ਗ਼ੈਰ-ਕਾਨੂੰਨੀ ਖਣਨ ਕਰਦੇ 7 ਗਿ੍ਰਫਤਾਰ, ਮਸ਼ੀਨਰੀ ਜ਼ਬਤ

0
278

ਪਠਾਨਕੋਟ (ਦਵਿੰਦਰ ਸਿੰਘ)
ਸਰਕਾਰ ਨੇ ਪਠਾਨਕੋਟ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਸੱਤ ਵਿਅਕਤੀਆਂ ਨੂੰ ਗਿ੍ਰਫ਼ਤਾਰ ਕਰਨ ਸਣੇ ਮਸ਼ੀਨਰੀ ਨੂੰ ਜ਼ਬਤ ਕੀਤਾ ਹੈ।
ਖਣਨ ਅਤੇ ਭੂ-ਵਿਗਿਆਨ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਖਣਨ ਦਾ ਪਤਾ ਲੱਗਣ ’ਤੇ ਤੁਰੰਤ ਕਾਰਵਾਈ ਕਰਦਿਆਂ ਖਣਨ ਅਤੇ ਭੂ-ਵਿਗਿਆਨ ਵਿਭਾਗ ਨੇ ਪੁਲਸ ਵਿਭਾਗ ਨੂੰ ਇਸ ਮਾਮਲੇ ਵਿੱਚ ਐੱਫ.ਆਈ.ਆਰ. ਦਰਜ ਕਰਨ ਲਈ ਕਿਹਾ।
ਦੋ ਵੱਖ-ਵੱਖ ਥਾਵਾਂ ’ਤੇ ਗ਼ੈਰ-ਕਾਨੂੰਨੀ ਢੰਗ ਨਾਲ ਚੱਲ ਰਹੀਆਂ ਖਣਨ ਗਤੀਵਿਧੀਆਂ ਵਿੱਚ ਸ਼ਾਮਲ 7 ਵਿਅਕਤੀਆਂ ਨੂੰ ਮੌਕੇ ’ਤੇ ਗਿ੍ਰਫਤਾਰ ਕਰ ਲਿਆ ਗਿਆ। ਇਸ ਤੋਂ ਇਲਾਵਾ ਕਰੱਸ਼ਿੰਗ ਲਈ ਕੱਚੇ ਮਾਲ ਨਾਲ ਲੱਦੇ ਚਾਰ ਟਿੱਪਰਾਂ, ਇੱਕ ਜੇ.ਸੀ.ਬੀ ਮਸ਼ੀਨ ਸਮੇਤ ਬਜਰੀ-ਗਟਕੇ ਨਾਲ ਲੱਦੇ ਟਰੈਕਟਰ-ਟਰਾਲੀ ਨੂੰ ਵੀ ਜ਼ਬਤ ਕੀਤਾ ਗਿਆ ਹੈ। ਮਾਈਨਿੰਗ ਐਂਡ ਮਿਨਰਲਜ਼ ਐਕਟ ਦੀ ਧਾਰਾ 4(1), 21(1) ਅਤੇ ਆਈ.ਪੀ.ਸੀ. ਦੀ ਧਾਰਾ 379 ਤਹਿਤ ਥਾਣਾ ਮਾਮੂਨ ਅਤੇ ਥਾਣਾ ਨੰਗਲ ਭੂਰ ਵਿਖੇ ਦੋ ਵੱਖ-ਵੱਖ ਮੁਕੱਦਮੇ ਦਰਜ ਕੀਤੇ ਗਏ ਹਨ।
ਜੌੜਾਮਾਜਰਾ ਨੇ ਦੱਸਿਆ ਕਿ ਡੀ.ਐੱਸ.ਪੀ ਸਿਟੀ ਪਠਾਨਕੋਟ ਦੀ ਨਿਗਰਾਨੀ ਹੇਠ ਚਲਾਏ ਗਏ ਆਪ੍ਰੇਸ਼ਨ ਦੌਰਾਨ ਥਾਣਾ ਨੰਗਲ ਭੂਰ ਦੀ ਮਹਿਲਾ ਐੱਸ.ਐੱਚ.ਓ. ਵੱਲੋਂ ਬਹਾਦਰੀ ਨਾਲ ਦਰਿਆ ਪਾਰ ਕਰਕੇ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ। ਅਗਲੇ ਦਿਨਾਂ ਵਿੱਚ ਵੀ ਅਜਿਹੀਆਂ ਕਾਰਵਾਈਆਂ ਤੇਜ਼ੀ ਨਾਲ ਜਾਰੀ ਰਹਿਣਗੀਆਂ ਅਤੇ ਗ਼ੈਰ-ਕਾਨੂੰਨੀ ਖਣਨ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਸ਼ਖਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

LEAVE A REPLY

Please enter your comment!
Please enter your name here