ਚੰਡੀਗੜ੍ਹ (ਗੁਰਜੀਤ ਬਿੱਲਾ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਥਾਣਾ ਸਦਰ ਫਾਜ਼ਿਲਕਾ ਅਧੀਨ ਪੈਂਦੀ ਪੁਲਸ ਚੌਕੀ ਲਾਧੂਕਾ ਮੰਡੀ ਵਿਖੇ ਤਾਇਨਾਤ ਇੱਕ ਏ ਐੱਸ ਆਈ ਬਲਦੇਵ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਏ ਐੱਸ ਆਈ ਨੂੰ ਪਰਵੀਨ ਕੁਮਾਰ ਵਾਸੀ ਮੰਡੀ ਲਾਧੂਕਾ, ਜ਼ਿਲ੍ਹਾ ਫਾਜ਼ਿਲਕਾ ਵੱਲੋਂ ਦਰਜ ਕਰਵਾਈ ਸ਼ਿਕਾਇਤ ’ਤੇ ਗਿ੍ਰਫਤਾਰ ਕੀਤਾ ਗਿਆ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਕਤ ਪੁਲਸ ਮੁਲਾਜ਼ਮ ਝਗੜੇ ਨਾਲ ਸੰਬੰਧਤ ਪੁਲਸ ਸ਼ਿਕਾਇਤ ਵਿੱਚ ਉਸ ਦਾ ਨਾਂਅ ਸ਼ਾਮਲ ਨਾ ਕਰਨ ਬਦਲੇ ਹੋਰ 10,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਉਕਤ ਛੋਟਾ ਥਾਣੇਦਾਰ ਪਹਿਲਾਂ ਹੀ ਇਸ ਸੰਬੰਧ ਵਿਚ 20,000 ਰੁਪਏ ਲੈ ਚੁੱਕਾ ਹੈ, ਹੁਣ ਉਸ ਨੇ 10,000 ਰੁਪਏ ਦੀ ਵਾਧੂ ਰਿਸ਼ਵਤ ਦੇਣ ਲਈ ਕਿਹਾ ਹੈ। ਸ਼ਿਕਾਇਤਕਰਤਾ ਨੇ ਇਸ ਮਾਮਲੇ ਵਿੱਚ ਪੁਲਸ ਅਧਿਕਾਰੀ ਵੱਲੋਂ ਰਿਸ਼ਵਤ ਦੀ ਮੰਗ ਕਰਦੇ ਸਮੇਂ ਕੀਤੀ ਗਈ ਗੱਲਬਾਤ ਨੂੰ ਰਿਕਾਰਡ ਕਰ ਲਿਆ ਸੀ ਅਤੇ ਇਸ ਮਾਮਲੇ ਵਿੱਚ ਸਬੂਤ ਵਜੋਂ ਵਿਜੀਲੈਂਸ ਨੂੰ ਸੌਂਪ ਦਿੱਤਾ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ ਫਿਰੋਜ਼ਪੁਰ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਏ ਐੱਸ ਆਈ ਬਲਦੇਵ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾ ਦੱਸਿਆ ਕਿ ਏ ਐੱਸ ਆਈ ਖਿਲਾਫ ਵਿਜੀਲੈਂਸ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।





