ਮੁਹਾਲੀ : ਫਸਲਾਂ ਦੇ ਘੱਟੋ-ਘੱਟ ਭਾਅ ਦੀ ਕਾਨੂੰਨੀ ਗਰੰਟੀ ਤੇ ਹੋਰ ਮੰਗਾਂ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਰਾਜਪਾਲ ਨੂੰ ਚੰਡੀਗੜ੍ਹ ਜਾ ਕੇ ਮੰਗ-ਪੱਤਰ ਦੇਣ ਵਾਸਤੇ ਪੰਜਾਬ ਭਰ ਵਿੱਚੋਂ ਪੁੱਜੇ ਹਜ਼ਾਰਾਂ ਕਿਸਾਨ ਸੋਮਵਾਰ ਦੂਜੇ ਦਿਨ ਵੀ ਚੰਡੀਗੜ੍ਹ ਦੀ ਹੱਦ ’ਤੇ ਡਟੇ ਰਹੇ। ਉਨ੍ਹਾ ਜਗਤਪੁਰਾ ਟੀ-ਪੁਆਇੰਟ (ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ) ਉੱਤੇ ਜ਼ਬਰਦਸਤ ਨਾਅਰੇਬਾਜ਼ੀ ਕੀਤੀ।
ਇਸੇ ਦੌਰਾਨ ਕਿਸਾਨ ਜਥੇਬੰਦੀਆਂ ਦੇ ਪ੍ਰਮੁੱਖ ਆਗੂਆਂ ਨੇ ਮੀਟਿੰਗ ਕੀਤੀ। ਬਾਅਦ ਵਿਚ ਦੱਸਿਆ ਗਿਆ ਕਿ ਰਾਜਪਾਲ ਨੇ ਮੰਗਲਵਾਰ 11 ਵਜੇ ਮਿਲਣ ਲਈ ਸੱਦਿਆ ਹੈ। ਆਗੂਆਂ ਕਿਹਾ ਕਿ ਮੰਗਲਵਾਰ ਫਿਰ ਮੀਟਿੰਗ ਕਰਕੇ ਅਗਲਾ ਪ੍ਰੋਗਰਾਮ ਬਣਾਇਆ ਜਾਵੇਗਾ। ਪੰਜਾਬ ਪੁਲਸ ਅਤੇ ਚੰਡੀਗੜ੍ਹ ਪੁਲਸ ਵੱਲੋਂ ਸਖ਼ਤ ਸੁਰੱਖਿਆ ਇੰਤਜ਼ਾਮ ਕੀਤੇ ਗਏ ਹਨ ਅਤੇ ਖ਼ੁਫ਼ੀਆ ਵਿੰਗ ਵੱਲੋਂ ਕਿਸਾਨ ਗਤੀਵਿਧੀਆਂ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਸੀ।