ਕਾਰਪੋਰੇਟ-ਫਿਰਕੂ ਗੱਠਜੋੜ ਖਿਲਾਫ ਇਕਜੁੱਟ ਹੋਣ ਦਾ ਸੱਦਾ

0
229

ਜਲੰਧਰ (ਕੇਸਰ)-ਸੀ ਪੀ ਆਈ (ਐੱਮ) ਵੱਲੋਂ ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਵਿਖੇ ਗ਼ਦਰ ਲਹਿਰ ਦੇ ਪਹਿਲੇ 7 ਸ਼ਹੀਦਾਂ ਸ਼ਹੀਦ ਕਰਤਾਰ ਸਿੰਘ ਸਰਾਭਾ, ਵਿਸ਼ਣੂ ਗਣੇਸ਼ ਪਿੰਗਲੇ, ਜਗਤ ਸਿੰਘ ਸੁਰਸਿੰਘ, ਹਰਨਾਮ ਸਿੰਘ ਸਿਆਲਕੋਟੀ, ਬਖਸ਼ੀਸ਼ ਸਿੰਘ, ਸ਼ਹੀਦ ਸੁਰੈਣ ਸਿੰਘ (ਵੱਡਾ) ਤੇ ਸ਼ਹੀਦ ਸੁਰੈਣ ਸਿੰਘ (ਛੋਟਾ) ਦੀ ਯਾਦ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਸਮਾਗਮ ਦੀ ਸਵਾਗਤੀ ਕਮੇਟੀ ਦੇ ਚੇਅਰਮੈਨ ਸੀਤਲ ਸਿੰਘ ਸੰਘਾ ਵੱਲੋਂ ਸਵਾਗਤੀ ਭਾਸ਼ਣ ਦਿੱਤਾ ਗਿਆ। ਉਪਰੰਤ ਦੇਸ਼ ਭਗਤ ਯਾਦਗਾਰ ਕਮੇਟੀ ਦੇ ਜਨਰਲ ਸਕੱਤਰ ਪਿ੍ਰਥੀਪਾਲ ਸਿੰਘ ਮਾੜੀਮੇਘਾ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਸਮਾਗਮ ਵਿੱਚ ਪਾਰਟੀ ਦੇ ਪੋਲਿਟ ਬਿਊਰੋ ਮੈਂਬਰ ਨਿਲੋਤਪਾਲ ਬਾਸੂ ਤੇ ਸੂਬਾ ਸਕੱਤਰ ਸੁਖਵਿੰਦਰ ਸਿੰਘ ਸੇਖੋਂ ਵਿਸ਼ੇਸ਼ ਤੌਰ ’ਤੇ ਪਹੁੰਚੇ। ਸਮਾਗਮ ਨੂੰ ਸੰਬੋਧਨ ਕਰਦਿਆਂ ਨਿਲੋਤਪਾਲ ਬਾਸੂ ਅਤੇ ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਅੱਜ ਅਸੀਂ ਜੋ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ, ਉਹ ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਹੋਰ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੈ। ਇਹ 7 ਗ਼ਦਰ ਲਹਿਰ ਦੇ ਪਹਿਲੇ ਸ਼ਹੀਦ ਸਨ। ਇਹਨਾਂ ਸ਼ਹੀਦਾਂ ਨੇ ਜਿਹੜੇ ਸਮਾਜ ਦਾ ਸੁਫ਼ਨਾ ਲਿਆ ਸੀ, ਉਹ ਅੱਜ ਵੀ ਅਧੂਰਾ ਹੈ। ਉਹਨਾਂ ਰੂਸ-ਯੂਕਰੇਨ ਜੰਗ ਬਾਰੇ ਕਿਹਾ ਕਿ ਅਮਰੀਕਾ ਸਣੇ ਸਾਰੇ ਨਾਟੋ ਮੁਲਕ ਯੂਕਰੇਨ ’ਚ ਨਾਟੋ ਦਾ ਅੱਡਾ ਬਣਾਉਣਾ ਚਾਹੁੰਦੇ ਸਨ ਤਾਂ ਜੋ ਕੁਦਰਤੀ ਸਰੋਤਾਂ ’ਤੇ ਕਬਜ਼ਾ ਕੀਤਾ ਜਾ ਸਕੇ। ਇਸੇ ਤਹਿਤ ਇਜ਼ਰਾਈਲ ਵੱਲੋਂ ਫ਼ਲਸਤੀਨੀਆਂ ਦੀ ਨਸਲਕੁਸ਼ੀ ਕੀਤੀ ਜਾ ਰਹੀ ਹੈ। ਇੱਥੇ ਯੂ ਐੱਨ ਓ ਦੀਆਂ ਹਦਾਇਤਾਂ ’ਤੇ ਵੀ ਅਮਲ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਫ਼ਲਸਤਾਨੀਆਂ ਦਾ ਕਤਲੇਆਮ ਤੁਰੰਤ ਰੁਕਣਾ ਚਾਹੀਦਾ ਹੈ।
ਆਗੂਆਂ ਕਿਹਾ ਕਿ ਭਾਰਤ ਭਾਵੇਂ ਪਹਿਲਾਂ ਕਿਸੇ ਗੁੱਟ ਤੋਂ ਨਿਰਲੇਪ ਰਿਹਾ ਹੋਵੇ, ਪਰ ਇਸ ਦਾ ਸਟੈਂਡ ਹਮੇਸ਼ਾ ਵਧੀਕੀ ਕਰਨ ਵਾਲੇ ਦੇ ਖ਼ਿਲਾਫ਼ ਰਿਹਾ ਹੈ। ਇਜ਼ਰਾਈਲ-ਹਮਾਸ ਜੰਗ ਦੇ ਮਾਮਲੇ ਵਿੱਚ ਭਾਰਤ ਨੇ ਅਮਰੀਕਾ ਦਾ ਸਾਥ ਦੇ ਕੇ ਉਸ ਦਾ ਛੋਟਾ ਭਾਈਵਾਲ ਹੋਣ ਦਾ ਸਬੂਤ ਦੇ ਦਿੱਤਾ ਹੈ। ਉਹਨਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਦੇਸ਼ ਦੇ ਜਨਤਕ ਖੇਤਰ ਨੂੰ 100 ਕਾਰਪੋਰੇਟ ਘਰਾਣਿਆਂ ਨੂੰ ਲੁਟਾਇਆ ਜਾ ਰਿਹਾ ਹੈ। ਦੇਸ਼ ਦੇ 73 ਪ੍ਰਤੀਸ਼ਤ ਧਨ ’ਤੇ 100 ਕਾਰਪੋਰੇਟ ਘਰਾਣੇ ਕਾਬਜ਼ ਹਨ ਤੇ ਸਿਰਫ਼ 23 ਪ੍ਰਤੀਸ਼ਤ ਦੌਲਤ ’ਤੇ ਦੇਸ਼ ਦੇ ਹੋਰ ਵਰਗ ਗੁਜ਼ਾਰਾ ਕਰਨ ਲਈ ਮਜਬੂਰ ਹਨ। ਮੋਦੀ ਸਰਕਾਰ ਨੂੰ ਸਿਰਫ਼ ਕਾਰਪੋਰੇਟ ਘਰਾਣਿਆਂ ਦਾ ਫ਼ਿਕਰ ਹੈ, ਇਸ ਵੱਲੋਂ ਇਨ੍ਹਾਂ ਨੂੰ ਲਾਭ ਪਹੁੰਚਾਉਣ ਲਈ ਮੌਕਾ ਨਹੀਂ ਖੰੁਝਾਇਆ ਜਾਂਦਾ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਰਾਜ ਵਿੱਚ ਮਹਿੰਗਾਈ ਤੇ ਬੇਰੁਜ਼ਗਾਰੀ ਆਪਣੇ ਸਾਰੇ ਰਿਕਾਰਡ ਤੋੜ ਚੁੱਕੀ ਹੈ। ਨੌਜਵਾਨ ਵਰਗ ਪੜ੍ਹ-ਲਿਖ ਕੇ ਵੀ ਵਿਹਲਾ ਘੁੰਮ ਰਿਹਾ ਹੈ। ਆਮ ਵਿਅਕਤੀ ਲਈ ਦੋ ਡੰਗ ਦੀ ਰੋਟੀ ਖਾਣੀ ਵੀ ਮੁਸ਼ਕਲ ਹੋ ਗਈ ਹੈ। ਮੋਦੀ ਸਰਕਾਰ ਵੱਲੋਂ ਲੋਕਾਂ ਦੀ ਨਿੱਜਤਾ ’ਤੇ ਹਮਲੇ ਕੀਤੇ ਜਾ ਰਹੇ ਹਨ ਤੇ ਇਸ ਲਈ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਵਰਤਾਰਾ ਨਿੰਦਣਯੋਗ ਹੈ।
ਆਗੂਆਂ ਕਿਹਾ ਕਿ ਮੋਦੀ ਸਰਕਾਰ ਕੋਲ 2024 ਦੀਆਂ ਆਮ ਚੋਣਾਂ ਲਈ ਲੋਕਾਂ ਨੂੰ ਦੱਸਣ ਲਈ ਕੋਈ ਪ੍ਰਾਪਤੀ ਨਹੀਂ ਇਸ ਲਈ ਮੋਦੀ ਸਰਕਾਰ ਚੋਣਾਂ ਜਿੱਤਣ ਲਈ ਫ਼ਿਰਕੂ ਧਰੁਵੀਕਰਨ ਦਾ ਪੱਤਾ ਖੇਡਣ ਦੀ ਤਾਕ ਵਿੱਚ ਹੈ। ਉਨ੍ਹਾਂ ਕਿਹਾ ਕਿ ਕਾਰਪੋਰੇਟ-ਫ਼ਿਰਕੂ ਗੱਠਜੋੜ ਨੂੰ ਹਰਾਉਣ ਲਈ ਧਰਮ ਨਿਰਪੱਖ ਤੇ ਜਮਹੂਰੀ ਸ਼ਕਤੀਆਂ ਨੂੰ ਇੱਕ ਪਲੇਟਫਾਰਮ ’ਤੇ ਇਕੱਠਾ ਹੋਣਾ ਹੋਵੇਗਾ। ਸ਼ਹੀਦਾਂ ਨੂੰ ਇਹੋ ਸੱਚੀ ਸ਼ਰਧਾਂਜਲੀ ਹੋਵੇਗੀ ਕਿ ਉਨ੍ਹਾਂ ਦੇ ਪਾਏ ਪੂਰਨਿਆਂ ’ਤੇ ਤੁਰ ਕੇ ਫ਼ਿਰਕਾਪ੍ਰਸਤੀ ਖ਼ਿਲਾਫ਼ ਲੜਿਆ ਜਾਵੇ।
ਪੰਜਾਬ ਦੀ ਗੱਲ ਕਰਦਿਆਂ ਕਾਮਰੇਡ ਸੇਖੋਂ ਨੇ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਅਸਫ਼ਲ ਸਾਬਤ ਹੋਈ ਹੈ। ਕਰਜ਼ੇ ਦੀ ਪੰਡ ਭਾਰੀ ਕਰਕੇ ਸਰਕਾਰ ਚਲਾਈ ਜਾ ਰਹੀ ਹੈ। ਸੀ ਪੀ ਆਈ (ਐੱਮ) ਦੀ ਇਹ ਮੰਗ ਹੈ ਕਿ ਐੱਸ ਵਾਈ ਐੱਲ ਦੇ ਮੁੱਦੇ ’ਤੇ ਸਰਬ ਪਾਰਟੀ ਮੀਟਿੰਗ ਬੁਲਾਈ ਜਾਵੇ, ਜਿਸ ਵਿੱਚ ਸਾਂਝੀ ਰਾਇ ਬਣਾ ਕੇ ਪਾਣੀਆਂ ਦੇ ਮੁੱਦੇ ਦਾ ਹੱਲ ਲੱਭਿਆ ਜਾਵੇ।
ਅਗਲੇਰੇ ਪ੍ਰੋਗਰਾਮ ਦਾ ਐਲਾਨ ਕਰਦਿਆਂ ਕਾਮਰੇਡ ਸੇਖੋਂ ਨੇ ਦੱਸਿਆ ਕਿ ਪਾਰਟੀ ਵੱਲੋਂ ਪੰਜਾਬ ਦੇ ਭਖਦੇ ਮੁੱਦਿਆਂ ਨੂੰ ਲੈ ਕੇ 1 ਤੋਂ 15 ਦਸੰਬਰ ਤੱਕ ਸੂਬਾ ਪੱਧਰੀ ਜਥਾ ਮਾਰਚ ਕੀਤਾ ਜਾਵੇਗਾ। ਇਹ ਮਾਰਚ 1 ਦਸੰਬਰ ਨੂੰ ਜਲ੍ਹਿਆਂਵਾਲਾ ਬਾਗ ਅੰਮਿ੍ਰਤਸਰ ਤੋਂ ਸ਼ੁਰੂ ਹੋਵੇਗਾ ਅਤੇ 15 ਦਸੰਬਰ ਨੂੰ ਇਸ ਦੀ ਸਮਾਪਤੀ ਹੁਸੈਨੀਵਾਲਾ ਵਿਖੇ ਹੋਵੇਗੀ। ਪਾਰਟੀ ਵੱਲੋਂ 5 ਲੱਖ ਲੋਕਾਂ ਤੋਂ ਦਸਤਖ਼ਤ ਕਰਵਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੌਕੇ ਇੱਕ ਸੋਗ ਮਤਾ ਪਾ ਕੇ ਪਾਰਟੀ ਦੇ ਬਜ਼ੁਰਗ ਕਮਿਊਨਿਸਟ ਬਾਸੂਦੇਵ ਅਚਾਰੀਆ ਤੇ ਐੱਨ ਸੰਕਾਰੀਆ ਦੀ ਮੌਤ ’ਤੇ ਦੁੱਖ ਪ੍ਰਗਟ ਕੀਤਾ ਗਿਆ। ਸਟੇਜ ਸਕੱਤਰ ਦੀ ਭੂਮਿਕਾ ਸੁਖਪ੍ਰੀਤ ਸਿੰਘ ਜੌਹਲ ਨੇ ਨਿਭਾਈ।

LEAVE A REPLY

Please enter your comment!
Please enter your name here