ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਜਾਂਚ ਹੋਵੇ : ਮਜੀਠੀਆ

0
278

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਉੱਤੇ ਲੱਗੇ ਗੁਰਦੁਆਰਾ ਫੰਡਾਂ ਦੀ ਦੁਰਵਰਤੋਂ ਕਰਨ ਤੇ ਮਨੀ ਲਾਂਡਰਿੰਗ ਦੇ ਦੋਸ਼ਾਂ ਦੀ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਜਾਂਚ ਮੰਗੀ ਹੈ।
ਬੁੱਧਵਾਰ ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਮਜੀਠੀਆ ਨੇ ਕਿਹਾ ਕਿ ਇਹ ਬਹੁਤ ਹੀ ਪ੍ਰੇਸ਼ਾਨ ਕਰਨ ਵਾਲਾ ਘਟਨਾਕ੍ਰਮ ਹੈ। ਇਹ ਪਹਿਲੀ ਵਾਰ ਹੈ ਕਿ ਗੁਰੂ ਕੀ ਗੋਲਕ ਦੀ ਦੁਰਵਰਤੋਂ ਦੇ ਅਜਿਹੇ ਦੋਸ਼ ਸਾਹਮਣੇ ਆਏ ਹਨ ਤੇ ਮਾਮਲੇ ਦੀ ਨਿਰਪੱਖਤਾ ਨਾਲ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾ ਕਿਹਾ ਕਿ ਸਿਰਸਾ ਕਿਉਂਕਿ ਭਾਜਪਾ ਦੇ ਕੌਮੀ ਸਕੱਤਰ ਹਨ ਅਤੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਦੇ ਨਜ਼ਦੀਕ ਹਨ, ਇਸ ਲਈ ਕੇਂਦਰੀ ਏਜੰਸੀਆਂ ਕੇਸ ਦੀ ਨਿਰਪੱਖਤਾ ਨਾਲ ਜਾਂਚ ਨਹੀਂ ਕਰ ਸਕਣਗੀਆਂ। ਉਨ੍ਹਾ ਕਿਹਾ ਕਿ ਸੁਪਰੀਮ ਕੋਰਟ ਨੂੰ ਇਨ੍ਹਾਂ ਦੋਸ਼ਾਂ ਦੀ ਜਾਂਚ ਦੀ ਨਿਗਰਾਨੀ ਕਰਨੀ ਚਾਹੀਦੀ ਹੈ ਤਾਂ ਜੋ ਨਿਸ਼ਚਿਤ ਸਮੇਂ ਅੰਦਰ ਸੱਚ ਸਾਹਮਣੇ ਆ ਸਕੇ। ਮਜੀਠੀਆ ਨੇ ਕਿਹਾ ਕਿ ਦੁਨੀਆ ਭਰ ਦੇ ਸਿੱਖ ਇਨ੍ਹਾਂ ਦੋਸ਼ਾਂ ਤੋਂ ਹੈਰਾਨ ਹਨ ਤੇ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀ ਹੈ। ਉਨ੍ਹਾ ਕਿਹਾ ਕਿ ਕੋਈ ਵੀ ਸਿੱਖ ਕਿਸੇ ਵੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਮਨੀ ਲਾਂਡਰਿੰਗ ਵਿਚ ਸ਼ਾਮਲ ਹੋਣ ਦੀ ਆਸ ਨਹੀਂ ਕਰ ਸਕਦਾ ਤੇ ਕੇਸ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ।

LEAVE A REPLY

Please enter your comment!
Please enter your name here