26 ਤੋਂ ਹਜ਼ਾਰਾਂ ਕਿਸਾਨ ਚੰਡੀਗੜ੍ਹ ਧਰਨੇ ’ਤੇ ਜੁਟਣਗੇ

0
232

ਜਲੰਧਰ, (ਕੇਸਰ) ਸੰਯੁਕਤ ਕਿਸਾਨ ਮੋਰਚਾ ਪੰਜਾਬ ਵਿੱਚ ਸ਼ਾਮਲ 32 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਬੁੱਧਵਾਰ ਹਰਿੰਦਰ ਸਿੰਘ ਲੱਖੋਵਾਲ, ਜੁਗਿੰਦਰ ਸਿੰਘ ਉਗਰਾਹਾਂ ਅਤੇ ਬੂਟਾ ਸਿੰਘ ਬੁਰਜ ਗਿੱਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਨੁਮਾਇੰਦੇ ਵੀ ਸ਼ਾਮਲ ਹੋਏ। ਇਸ ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ ’ਤੇ ਸਾਰੇ ਸੂਬਿਆਂ ਦੀਆਂ ਰਾਜਧਾਨੀਆਂ ਵਿੱਚ 26 ਤੋਂ 28 ਨਵੰਬਰ ਤੱਕ ਕੀਤੇ ਜਾਣ ਵਾਲੇ ਪ੍ਰਦਰਸ਼ਨਾਂ ਦੇ ਅੰਗ ਵਜੋਂ ਚੰਡੀਗੜ੍ਹ ਵਿਖੇ ਲੱਗਣ ਵਾਲੇ ਤਿੰਨ ਰੋਜ਼ਾ ਮੋਰਚੇ ਦੀਆਂ ਤਿਆਰੀਆਂ ਅਤੇ ਰੂਟ ਨੂੰ ਅੰਤਮ ਛੋਹਾਂ ਦਿੱਤੀਆਂ ਗਈਆਂ।
ਪ੍ਰਧਾਨਗੀ ਮੰਡਲ ਨੇ ਦੱਸਿਆ ਕਿ ਸਾਰੇ ਪੰਜਾਬ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਨੌਜਵਾਨ, ਕਿਸਾਨ ਅਤੇ ਬੀਬੀਆਂ ਟਰੈਕਟਰ, ਟਰਾਲੀਆਂ ਅਤੇ ਗੱਡੀਆਂ ਰਾਹੀਂ ਚੰਡੀਗੜ੍ਹ ਪਹੁੰਚਣਗੇ। ਕਿਸਾਨ ਆਈਸ਼ਰ ਚੌਕ ਤੋਂ ਟਿ੍ਰਬਿਊਨ ਚੌਕ ਵਾਲੀ ਸੜਕ ਤੋਂ ਆਉਣਗੇ।
ਆਗੂਆਂ ਦੱਸਿਆ ਕਿ ਸਾਰੀਆਂ ਕਿਸਾਨ ਜਥੇਬੰਦੀਆਂ ਇਸ ਪ੍ਰੋਗਰਾਮ ਦੀ ਤਿਆਰੀ ਲਈ ਪਿੰਡਾਂ ਵਿੱਚ ਮੁਹਿੰਮ ਚਲਾ ਰਹੀਆਂ ਹਨ। ਟਰਾਲੀਆਂ ਸਜਾਈਆਂ ਜਾ ਰਹੀਆਂ ਹਨ ਅਤੇ ਰਾਸ਼ਨ ਇਕੱਠਾ ਕੀਤਾ ਜਾ ਰਿਹਾ ਹੈ। ਲੱਗਭੱਗ ਸਾਰੇ ਪੰਜਾਬ ਦੇ ਟਰੈਕਟਰ-ਟਰਾਲੀਆਂ 25 ਨਵੰਬਰ ਨੂੰ ਹੀ ਚੰਡੀਗੜ੍ਹ ਵੱਲ ਰਵਾਨਾ ਹੋਣਗੇ। ਇਸ ਤਰ੍ਹਾਂ ਇੱਕ ਵਾਰ ਫੇਰ ਦਿੱਲੀ ਅੰਦੋਲਨ ਵਾਲਾ ਮਾਹੌਲ ਬਣਨ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਮੀਟਿੰਗ ਵਿੱਚ ਪ੍ਰੋਗਰਾਮ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਪ੍ਰੈੱਸ ਕਮੇਟੀ, ਸੰਚਾਲਨ ਕਮੇਟੀ ਅਤੇ ਵੱਖ-ਵੱਖ ਦਿਨਾਂ ਲਈ ਪ੍ਰਧਾਨਗੀ ਮੰਡਲ ਬਣਾਏ ਗਏ।
ਕਿਸਾਨ ਆਗੂਆਂ ਦੱਸਿਆ ਕਿ ਦਿੱਲੀ ਮੋਰਚੇ ਵੇਲੇ ਕੇਂਦਰ ਸਰਕਾਰ ਨੇ ਜੋ ਵਾਅਦੇ ਕੀਤੇ ਸਨ, ਉਹ ਪੂਰੇ ਨਹੀਂ ਕੀਤੇ ਗਏ। ਇਸ ਲਈ ਸੰਯੁਕਤ ਕਿਸਾਨ ਮੋਰਚਾ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਸਾਰੇ ਰਾਜਾਂ ਦੀਆਂ ਰਾਜਧਾਨੀਆਂ ਵਿੱਚ ਇਹ ਪ੍ਰਦਰਸ਼ਨ ਕਰ ਕੇ ਕੇਂਦਰ ਸਰਕਾਰ ਤੋਂ ਮੰਗ ਕਰੇਗਾ ਕਿ ਸਾਰੀਆਂ ਫਸਲਾਂ ਦੀ ਐੱਮ ਐੱਸ ਪੀ ਸਵਾਮੀਨਾਥਨ ਕਮਿਸ਼ਨ ਦੀ ਫਾਰਮੂਲੇ ਅਨੁਸਾਰ ਸੀ-2+50 ਫੀਸਦੀ ਦੇ ਫਾਰਮੂਲੇ ਨਾਲ ਖਰੀਦ ਦੀ ਗਾਰੰਟੀ ਦਾ ਕਾਨੂੰਨ ਬਣਾਓ, ਸਰਕਾਰਾਂ ਦੀਆਂ ਕਿਸਾਨ ਮਾਰੂ ਨੀਤੀਆਂ ਕਾਰਨ ਕਿਸਾਨਾਂ ਸਿਰ ਚੜ੍ਹਿਆ ਸਾਰਾ ਕਰਜ਼ਾ ਰੱਦ ਕਰੋ, ਲਖੀਮਪੁਰ ਖੀਰੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਓ, ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਣੀ ਨੂੰ ਅਹੁਦੇ ਤੋਂ ਬਰਖਾਸਤ ਕਰ ਕੇ ਸਜ਼ਾ ਦਿਓ, ਦਿੱਲੀ ਅੰਦੋਲਨ ਦੌਰਾਨ ਕਿਸਾਨਾਂ ’ਤੇ ਬਣਾਏ ਸਾਰੇ ਕੇਸ ਰੱਦ ਕਰੋ, ਬਿਜਲੀ ਸੋਧ ਬਿੱਲ ਨੂੰ ਚੋਰਮੋਰੀਆਂ ਰਾਹੀਂ ਲਾਗੂ ਕਰਨਾ ਬੰਦ ਕਰੋ, 60 ਸਾਲ ਤੋਂ ਵੱਧ ਉਮਰ ਦੇ ਸਾਰੇ ਕਿਸਾਨਾਂ ਨੂੰ 10 ਹਜ਼ਾਰ ਰੁਪਏ ਮਹੀਨਾ ਪੈਨਸ਼ਨ ਦਿਓ, ਨਿਊਜ਼ਕਲਿੱਕ ਖਿਲਾਫ ਦਰਜ ਕੀਤੀ ਐੱਫ ਆਈ ਆਰ ਰੱਦ ਕਰੋ ਅਤੇ ਕਿਸਾਨ ਘੋਲ ਨੂੰ ਦੇਸ਼ ਵਿਰੋਧੀ ਕਹਿਣਾ ਬੰਦ ਕਰੋ, ਖੇਤੀ ਨੂੰ ਕਾਰਪੋਰੇਟਾਂ ਕੋਲ ਵੇਚਣ ਦੀਆਂ ਸਾਰੀਆਂ ਨੀਤੀਆਂ ਰੱਦ ਕਰੋ, ਪਬਲਿਕ ਸੈਕਟਰ ਬਹਾਲ ਕਰੋ ਅਤੇ ਨਿੱਜੀਕਰਨ ਦੀਆਂ ਨੀਤੀਆਂ ਬੰਦ ਕਰੋ।
ਇਸ ਤੋਂ ਇਲਾਵਾ ਪੰਜਾਬ ਸਰਕਾਰ ਤੋਂ ਮੋਰਚੇ ਨੇ ਪੰਜਾਬ ਵਿੱਚ ਹੜ੍ਹਾਂ ਨਾਲ ਅਤੇ ਗੜੇਮਾਰੀ ਨਾਲ ਤਬਾਹ ਹੋਈਆਂ ਫਸਲਾਂ ਦਾ ਮੁਆਵਜ਼ਾ ਦਿੱਤੇ ਜਾਣ, ਝੋਨੇ ਤੋਂ ਖਹਿੜਾ ਛੁਡਵਾਉਣ ਲਈ ਸਬਜ਼ੀਆਂ, ਮੱਕੀ, ਮੂੰਗੀ, ਗੰਨਾ ਅਤੇ ਹੋਰ ਫਸਲਾਂ ਦੀ ਐੱਮ ਐੱਸ ਪੀ ਤੇ ਖਰੀਦ ਦੀ ਗਾਰੰਟੀ ਦੇਣ, ਕਿਸਾਨਾਂ ਦਾ ਸਾਰਾ ਕਰਜ਼ਾ ਰੱਦ ਕਰਨ, ਗੰਨੇ ਦਾ ਭਾਅ 450 ਰੁਪਏ ਪ੍ਰਤੀ ਕੁਇੰਟਲ ਦੇਣ, ਗੰਨਾ ਕਿਸਾਨਾਂ ਦਾ ਰਹਿੰਦਾ ਬਕਾਇਆ ਜਾਰੀ ਕਰਨ, ਆਬਾਦਕਾਰ ਕਿਸਾਨਾਂ ਤੋਂ ਜ਼ਮੀਨਾਂ ਖੋਹਣੀਆਂ ਬੰਦ ਕਰ ਕੇ ਉਹਨਾਂ ਨੂੰ ਮਾਲਕੀ ਦੇ ਹੱਕ ਦਿੱਤੇ ਜਾਣ, ਚਿਪ ਵਾਲੇ ਮੀਟਰ ਲਾਉਣੇ ਬੰਦ ਕੀਤੇ ਜਾਣ, ਪਰਾਲੀ ਸਾੜਨ ਕਰਕੇ ਕਿਸਾਨਾਂ ਖਿਲਾਫ ਦਰਜ ਕੀਤੇ ਕੇਸ, ਰੈੱਡ ਐਂਟਰੀਆਂ ਅਤੇ ਹੋਰ ਸਾਰੀਆਂ ਕਾਰਵਾਈਆਂ ਰੱਦ ਕਰਨ, ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਵਾਰਾਂ ਨੂੰ ਮੁਆਵਜ਼ਾ ਅਤੇ ਨੌਕਰੀਆਂ ਦੇਣ ਦੀ ਮੰਗ ਕੀਤੀ ਹੈ।
ਪ੍ਰਧਾਨਗੀ ਮੰਡਲ ਨੇ ਦੱਸਿਆ ਕਿ ਕੇਂਦਰ ਸਰਕਾਰ ਨਾਲ ਸੰਬੰਧਤ ਮੰਗਾਂ ਦਾ ਮੰਗ ਪੱਤਰ ਗਵਰਨਰ ਪੰਜਾਬ ਨੂੰ ਦੇਣ ਲਈ ਕਿਸਾਨ ਚੰਡੀਗੜ੍ਹ ਆ ਰਹੇ ਹਨ ਅਤੇ ਪੰਜਾਬ ਸਰਕਾਰ ਤੋਂ ਉਪਰੋਕਤ ਮੰਗਾਂ ਮਨਵਾਉਣ ਲਈ ਵੀ ਜ਼ੋਰ ਪਾਉਣਗੇ। ਜੇਕਰ ਕਿਸਾਨਾਂ ਨੂੰ ਪਿੰਡਾਂ ਤੋਂ ਚੱਲਣ ਸਮੇਂ ਰੋਕਣ ਦੀ ਕੋਸ਼ਿਸ਼ ਕੀਤੀ ਗਈ ਜਾਂ ਕੋਈ ਹੋਰ ਜਬਰ ਜਿਵੇਂ ਗਿ੍ਰਫਤਾਰੀਆਂ ਵਗੈਰਾ ਦੀ ਕੋਸ਼ਿਸ਼ ਕੀਤੀ ਗਈ ਤਾਂ ਸਰਕਾਰ ਨੂੰ ਕਿਸਾਨਾਂ ਦੇ ਭਾਰੀ ਰੋਹ ਦਾ ਸਾਹਮਣਾ ਕਰਨਾ ਪਵੇਗਾ।
ਮੀਟਿੰਗ ਵਿੱਚ ਭਾਰਤੀ ਕਿਸਾਨ ਯੂਨੀਅਨ ਦੁਆਬਾ ਤੋਂ ਸਤਨਾਮ ਸਿੰਘ ਸਾਹਨੀ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਤੋਂ ਮਨਜੀਤ ਸਿੰਘ ਧਨੇਰ, ਬੀ ਕੇ ਯੂ ਏਕਤਾ ਮਾਲਵਾ ਤੋਂ ਗੁਰਵਿੰਦਰ ਸਿੰਘ ਬੱਲ੍ਹੋ, ਬੀ ਕੇ ਯੂ ਪੰਜਾਬ ਤੋਂ ਸੁੱਖ ਗਿੱਲ ਮੋਗਾ, ਕਿਰਤੀ ਕਿਸਾਨ ਯੂਨੀਅਨ ਤੋਂ ਰਾਮਿੰਦਰ ਸਿੰਘ ਪਟਿਆਲਾ, ਕੌਮੀ ਕਿਸਾਨ ਯੂਨੀਅਨ ਤੋਂ ਬਿੰਦਰ ਸਿੰਘ ਗੋਲੇਵਾਲਾ, ਜਮਹੂਰੀ ਕਿਸਾਨ ਸਭਾ ਤੋਂ ਸਤਨਾਮ ਸਿੰਘ ਅਜਨਾਲਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਤੋਂ ਗੁਰਮੀਤ ਸਿੰਘ ਮਹਿਮਾ, ਕੁੱਲ ਹਿੰਦ ਕਿਸਾਨ ਫੈਡਰੇਸ਼ਨ ਤੋਂ ਕਿਰਨਜੀਤ ਸੇਖੋਂ, ਪੰਜਾਬ ਕਿਸਾਨ ਯੂਨੀਅਨ ਤੋਂ ਰੁਲਦੂ ਸਿੰਘ ਮਾਨਸਾ, ਬੀ ਕੇ ਯੂ ਡਕੌਂਦਾ ਤੋਂ ਬੂਟਾ ਸਿੰਘ ਬੁਰਜ ਗਿੱਲ, ਕੁੱਲ ਹਿੰਦ ਕਿਸਾਨ ਸਭਾ ਅਜੈ ਭਵਨ ਤੋਂ ਬਲਦੇਵ ਸਿੰਘ ਨਿਹਾਲਗੜ੍ਹ, ਬੀ ਕੇ ਯੂ ਲੱਖੋਵਾਲ ਤੋਂ ਹਰਿੰਦਰ ਸਿੰਘ ਲੱਖੋਵਾਲ, ਮਹਿਲਾ ਕਿਸਾਨ ਯੂਨੀਅਨ ਤੋਂ ਰਾਜਵਿੰਦਰ ਕੌਰ, ਕਿਸਾਨ ਮਾਝਾ ਸੰਘਰਸ਼ ਕਮੇਟੀ ਗੁਰਪ੍ਰੀਤ ਸਿੰਘ ਬੋਪਾਰਾਏ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਤੋਂ ਅਮੋਲਕ ਸਿੰਘ ਤਰਨ ਤਾਰਨ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਤੋਂ ਹਰਮੀਤ ਸਿੰਘ ਕਾਦੀਆਂ, ਕੁਲ ਹਿੰਦ ਕਿਸਾਨ ਸਭਾ ਦੇ ਰੂਪ ਬਸੰਤ ਸਿੰਘ ਅਤੇ ਕਿਰਤੀ ਕਿਸਾਨ ਮੋਰਚਾ ਦੇ ਜਗਮਨਦੀਪ ਸਿੰਘ ਸਮੇਤ ਹੋਰ ਵੀ ਜਥੇਬੰਦੀਆਂ ਦੇ ਨੁਮਾਇੰਦੇ ਹਾਜ਼ਰ ਸਨ।

LEAVE A REPLY

Please enter your comment!
Please enter your name here