ਮੁੰਬਈ : ਭਾਰਤੀ ਰਿਜ਼ਰਵ ਬੈਂਕ (ਆਰ ਬੀ ਆਈ) ਨੇ ਸ਼ੁੱਕਰਵਾਰ ਲਗਾਤਾਰ ਪੰਜਵੀਂ ਵਾਰ ਨੀਤੀਗਤ ਦਰ ਰੈਪੋ ਨੂੰ 6.5 ਫੀਸਦੀ ‘ਤੇ ਬਰਕਰਾਰ ਰੱਖਿਆ | ਨਾਲ ਹੀ ਮੌਜੂਦਾ ਵਿੱਤੀ ਸਾਲ 2023-24 ਲਈ ਆਰਥਿਕ ਵਿਕਾਸ ਦਰ ਦਾ ਅਨੁਮਾਨ 6.5 ਫੀਸਦੀ ਤੋਂ ਵਧਾ ਕੇ 7 ਫੀਸਦੀ ਕਰ ਦਿੱਤਾ ਹੈ, ਜਦੋਂ ਕਿ ਪ੍ਰਚੂਨ ਮਹਿੰਗਾਈ ਦਰ ਦਾ ਅਨੁਮਾਨ 5.4 ਫੀਸਦੀ ‘ਤੇ ਬਰਕਰਾਰ ਰੱਖਿਆ ਹੈ | ਰੈਪੋ ਦਰ ਨੂੰ 6.5 ਫੀਸਦੀ ‘ਤੇ ਬਰਕਰਾਰ ਰੱਖਣ ਦਾ ਮਤਲਬ ਹੈ ਕਿ ਘਰ, ਵਾਹਨ ਸਮੇਤ ਵੱਖ-ਵੱਖ ਕਰਜ਼ਿਆਂ ‘ਤੇ ਮਹੀਨਾਵਾਰ ਕਿਸ਼ਤ (ਈ ਐੱਮ ਆਈ) ‘ਚ ਕੋਈ ਬਦਲਾਅ ਨਹੀਂ ਹੋਵੇਗਾ | ਬੁੱਧਵਾਰ ਨੂੰ ਸ਼ੁਰੂ ਹੋਈ ਮੁਦਰਾ ਨੀਤੀ ਕਮੇਟੀ (ਐੱਮ ਪੀ ਸੀ) ਦੀ ਤਿੰਨ ਦਿਨਾਂ ਬੈਠਕ ‘ਚ ਲਏ ਗਏ ਫੈਸਲੇ ਦੀ ਜਾਣਕਾਰੀ ਦਿੰਦੇ ਹੋਏ ਆਰ ਬੀ ਆਈ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਕਿਹਾ-ਹਾਲਾਤ ‘ਤੇ ਵਿਚਾਰ ਕਰਨ ਤੋਂ ਬਾਅਦ ਐੱਮ ਪੀ ਸੀ ਦੇ ਸਾਰੇ ਛੇ ਮੈਂਬਰਾਂ ਨੇ ਸਰਬਸੰਮਤੀ ਨਾਲ ਰੈਪੋ ਨੂੰ 6.5 ਫੀਸਦੀ ‘ਤੇ ਬਰਕਰਾਰ ਰੱਖਣ ਦਾ ਫੈਸਲਾ ਕੀਤਾ ਹੈ |