ਨਵੀਂ ਦਿੱਲੀ : ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਵੀਰਵਾਰ ਰਾਜ ਸਭਾ ਵਿਚ ਕਿਹਾ ਕਿ ਸਰਕਾਰ ਹਾਈ ਕੋਰਟਾਂ ਵਿਚ ਜੱਜਾਂ ਦੀਆਂ 112 ਖਾਲੀ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਵਿਚ ਹੈ। ਹਾਈ ਕੋਰਟਾਂ ’ਚ ਜੱਜਾਂ ਦੀ ਕੁਲ ਪ੍ਰਵਾਨਤ ਗਿਣਤੀ 1,114 ਹੈ, ਜਿਨ੍ਹਾਂ ਵਿੱਚੋਂ 790 ਆਸਾਮੀਆਂ ਭਰੀਆਂ ਗਈਆਂ ਹਨ, ਜਦੋਂ ਕਿ 234 ਖਾਲੀ ਹਨ।
ਉਨ੍ਹਾ ਪ੍ਰਸ਼ਨ ਕਾਲ ਦੌਰਾਨ ਸਵਾਲਾਂ ਦੇ ਜਵਾਬ ’ਚ ਕਿਹਾ ਕਿ ਹਾਈ ਕੋਰਟ ਕੋਲੀਜੀਅਮ ਨੇ 292 ਨਾਵਾਂ ਦੀ ਸਿਫਾਰਸ਼ ਕੀਤੀ ਹੈ, ਜਿਨ੍ਹਾਂ ਵਿੱਚੋਂ 110 ਦੀ ਨਿਯੁਕਤੀ ਹੋ ਚੁੱਕੀ ਹੈ, ਜਦਕਿ 112 ਦੀ ਪ੍ਰਕਿਰਿਆ ਚੱਲ ਰਹੀ ਹੈ। ਸੁਪਰੀਮ ਕੋਰਟ ’ਚ ਜੱਜਾਂ ਦੀ ਮਨਜ਼ੂਰਸ਼ੁਦਾ ਸਾਰੀਆਂ 34 ਆਸਾਮੀਆਂ ਭਰੀਆਂ ਹੋਈਆਂ ਹਨ।