ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਯੂਨੀਅਨਾਂ ਨੂੰ ਖਬਰਦਾਰ ਕੀਤਾ ਹੈ ਕਿ ਜੇ ਕਿਸਾਨਾਂ ਦਾ ਇਹੀ ਰਵੱਈਆ ਰਿਹਾ ਤਾਂ ਯੂਨੀਅਨ ਵਾਲਿਆਂ ਨੂੰ ਧਰਨੇ ਲਾਉਣ ਲਈ ਬੰਦੇ ਨਹੀਂ ਲੱਭਣੇ। ਮਾਨ ਨੇ ਟਵੀਟ ਕੀਤਾਮੇਰੀ ਕਿਸਾਨ ਯੂਨੀਅਨਾਂ ਨੂੰ ਬੇਨਤੀ ਹੈ ਕਿ ਹਰ ਗੱਲ ’ਤੇ ਸੜਕਾਂ ਰੋਕ ਕੇ ਆਮ ਲੋਕਾਂ ਨੂੰ ਆਪਣੇ ਵਿਰੁੱਧ ਨਾ ਕਰੋ। ਸਰਕਾਰ ਨਾਲ ਗੱਲ ਕਰਨ ਲਈ ਚੰਡੀਗੜ੍ਹ ਦਾ ਪੰਜਾਬ ਭਵਨ, ਸੈਕਟਰੀਏਟ, ਖੇਤੀਬਾੜੀ ਮੰਤਰੀ ਦਾ ਦਫਤਰ ਅਤੇ ਮੇਰਾ ਦਫਤਰ ਤੇ ਘਰ ਹੈ, ਨਾ ਕਿ ਸੜਕਾਂ। ਜੇ ਇਹੀ ਰਵੱਈਆ ਰਿਹਾ ਤਾਂ ਉਹ ਦਿਨ ਦੂਰ ਨਹੀਂ, ਜਦੋਂ ਤੁਹਾਨੂੰ ਧਰਨੇ ਵਾਸਤੇ ਬੰਦੇ ਨਹੀਂ ਲੱਭਣੇ। ਲੋਕਾਂ ਦੀਆਂ ਭਾਵਨਾਵਾਂ ਸਮਝੋ। ਮੁੱਖ ਮੰਤਰੀ ਨੇ ਕਿਹਾ ਕਿ ਯੂਨੀਅਨਾਂ ਨੂੰ ਸੜਕਾਂ ਰੋਕਣ ਨਾਲ ਆਮ ਲੋਕਾਂ ਨੂੰ ਪੇਸ਼ ਆ ਰਹੀਆਂ ਦੁੱਖ-ਤਕਲੀਫਾਂ ਬਾਰੇ ਸੰਵੇਦਨਸ਼ੀਲ ਹੋਣਾ ਚਾਹੀਦਾ ਹੈ। ਸਮਾਜ ਪ੍ਰਤੀ ਕਿਸਾਨ ਯੂਨੀਅਨਾਂ ਦਾ ਇਹ ਗੈਰ-ਜ਼ਿੰਮਵਾਰਾਨਾ ਰਵੱਈਆ ਅਣ-ਉਚਿਤ ਹੈ। ਉਨ੍ਹਾ ਦੁਹਰਾਇਆ ਕਿ ਸਮਾਜ ਦੇ ਹਰੇਕ ਵਰਗ ਲਈ ਉਨ੍ਹਾ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ, ਜਿਸ ਕਰਕੇ ਕਿਸਾਨ ਯੂਨੀਅਨਾਂ ਸੜਕਾਂ ਬੰਦ ਕਰਕੇ ਲੋਕਾਂ ਲਈ ਪ੍ਰੇਸ਼ਾਨੀ ਖੜ੍ਹੀ ਕਰਨ ਦੀ ਬਜਾਏ ਸਰਕਾਰ ਨਾਲ ਗੱਲਬਾਤ ਦਾ ਰਾਹ ਫੜ ਸਕਦੀਆਂ ਹਨ।





