਿਰੁੱਧ ਪੰਜਾਬ ਵਿਧਾਨ ਸਭਾ ਵਿੱਚ ਮਤਾ ਪਾਸ ਕਰਵਾਉਣ, ਜ਼ਮੀਨੀ ਹੱਦਬੰਦੀ ਕਾਨੂੰਨ ਲਾਗੂ ਕਰਵਾਉਣ ਅਤੇ ਹੋਰ ਮੰਗਾਂ ਮਨਵਾਉਣ ਲਈ ਰਣਨੀਤੀ ਤੈਅ ਕੀਤੀ ਜਾਵੇਗੀ |
ਮੀਟਿੰਗ ਵਿੱਚ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂ ਕਾਮਰੇਡ ਹਰਮੇਸ਼ ਮਾਲੜੀ, ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਪ੍ਰਧਾਨ ਦਰਸ਼ਨ ਨਾਹਰ ਤੇ ਬਲਦੇਵ ਨੂਰਪੁਰੀ, ਪੰਜਾਬ ਖੇਤ ਮਜ਼ਦੂਰ ਸਭਾ ਦੇ ਜ਼ਿਲ੍ਹਾ ਆਗੂ ਗਿਆਨ ਸੈਦਪੁਰੀ ਤੇ ਵੀਰ ਕੁਮਾਰ, ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਹੰਸ ਰਾਜ ਪੱਬਵਾਂ, ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਪ੍ਰਸ਼ੋਤਮ ਬਿਲਗਾ ਤੇ ਸੋਢੀ ਲਾਲ ਉੱਪਲ, ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਲਸੀਆਂ, ਜਨਰਲ ਸਕੱਤਰ ਪਰਮਜੀਤ ਰੰਧਾਵਾ ਤੇ ਸੂਬਾ ਕਮੇਟੀ ਮੈਂਬਰ ਹਰਬੰਸ ਮੱਟੂ ਸ਼ਾਮਲ ਸਨ |


