ਮਾਨ ਤੇ ਕਿਸਾਨਾਂ ਵਿਚਾਲੇ ਗੱਲਬਾਤ ਸਫਲ, ਧਰਨਾ ਖਤਮ

0
225

ਚੰਡੀਗੜ੍ਹ (ਗੁਰਜੀਤ ਬਿੱਲਾ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਕਿਹਾ ਕਿ ਸੂਬਾ ਸਰਕਾਰ ਆਉਣ ਵਾਲੇ ਸਮੇਂ ‘ਚ ਵੀ ਗੰਨਾ ਕਾਸ਼ਤਕਾਰਾਂ ਨੂੰ ਸਭ ਤੋਂ ਵੱਧ ਭਾਅ ਦੇਣਾ ਜਾਰੀ ਰੱਖੇਗੀ | ਇੱਥੇ ਪੰਜਾਬ ਭਵਨ ‘ਚ ਕਿਸਾਨ ਜਥੇਬੰਦੀਆਂ ਨਾਲ ਵਿਚਾਰ-ਵਟਾਂਦਰੇ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਗੰਨਾ ਕਾਸ਼ਤਕਾਰਾਂ ਨੂੰ ਵੱਧ ਕੀਮਤ ਦੇਣ ‘ਚ ਹਮੇਸ਼ਾ ਪਹਿਲੇ ਨੰਬਰ ‘ਤੇ ਰਹੀ ਹੈ ਅਤੇ ਹੁਣ ਵੀ ਇਹੀ ਰੁਝਾਨ ਜਾਰੀ ਰਹੇਗਾ | ਉਨ੍ਹਾ ਕਿਹਾ ਕਿ ਸੂਬਾ ਸਰਕਾਰ ਸਟੇਟ ਐਗਰੀਡ ਪ੍ਰਾਈਸ (ਐਸ ਏ ਪੀ) ਤਹਿਤ ਗੰਨੇ ਦਾ ਭਾਅ 380 ਰੁਪਏ ਪ੍ਰਤੀ ਕੁਇੰਟਲ ਦੇ ਰਹੀ ਸੀ, ਜਿਹੜਾ ਦੇਸ਼ ‘ਚ ਹੁਣ ਤੱਕ ਸਭ ਤੋਂ ਵੱਧ ਸੀ ਪਰ ਹਰਿਆਣਾ ਨੇ ਹਾਲ ਹੀ ‘ਚ ਇਹ ਭਾਅ ਵਧਾ ਕੇ 386 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਹੈ | ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਸ਼ੂਗਰ ਮਿੱਲ ਮਾਲਕਾਂ ਨਾਲ ਮੀਟਿੰਗ ਮਗਰੋਂ ਸੂਬਾ ਸਰਕਾਰ ਜਲਦੀ ਹੀ ਭਾਅ ਵਿੱਚ ਵਾਧਾ ਕਰ ਕੇ ਕਿਸਾਨਾਂ ਨੂੰ ਖ਼ੁਸ਼ਖ਼ਬਰੀ ਦੇਵੇਗੀ | ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ‘ਚ ਪਹਿਲੀ ਦਫ਼ਾ ਸਾਡੀ ਸਰਕਾਰ ਨੇ ਗੰਨਾ ਕਾਸ਼ਤਕਾਰਾਂ ਦੇ ਪਿਛਲੀਆਂ ਸਰਕਾਰਾਂ ਵੱਲੋਂ ਛੱਡੇ ਸਾਰੇ ਬਕਾਇਆ ਦਾ ਭੁਗਤਾਨ ਕਰ ਦਿੱਤਾ ਹੈ | ਉਨ੍ਹਾ ਕਿਹਾ ਕਿ ਸੂਬੇ ‘ਚ 16 ਖੰਡ ਮਿੱਲਾਂ ਹਨ, ਜਿਨ੍ਹਾਂ ਵਿੱਚੋਂ ਨੌਂ ਸਹਿਕਾਰੀ ਖ਼ੇਤਰ ਦੀਆਂ ਹਨ ਅਤੇ ਬਾਕੀ ਪ੍ਰਾਈਵੇਟ ਖ਼ੇਤਰ ਨਾਲ ਸੰਬੰਧਤ ਹਨ | ਮਾਨ ਨੇ ਕਿਹਾ ਕਿ ਸਿਰਫ਼ ਫਗਵਾੜਾ ਤੇ ਧੂਰੀ ਦੀਆਂ ਦੋ ਪ੍ਰਾਈਵੇਟ ਮਿੱਲਾਂ ਦੀ ਅਦਾਇਗੀ ਬਕਾਇਆ ਹੈ | ਇਨ੍ਹਾਂ ਮਿੱਲਾਂ ਤੋਂ ਪੈਸੇ ਦੀ ਰਿਕਵਰੀ ਲਈ ਕਾਰਵਾਈ ਚੱਲ ਰਹੀ ਹੈ ਅਤੇ ਇਨ੍ਹਾਂ ਮਿੱਲਾਂ ਦੀਆਂ ਜਾਇਦਾਦਾਂ ਵੇਚਣ ਤੋਂ ਬਾਅਦ ਕਿਸਾਨਾਂ ਨੂੰ ਅਦਾਇਗੀ ਕੀਤੀ ਜਾਵੇਗੀ |
ਮੁੱਖ ਮੰਤਰੀ ਨੇ ਸਪੱਸ਼ਟ ਆਖਿਆ ਕਿ ਸਮਾਜ ਦੇ ਕਿਸੇ ਵੀ ਵਰਗ ਨਾਲ ਗੱਲਬਾਤ ਲਈ ਸਾਡੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ ਪਰ ਪ੍ਰਦਰਸ਼ਨਾਂ ਦੇ ਨਾਂਅ ‘ਤੇ ਆਮ ਆਦਮੀ ਦੀ ਖੱਜਲ-ਖੁਆਰੀ ਬਿਲਕੁੱਲ ਬਰਦਾਸ਼ਤ ਨਹੀਂ ਹੋਵੇਗੀ | ਉਨ੍ਹਾ ਕਿਹਾ ਕਿ ਇਸ ਰੁਝਾਨ ਨੂੰ ਠੱਲ੍ਹ ਪਾਉਣ ਦੀ ਲੋੜ ਹੈ ਤਾਂ ਜੋ ਪ੍ਰਦਰਸ਼ਨਾਂ ਕਾਰਨ ਆਮ ਜਨਤਾ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਨਾਲ ਹੀ ਕਿਹਾ ਕਿ ਇਹ ਖ਼ੁਸ਼ੀ ਦੀ ਗੱਲ ਹੈ ਕਿ ਕਿਸਾਨ ਜਥੇਬੰਦੀਆਂ ਨੇ ਇਸ ਦਾ ਹਾਂ-ਪੱਖੀ ਹੁੰਗਾਰਾ ਭਰਿਆ ਹੈ | ਮਾਨ ਨੇ ਕਿਹਾ ਕਿ ਸਰਕਾਰ ਸਮਾਜ ਦੇ ਵੱਖ-ਵੱਖ ਵਰਗਾਂ ਦੇ ਮਸਲਿਆਂ ਦਾ ਗੱਲਬਾਤ ਰਾਹੀਂ ਹੱਲ ਕਰਨ ਲਈ ਹਮੇਸ਼ਾ ਤਿਆਰ ਹੈ ਅਤੇ ਸੜਕਾਂ ਤੇ ਰੇਲਾਂ ਰੋਕ ਕੇ ਆਮ ਆਦਮੀ ਨੂੰ ਖੱਜਲ-ਖੁਆਰ ਕਰਨ ਦੇ ਰੁਝਾਨ ਨੂੰ ਜ਼ਰੂਰ ਤਿਆਗਿਆ ਜਾਵੇ | ਉਨ੍ਹਾ ਕਿਹਾ ਕਿ ਇਹ ਤਸੱਲੀ ਵਾਲੀ ਗੱਲ ਹੈ ਕਿ ਕਿਸਾਨਾਂ ਨੇ ਵਡੇਰੇ ਜਨਤਕ ਹਿੱਤ ਵਿੱਚ ਰੇਲ ਤੇ ਸੜਕੀ ਆਵਾਜਾਈ ਖੋਲ੍ਹਣ ਦਾ ਫੈਸਲਾ ਕੀਤਾ ਹੈ | ਮੁੱਖ ਮੰਤਰੀ ਨੇ ਕਿਹਾ ਕਿ ਵਿਚਾਰ-ਵਟਾਂਦਰੇ ਦੀ ਪ੍ਰਕਿਰਿਆ ‘ਚ ਕੋਈ ਵੀ ਜੇਤੂ ਜਾਂ ਹਾਰਿਆ ਹੋਇਆ ਨਹੀਂ ਹੁੰਦਾ ਕਿਉਂਕਿ ਹਰੇਕ ਫੈਸਲਾ ਸੂਬੇ ਦੀ ਭਲਾਈ ਯਕੀਨੀ ਬਣਾਉਣ ਦੇ ਉਦੇਸ਼ ਨਾਲ ਹੁੰਦਾ ਹੈ | ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ‘ਚ ਪਰਾਲੀ ਫੂਕਣ ਦੇ ਖ਼ਤਰੇ ਨੂੰ ਠੱਲ੍ਹ ਪਾਉਣ ਲਈ ਪੁਰਜ਼ੋਰ ਕੋਸ਼ਿਸ਼ਾਂ ਕੀਤੀਆਂ | ਉਨ੍ਹਾ ਕਿਹਾ ਕਿ ਇਹ ਕਿੰਨੀ ਅਜੀਬ ਗੱਲ ਹੈ ਕਿ ਏਨੀਆਂ ਕੋਸ਼ਿਸ਼ਾਂ ਦੇ ਬਾਵਜੂਦ ਦਿੱਲੀ ‘ਚ ਹਵਾ ਦੀ ਗੁਣਵੱਤਾ ਖ਼ਰਾਬ ਹੋਣ ਲਈ ਪੰਜਾਬ ਨੂੰ ਦੋਸ਼ੀ ਠਹਿਰਾਇਆ ਜਾ ਰਿਹਾ ਹੈ | ਮਾਨ ਨੇ ਕਿਹਾ ਕਿ ਇਹ ਕਿੰਨੀ ਨਾਵਾਜਬ ਗੱਲ ਹੈ ਕਿ ਪੰਜਾਬ ਨੇ ਉਹ ਸਭ ਕੁਝ ਕੀਤਾ, ਜਿਹੜਾ ਇਸ ਖ਼ਤਰੇ ਨੂੰ ਰੋਕਣ ਲਈ ਦੂਜੇ ਸੂਬਿਆਂ ਨੇ ਕੀਤਾ ਪਰ ਫਿਰ ਵੀ ਬਿਨਾਂ ਕਿਸੇ ਕਾਰਨ ਪੰਜਾਬ ਨੂੰ ਬਦਨਾਮ ਕੀਤਾ ਜਾ ਰਿਹਾ ਹੈ | ਮੁੱਖ ਮੰਤਰੀ ਨੇ ਪਰਾਲੀ ਨਾ ਫੂਕਣ ਅਤੇ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਤ ਕਰਨ ਲਈ ਕਿਸਾਨਾਂ ਨੂੰ ਵਿੱਤੀ ਲਾਭ ਦੇਣ ਦੀ ਵਕਾਲਤ ਕੀਤੀ | ਉਨ੍ਹਾ ਕਿਹਾ ਕਿ ਕਿਸਾਨਾਂ ਨੂੰ ਬਦਲਵੀਆਂ ਫ਼ਸਲਾਂ ਉਤੇ ਵੀ ਘੱਟੋ-ਘੱਟ ਸਮਰਥਨ ਮੁੱਲ (ਐਮ ਐਸ ਪੀ) ਦਿੱਤਾ ਜਾਵੇ ਤਾਂ ਕਿ ਉਨ੍ਹਾਂ ਦੀ ਆਮਦਨ ‘ਚ ਵਾਧਾ ਹੋਵੇ | ਮਾਨ ਨੇ ਕਿਹਾ ਕਿ ਇਸ ਨਾਲ ਕਿਸਾਨ ਕਣਕ ਤੇ ਝੋਨੇ ਦੇ ਫ਼ਸਲੀ ਚੱਕਰ ‘ਚੋਂ ਨਿਕਲਣ ਲਈ ਉਤਸ਼ਾਹਤ ਹੋਣਗੇ ਅਤੇ ਉਨ੍ਹਾਂ ਦੀ ਆਮਦਨ ਵੀ ਵਧੇਗੀ | ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਸੁਚੇਤ ਕੀਤਾ ਕਿ ਉਹ ਝੋਨੇ ਉਤੇ ਐਮ ਐਸ ਪੀ ਖ਼ਤਮ ਕਰਨ ਬਾਰੇ ਕਿਸਾਨਾਂ ਨੂੰ ਧਮਕਾਉਣਾ ਛੱਡੇ | ਉਨ੍ਹਾ ਕਿਹਾ ਕਿ ਇਸ ਦੀ ਬਜਾਏ ਕੇਂਦਰ ਸਰਕਾਰ ਪਰਾਲੀ ਫੂਕਣ ਦੀ ਸਮੱਸਿਆ ਖ਼ਤਮ ਕਰਨ ਲਈ ਕੋਈ ਟਿਕਾਊ ਹੱਲ ਲੱਭਣ ਲਈ ਦਖ਼ਲ ਦੇਵੇ ਕਿਉਂਕਿ ਇਹ ਹੁਣ ਪੂਰੇ ਉੱਤਰ ਭਾਰਤ ਅਤੇ ਮੱਧ ਭਾਰਤ ਦੀ ਸਮੱਸਿਆ ਹੈ | ਮਾਨ ਨੇ ਟਿੱਪਣੀ ਕੀਤੀ ਕਿ ਜੇ ਪ੍ਰਧਾਨ ਮੰਤਰੀ ਰੂਸ ਤੇ ਯੂਕਰੇਨ ਵਿਚਾਲੇ ਚੱਲ ਰਹੇ ਸੰਕਟ ਨੂੰ ਹੱਲ ਕਰਨ ਦੀ ਸ਼ੇਖ਼ੀ ਮਾਰ ਸਕਦੇ ਹਨ ਤਾਂ ਇਸ ਦੇ ਮੁਕਾਬਲੇ ਇਹ ਉਨ੍ਹਾਂ ਲਈ ਬਹੁਤ ਛੋਟਾ ਮਸਲਾ ਹੈ ਪਰ ਇਸ ਨਾਲ ਦੇਸ਼ ਦਾ ਵਾਤਾਵਰਣ ਬਚਾਉਣ ‘ਚ ਮਦਦ ਮਿਲੇਗੀ | ਮੁੱਖ ਮੰਤਰੀ ਨੇ ਸਪੱਸ਼ਟ ਆਖਿਆ ਕਿ ਪੰਜਾਬ ਨੇ ਅਨਾਜ ਉਤਪਾਦਨ ‘ਚ ਮੁਲਕ ਨੂੰ ਆਤਮ ਨਿਰਭਰ ਬਣਾਇਆ ਅਤੇ ਕੇਂਦਰ ਸਰਕਾਰ ਨੂੰ ਇਸ ਮਸਲੇ ਉਤੇ ਸੂਬੇ ਦੇ ਮਿਹਨਤੀ ਕਿਸਾਨਾਂ ਨੂੰ ਆਪਣੇ ਰਹਿਮੋ-ਕਰਮ ‘ਤੇ ਨਹੀਂ ਛੱਡਣਾ ਚਾਹੀਦਾ | ਉਨ੍ਹਾ ਕਿਹਾ ਕਿ ਕਿਸਾਨਾਂ ਤੇ ਖੇਤੀਬਾੜੀ ਖ਼ੇਤਰ ਨਾਲ ਮਤਰੇਈ ਮਾਂ ਵਾਲਾ ਵਿਵਹਾਰ ਕਰਨ ਦੀ ਬਜਾਏ ਕੇਂਦਰ ਸਰਕਾਰ ਨੂੰ ਖੇਤੀਬਾੜੀ ਨੂੰ ਲਾਹੇਵੰਦਾ ਧੰਦਾ ਬਣਾਉਣ ਲਈ ਕੋਸ਼ਿਸ਼ਾਂ ਕਰਨੀਆਂ ਚਾਹੀਦੀਆਂ ਹਨ |
ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਪੰਜਾਬ ਨਾਲ ਸੰਬੰਧਤ ਇਹ ਸਾਰੇ ਮਸਲੇ ਸੰਸਦ ਦੇ ਆਗਾਮੀ ਸੈਸ਼ਨ ‘ਚ ਉਠਾਉਣਗੇ | ਮੁੱਖ ਮੰਤਰੀ ਨੇ ਇਹ ਵੀ ਉਮੀਦ ਜਤਾਈ ਕਿ ਪੰਜਾਬ ਦੇ ਰਾਜਪਾਲ ਸਾਰੇ ਬਕਾਇਆ ਬਿੱਲਾਂ ਨੂੰ ਛੇਤੀ ਮਨਜ਼ੂਰੀ ਦੇਣਗੇ | ਉਨ੍ਹਾ ਕਿਹਾ ਕਿ ਇਸ ਸੰਬੰਧੀ ਸੁਪਰੀਮ ਕੋਰਟ ਨੇ ਸਪੱਸ਼ਟ ਫੈਸਲਾ ਦਿੱਤਾ ਹੈ ਪਰ ਇਸ ਦੇ ਬਾਵਜੂਦ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਬਿੱਲ ਰਾਜਪਾਲ ਕੋਲ ਲੰਬਿਤ ਪਏ ਹਨ | ਮਾਨ ਨੇ ਕਿਹਾ ਕਿ ਸਮਾਂ ਆ ਗਿਆ ਹੈ ਕਿ ਜਦੋਂ ਰਾਜਪਾਲ ਨੂੰ ਆਪਣੇ ਸੰਵਿਧਾਨਕ ਤੇ ਵਿਧਾਨਕ ਫ਼ਰਜ਼ ਨਿਭਾਉਣੇ ਚਾਹੀਦੇ ਹਨ ਤਾਂ ਕਿ ਸੂਬੇ ‘ਚ ਚੁਣੀ ਹੋਈ ਸਰਕਾਰ ਸੁਚਾਰੂ ਤਰੀਕੇ ਨਾਲ ਕੰਮ ਕਰ ਸਕੇ |

LEAVE A REPLY

Please enter your comment!
Please enter your name here