ਚੰਡੀਗੜ੍ਹ (ਗੁਰਜੀਤ ਬਿੱਲਾ)
ਆਮ ਆਦਮੀ ਪਾਰਟੀ (ਆਪ) ਦੀ ਪੰਜਾਬ ਸਰਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੇ ਸ਼ੁੁੱਭ ਮੌਕੇ ’ਤੇ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਸ਼ੁਰੂ ਕਰੇਗੀ। ‘ਆਪ’ ਪੰਜਾਬ ਇਕਾਈ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਧਾਰਮਿਕ ਅਸਥਾਨਾਂ ਦੇ ਮੁਫਤ ਦਰਸ਼ਨ ਕਰਵਾਉਣ ਦਾ ਇਹ ਕਦਮ ਸ਼ਲਾਘਾਯੋਗ ਹੈ। ‘ਆਪ’ ਪੰਜਾਬ ਦੇ ਬੁਲਾਰੇ ਤੇ ਚੇਅਰਮੈਨ ਜਗਤਾਰ ਸਿੰਘ ਸੰਘੇੜਾ ਅਤੇ ਬੁਲਾਰੇ ਹਰਸੁਖਇੰਦਰ ਸਿੰਘ (ਬੱਬੀ ਬਾਦਲ) ਨੇ ਐਤਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦਫਤਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਮੰਤਰੀ ਮੰਡਲ ਨੇ ਇਸ ਸਕੀਮ ਨੂੰ 6 ਨਵੰਬਰ ਨੂੰ ਪ੍ਰਵਾਨਗੀ ਦਿੱਤੀ ਸੀ ਅਤੇ 27 ਨਵੰਬਰ ਤੋਂ 29 ਫਰਵਰੀ ਤੱਕ ਇਹ ਸਕੀਮ ਚਲਾਈ ਜਾਵੇਗੀ। ਉਨ੍ਹਾ ਕਿਹਾ ਕਿ ਇਸ ਦਾ ਮਤਲਬ ਹੈ ਕਿ 13 ਹਫਤਿਆਂ ਤੱਕ ਸ਼ਰਧਾਲੂ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ’ਤੇ ਹਜੂਰ ਸਾਹਿਬ ਨਾਂਦੇੜ, ਪਟਨਾ ਸਾਹਿਬ, ਵਾਰਾਣਸੀ, ਆਨੰਦਪੁਰ ਸਾਹਿਬ, ਤਲਵੰਡੀ ਸਾਬੋ, ਮਾਤਾ ਨੈਣਾ ਦੇਵੀ ਮੰਦਰ ਆਦਿ ਦੇ ਮੁਫਤ ਦਰਸ਼ਨ ਕਰ ਸਕਣਗੇ।
ਸੰਘੇੜਾ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਲੱਗਭੱਗ 53,850 ਸ਼ਰਧਾਲੂਆਂ ਨੂੰ 95 ਦਿਨਾਂ ਤੱਕ ਯਾਤਰਾ ਲਈ ਰੇਲ ਗੱਡੀਆਂ ਅਤੇ ਏ.ਸੀ. ਬੱਸਾਂ, ਰਿਹਾਇਸ਼ ਲਈ ਤਿੰਨ ਸਟਾਰ ਕਮਰੇ, ਮੈਡੀਕਲ ਸਹੂਲਤਾਂ, ਇੱਕ ਕਿੱਟ ਜਿਸ ਵਿੱਚ ਯਾਤਰਾ ਲਈ ਸਾਰੀਆਂ ਲੋੜੀਂਦੀਆਂ ਚੀਜ਼ਾਂ ਸ਼ਾਮਲ ਹੋਣਗੀਆਂ ਆਦਿ ਸਭ ਕੁਝ ਮੁਫਤ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਇਸ ਲਈ 40 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਸ ਸਕੀਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਨੂੰ ਯਕੀਨੀ ਬਣਾਉਣ ਲਈ ਇੱਕ ਮੰਤਰੀ ਪੱਧਰੀ ਕਮੇਟੀ ਵੀ ਬਣਾਈ ਗਈ ਹੈ, ਜਿਸ ਵਿੱਚ ਮੰਤਰੀ ਅਮਨ ਅਰੋੜਾ, ਲਾਲਜੀਤ ਸਿੰਘ ਭੁੱਲਰ ਅਤੇ ਕੁਲਦੀਪ ਸਿੰਘ ਧਾਲੀਵਾਲ ਸ਼ਾਮਲ ਹਨ।





