ਅੰਮਿ੍ਤਸਰ (ਜਸਬੀਰ ਸਿੰਘ ਪੱਟੀ, ਨਰਿੰਦਰਜੀਤ ਸਿੰਘ)
ਅਕਾਲੀ ਆਗੂਆਂ ਵੱਲੋਂ ਸੂਬੇ ਦੀ ਰਾਜਧਾਨੀ ਦੇ ਮੁੱਦੇ ‘ਤੇ ਕੀਤੀ ਬੇਬੁਨਿਆਦ ਬਿਆਨਬਾਜ਼ੀ ਦਾ ਸਖਤ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ‘ਤੇ ਸੂਬੇ ਦੇ ਦਾਅਵੇ ਨੂੰ ਕਮਜ਼ੋਰ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਦੀ ਕਰੜੀ ਆਲੋਚਨਾ ਕੀਤੀ | ਇੱਥੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ, Tਹਰੇਕ ਪੰਜਾਬੀ ਇਹ ਭਲੀ-ਭਾਂਤ ਜਾਣਦਾ ਹੈ ਕਿ ਸੂਬਾ ਸਰਕਾਰ ਦੇ ਦਫਤਰਾਂ ਨੂੰ ਚੰਡੀਗੜ੍ਹ ਤੋਂ ਮੋਹਾਲੀ ਤਬਦੀਲ ਕਿਸ ਨੇ ਕੀਤਾ ਅਤੇ ਨਿਊ ਚੰਡੀਗੜ੍ਹ ਦੀ ਸਥਾਪਨਾ ਕਰਨ ਵਾਲੇ ਕੌਣ ਹਨ |U ਮੁੱਖ ਮੰਤਰੀ ਨੇ ਕਿਹਾ ਕਿ ਚੰਡੀਗੜ੍ਹ ‘ਤੇ ਪੰਜਾਬ ਦੇ ਦਾਅਵਿਆਂ ਨੂੰ ਖੋਰਾ ਲਾਉਣ ਲਈ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੀ ਕੇਂਦਰ ਦੀਆਂ ਸਰਕਾਰਾਂ ਨਾਲ ਮਿਲੀਭੁਗਤ ਰਹੀ ਹੈ | ਉਨ੍ਹਾਂ ਸੁਖਬੀਰ ਬਾਦਲ ਤੋਂ ਪੁੱਛਿਆ ਕਿ ਕੇਂਦਰ ਸਰਕਾਰ ‘ਚ ਭਾਈਵਾਲ ਹੋਣ ਦੇ ਬਾਵਜੂਦ ਉਨ੍ਹਾਂ ਨੇ ਚੰਡੀਗੜ੍ਹ ਨੂੰ ਲੈ ਕੇ ਚੁੱਪ ਕਿਉਂ ਧਾਰੀ ਰੱਖੀ |