ਅੰਮਿ੍ਰਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ਰੰਗ ਕਮੇਟੀ ਦੀ ਵੀਰਵਾਰ ਹੋਈ ਹੰਗਾਮੀ ਇਕੱਤਰਤਾ ਵਿਚ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ’ਤੇ ਗੰਭੀਰ ਵਿਚਾਰ ਵਟਾਂਦਰੇ ਮਗਰੋਂ ਇਸ ਸੰਬੰਧੀ ਪੰਥਕ ਧਿਰਾਂ ਦੇ ਨੁਮਾਇੰਦਿਆਂ ਦੀ ਸਲਾਹ ਲੈਣ ਵਾਸਤੇ 2 ਦਸੰਬਰ ਨੂੰ ਇਕੱਤਰਤਾ ਸੱਦਣ ਦਾ ਫੈਸਲਾ ਕੀਤਾ ਗਿਆ। ਅੰਤਿ੍ਰੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ, ਜਿਸ ਵਿਚ ਰਾਜੋਆਣਾ ਵੱਲੋਂ ਭੇਜੇ ਗਏ ਪੱਤਰ ’ਤੇ ਕਰੀਬ ਤਿੰਨ ਘੰਟੇ ਵਿਚਾਰ ਕੀਤਾ ਗਿਆ। ਇਹ ਇਕੱਤਰਤਾ 72 ਘੰਟੇ ਦੇ ਨੋਟਿਸ ’ਤੇ ਇਕ ਨੁਕਾਤੀ ਏਜੰਡੇ ’ਤੇ ਹੀ ਬੁਲਾਈ ਗਈ ਸੀ। ਐਡਵੋਕੇਟ ਧਾਮੀ ਨੇ ਕਿਹਾ ਕਿ ਰਾਜੋਆਣਾ ਵੱਲੋਂ ਭੇਜੇ ਗਏ ਪੱਤਰ ਵਿਚ ਉਨ੍ਹਾ ਸ਼੍ਰੋਮਣੀ ਕਮੇਟੀ ਨੂੰ ਆਪਣੀ ਪਟੀਸ਼ਨ ਨੂੰ ਵਾਪਸ ਲੈਣ ਲਈ ਕਿਹਾ ਸੀ ਅਤੇ ਇਸ ਦੇ ਨਾਲ ਹੀ 5 ਦਸੰਬਰ ਤੋਂ ਭੁੱਖ ਹੜਤਾਲ ਸ਼ੁਰੂ ਕਰਨ ਦੀ ਗੱਲ ਵੀ ਕੀਤੀ ਸੀ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਮਾਮਲਾ ਬੇਹੱਦ ਸੰਜੀਦਾ ਹੈ, ਜਿਸ ’ਤੇ ਪੰਥਕ ਨੁਮਾਇੰਦਿਆਂ ਦੇ ਵਿਚਾਰ ਜਾਣ ਕੇ ਸਾਂਝੀ ਰਾਏ ਅਨੁਸਾਰ ਹੀ ਕੋਈ ਫੈਸਲਾ ਲਿਆ ਜਾ ਸਕਦਾ ਹੈ। 2 ਦਸੰਬਰ ਇਕੱਤਰਤਾ ਵਿਚ ਸ੍ਰੀ ਅਕਾਲ ਤਖ਼ਤ ਦੇ ਆਦੇਸ਼ਾਂ ਅਨੁਸਾਰ ਬੀਤੇ ਸਮੇਂ ਬਣਾਈ ਗਈ 11 ਮੈਂਬਰੀ ਕਮੇਟੀ ਵਿੱਚੋਂ ਕਾਇਮ ਮੈਂਬਰਾਂ ਸਮੇਤ ਕੁਝ ਹੋਰ ਪੰਥਕ ਨੁਮਾਇੰਦਿਆਂ ਨੂੰ ਸੱਦਿਆ ਜਾਵੇਗਾ। ਉਨ੍ਹਾ ਕਿਹਾ ਕਿ ਇਸ ਮਗਰੋਂ ਸ਼੍ਰੋਮਣੀ ਕਮੇਟੀ ਵੱਲੋਂ ਮੁੜ ਅੰਤਿ੍ਰੰਗ ਕਮੇਟੀ ਦੀ ਇਕੱਤਰਤਾ ਕੀਤੀ ਜਾਵੇਗੀ, ਤਾਂ ਜੋ ਪੰਥਕ ਭਾਵਨਾਵਾਂ ਅਨੁਸਾਰ ਹੀ ਠੋਸ ਫੈਸਲਾ ਲਿਆ ਜਾ ਸਕੇ। ਅੰਤਿ੍ਰੰਗ ਕਮੇਟੀ ਇਕੱਤਰਤਾ ਵਿਚ ਰਾਜੋਆਣਾ ਨੂੰ ਆਪਣਾ ਭੁੱਖ ਹੜਤਾਲ ਦਾ ਫੈਸਲਾ ਵਾਪਸ ਲੈਣ ਦੀ ਵੀ ਸਨਿਮਰ ਅਪੀਲ ਕੀਤੀ ਗਈ ਹੈ।