39.2 C
Jalandhar
Saturday, July 27, 2024
spot_img

ਪਹਿਲੀ ਵਾਰ ਲਾਅ ਅਫਸਰਾਂ ਦੀ ਭਰਤੀ ’ਚ ਐੱਸ ਸੀ ਕੋਟਾ : ਚੀਮਾ

ਚੰਡੀਗੜ੍ਹ (ਗੁਰਜੀਤ ਬਿੱਲਾ)-ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਬੁੱਧਵਾਰ ਵਿਧਾਨ ਸਭਾ ਵਿੱਚ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲਾਅ ਅਫਸਰਾਂ ਦੀ ਭਰਤੀ ਲਈ ਜਾਰੀ ਇਸ਼ਤਿਹਾਰ ਵਿੱਚ ਪਹਿਲੀ ਵਾਰੀ 58 ਅਸਾਮੀਆਂ ਅਨੁਸੂਚਿਤ ਜਾਤੀਆਂ ਲਈ ਰਾਖਵੀਆਂ ਰੱਖੀਆਂ ਗਈਆਂ ਹਨ ਅਤੇ 178 ਅਸਾਮੀਆਂ ਜਨਰਲ ਕੈਟਾਗਰੀ ਲਈ ਹਨ।
ਮੁੱਖ ਮੰਤਰੀ ਮਾਨ, ਜਿਨ੍ਹਾ ਕੋਲ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵੀ ਹੈ, ਤਰਫੋਂ ਨਵਾਂ ਸ਼ਹਿਰ ਦੇ ਵਿਧਾਇਕ ਵੱਲੋਂ ਲਿਆਂਦੇ ਧਿਆਨ ਦਿਵਾਊ ਮਤੇ ਦਾ ਜਵਾਬ ਦਿੰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਉਹ ਸ੍ਰੀ ਭਗਵੰਤ ਸਿੰਘ ਮਾਨ ਦੀ ਸੋਚ ਨੂੰ ਸਲਾਮ ਕਰਦੇ ਹਨ, ਜਿਨ੍ਹਾ ਦੀ ਅਗਵਾਈ ਹੇਠ ਇਹ ਅਸਾਮੀਆਂ ਕੁਝ ਦੇਰ ਪਹਿਲਾਂ ਵੀ ਕੱਢੀਆਂ ਗਈਆਂ ਸਨ, ਪਰ ਕੁਝ ਤਕਨੀਕੀ ਕਾਰਨਾਂ ਕਰਕੇ ਇਸ ਬਾਰੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਰਿਟ ਪਟੀਸ਼ਨ ਦਾਖਲ ਹੋ ਗਈ। ਹੁਣ ਦੁਬਾਰਾ ਸਾਰੀਆਂ ਅਸਾਮੀਆਂ ਦੀ ਭਰਤੀ ਲਈ 23 ਨਵੰਬਰ ਨੂੰ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ, ਜਿਸ ਤਹਿਤ ਅਨੁਸੂਚਿਤ ਜਾਤੀਆਂ ਲਈ ਰਾਖਵੀਆਂ ਕੁੱਲ 58 ਅਸਾਮੀਆਂ ਵਿੱਚ 12 ਐਡੀਸ਼ਨਲ ਐਡਵੋਕੇਟ ਜਨਰਲ, 5 ਸੀਨੀਅਰ ਡਿਪਟੀ ਐਡਵੋਕੇਟ ਜਨਰਲ, 16 ਡਿਪਟੀ ਐਡਵੋਕੇਟ ਜਨਰਲ, 23 ਅਸਿਸਟੈਂਟ ਐਡਵੋਕੇਟ ਜਨਰਲ ਅਤੇ 2 ਐਡਵੋਕੇਟ ਆਨ ਰਿਕਾਰਡ ਦੀਆਂ ਅਸਾਮੀਆਂ ਸ਼ਾਮਲ ਹਨ।
ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਕਈ ਵਾਰ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਨੇ ਰਾਜ ਕੀਤਾ, ਪਰ ਸੂਬੇ ਵਿੱਚ 34 ਫੀਸਦੀ ਆਬਾਦੀ ਅਨੁਸੂਚਿਤ ਜਾਤੀ ਦੇ ਲੋਕਾਂ ਦੀ ਹੋਣ ਦੇ ਬਾਵਜੂਦ ਕਿਸੇ ਵੀ ਸਰਕਾਰ ਨੇ ਲਾਅ ਅਫਸਰਾਂ ਦੀ ਨਿਯੁਕਤੀ ਵੇਲੇ ਅਨੁਸੂਚਿਤ ਜਾਤੀਆਂ ਨਾਲ ਸੰਬੰਧਤ ਵਕੀਲਾਂ ਲਈ ਰਾਖਵਾਂਕਰਨ ਨਹੀਂ ਕੀਤਾ। ਉਨ੍ਹਾ ਕਿਹਾ, ‘ਜਦੋਂ ਮੈਂ ਪਹਿਲੀ ਵਾਰ ਵਿਧਾਨ ਸਭਾ ਵਿੱਚ ਚੁਣ ਕੇ ਆਇਆ ਸੀ ਤਾਂ ਉਸ ਸਮੇਂ ਦੀ ਕਾਂਗਰਸ ਸਰਕਾਰ ਪਹਿਲਾ ਬਿੱਲ ਐਡਵੋਕੇਟ ਜਨਰਲ ਦੀ ਅਪਾਇੰਟਮੈਂਟ ਬਾਰੇ ਲੈ ਕੇ ਆਈ ਸੀ ਅਤੇ ਮੈਂ ਪਹਿਲਾ ਪ੍ਰਸ਼ਨ ਇਸ ਮੁਕੱਦਸ ਹਾਊਸ ਵਿੱਚ ਇਨ੍ਹਾਂ ਅਸਾਮੀਆਂ ਦੀ ਰਿਜਰਵੇਸ਼ਨ ਬਾਰੇ ਚੁੱਕਿਆ ਸੀ, ਪਰ ਉਸ ਸਮੇਂ ਕਾਂਗਰਸ ਦੀ ਸਰਕਾਰ ਸੀ, ਜੋ ਮੈਂ ਸਮਝਦਾ ਸਦੀਆਂ ਤੋਂ ਦਲਿਤਾਂ ਦੇ ਨਾਂਅ ’ਤੇ ਵੋਟਾਂ ਲੈ ਕੇ ਧੋਖਾ ਕਰਦੀ ਰਹੀ ਹੈ।’
ਉਹਨਾ ਕਿਹਾ ਕਿ ਇਹ ਪਹਿਲੀ ਸਰਕਾਰ ਹੈ, ਜਿਹੜੀ ਪਹਿਲੀ ਵਾਰ ਪੰਜਾਬ ਦੇ ਉਨ੍ਹਾਂ ਗਰੀਬ ਲੋਕਾਂ ਦੇ ਬੱਚਿਆਂ ਨੂੰ, ਜਿਹੜੇ ਦਿਹਾੜੀ ਕਰਕੇ, ਮਿਹਨਤ-ਮੁਸ਼ੱਕਤ ਕਰਕੇ ਆਪਣੇ ਬੱਚਿਆਂ ਨੂੰ ਵਕੀਲ ਬਣਾਉਂਦੇ ਹਨ ਤੇ ਹਾਇਰ ਐਜੂਕੇਸ਼ਨ ਦਿਵਾਉਂਦੇ ਹਨ, ਲਈ ਰਾਖਵਾਂਕਰਨ ਲੈ ਕੇ ਆਈ ਹੈ। ਉਨ੍ਹਾ ਕਿਹਾ ਕਿ ਕੁਝ ਦਿਨਾਂ ਦੇ ਅੰਦਰ-ਅੰਦਰ ਇਹ ਪੋਸਟਾਂ ਭਰ ਲਈਆਂ ਜਾਣਗੀਆਂ ਅਤੇ ਇਹ ਐਡਵੋਕੇਟ ਹਾਈ ਕੋਰਟ ਵਿੱਚ ਆਪਣੀ ਡਿਊਟੀ ਨਿਭਾਉਣਗੇ।
ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਦਲਿਤ ਭਾਈਚਾਰੇ ਲਈ ਅੱਜ ਇਤਿਹਾਸਕ ਦਿਨ ਹੈ ਅਤੇ ਉਹ ਜਿੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਨਾ ਚਾਹੁੰਦੇ ਹਨ, ਉਥੇ ਹੀ ਇਹ ਧਿਆਨ ਦਿਵਾਊ ਮਤਾ ਲਿਆਉਣ ਲਈ ਮੈਂਬਰ ਸਹਿਬਾਨ ਦਾ ਵੀ ਧੰਨਵਾਦ ਕਰਨਾ ਚਾਹੁੰਦੇ ਹਨ।

Related Articles

LEAVE A REPLY

Please enter your comment!
Please enter your name here

Latest Articles