ਚੰਡੀਗੜ੍ਹ (ਗੁਰਜੀਤ ਬਿੱਲਾ)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਮਗਾਰਡ ਦੇ ਜਵਾਨ ਜਸਪਾਲ ਸਿੰਘ ਦੀ ਮੌਤ ਉਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਕਰਦਿਆਂ ਉਸ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਦੋ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਸਪਾਲ ਸਿੰਘ ਦੀ ਸੁਲਤਾਨਪੁਰ ਲੋਧੀ ਵਿਖੇ ਆਪਣੀ ਡਿਊਟੀ ਨਿਭਾਉਂਦੇ ਸਮੇਂ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਦੋ ਕਰੋੜ ਦੀ ਰਾਸ਼ੀ ਵਿੱਚੋਂ ਸੂਬਾ ਸਰਕਾਰ ਵੱਲੋਂ ਇਕ ਕਰੋੜ ਰਪਏ ਐਕਸ-ਗ੍ਰੇਸ਼ੀਆ ਵਜੋਂ ਜਦਕਿ ਇਕ ਕਰੋੜ ਰੁਪਏ ਐਚ.ਡੀ.ਐਫ.ਸੀ. ਵੱਲੋਂ ਬੀਮਾ ਰਾਸ਼ੀ ਵਜੋਂ ਦਿੱਤੇ ਜਾਣਗੇ। ਇਹ ਉਪਰਾਲਾ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਇਸ ਸਪੂਤ ਦੇ ਮਹਾਨ ਯੋਗਦਾਨ ਦੇ ਸਤਿਕਾਰ ਵਿੱਚ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਥਿਆਰਬੰਦ ਸੈਨਾਵਾਂ, ਨੀਮ ਫੌਜੀ ਬਲਾਂ ਅਤੇ ਪੁਲਿਸ ਦੀ ਭਲਾਈ ਲਈ ਵਚਨਬੱਧ ਹੈ ਜਿਸ ਦੇ ਤਹਿਤ ਜਸਪਾਲ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਨਿਮਾਣੇ ਜਿਹੇ ਉਪਰਾਲੇ ਨਾਲ ਜਿੱਥੇ ਪੀੜਤ ਪਰਿਵਾਰ ਨੂੰ ਮਦਦ ਮਿਲੇਗੀ, ਉਥੇ ਹੀ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਇਆ ਜਾ ਸਕੇਗਾ।
ਘਟਨਾ ਮੰਦਭਾਗੀ : ਧਾਮੀ
ਅੰਮਿ੍ਰਤਸਰ (ਜਸਬੀਰ ਸਿੰਘ ਪੱਟੀ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਯਾਦਗਾਰ ਨਵਾਬ ਕਪੂਰ ਸਿੰਘ ਛਾਉਣੀ ਨਿਹੰਗ ਸਿੰਘਾਂ ਸੁਲਤਾਨਪੁਰ ਲੋਧੀ ਵਿਖੇ ਹੋਏ ਟਕਰਾਅ ਦੀ ਘਟਨਾ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਅੰਦਰ ਅਜਿਹੀ ਘਟਨਾ ਦੁਖਦਾਈ ਹੈ। ਗੁਰਦੁਆਰਾ ਸਾਹਿਬਾਨ ਅਤੇ ਸਿੱਖ ਜਥੇਬੰਦੀਆਂ ਦੇ ਅਸਥਾਨਾਂ ਨਾਲ ਸੰਗਤ ਦੀਆਂ ਭਾਵਨਾਵਾਂ ਜੁੜੀਆਂ ਹੁੰਦੀਆਂ ਹਨ, ਜਿਥੇ ਟਕਰਾਅ ਵਾਲੀ ਅਤੇ ਤਲਖ਼ ਸਥਿਤੀ ਠੀਕ ਨਹੀਂ ਹੈ। ਉਨ੍ਹਾਂ ਸਬੰਧਤ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਮਾਮਲੇ ਨੂੰ ਮਿਲ ਬੈਠ ਕੇ ਹੱਲ ਕਰਨ, ਕਿਉਂਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨਾਲ ਸਬੰਧਤ ਸਮਾਗਮ ਸੁਲਤਾਨਪੁਰ ਲੋਧੀ ਵਿਖੇ ਸਥਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਅੰਦਰ ਸ਼ਰਧਾ ਤੇ ਸਤਿਕਾਰ ਨਾਲ ਮਨਾਏ ਜਾ ਰਹੇ ਹਨ। 27 ਨਵੰਬਰ ਨੂੰ ਪ੍ਰਕਾਸ਼ ਗੁਰਪੁਰਬ ਦੇ ਮੱਦੇਨਜ਼ਰ ਵੱਡੀ ਗਿਣਤੀ ਵਿਚ ਸੰਗਤਾਂ ਲਗਤਾਰ ਗੁਰਦੁਆਰਾ ਸਾਹਿਬਾਨ ਅੰਦਰ ਪਹੁੰਚ ਰਹੀਆਂ ਹਨ, ਜਿਨ੍ਹਾਂ ਦੀਆਂ ਭਾਵਨਾਵਾਂ ਅਤੇ ਸ਼ਰਧਾ ਨੂੰ ਠੇਸ ਨਹੀਂ ਪਹੁੰਚਣੀ ਚਾਹੀਦੀ।





