ਚੰਡੀਗੜ੍ਹ (ਗੁਰਜੀਤ ਬਿੱਲਾ)
ਆਮ ਆਦਮੀ ਪਾਰਟੀ (ਆਪ) ਪੰਜਾਬ ਤੋਂ ਰਾਜ ਸਭਾ ਮੈਂਬਰ ਡਾਕਟਰ ਸੰਦੀਪ ਕੁਮਾਰ ਪਾਠਕ ਨੇ ਸੋਮਵਾਰ ਸਦਨ ਵਿੱਚ ਪੰਜਾਬ ਨਾਲ ਸੰਬੰਧਤ ਅਹਿਮ ਮੁੱਦੇ ਉਠਾਏ। ਡਾ. ਪਾਠਕ ਨੇ ਕੇਂਦਰ ਸਰਕਾਰ ਨੂੰ ਪੰਜਾਬ ਦੇ ਸਾਰੇ ਰੁਕੇ ਫੰਡ ਜਾਰੀ ਕਰਨ ਦੀ ਅਪੀਲ ਕੀਤੀ। ਸਦਨ ਨੂੰ ਸੰਬੋਧਨ ਕਰਦਿਆਂ ਡਾ. ਪਾਠਕ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਦੇ ਬਹੁਤ ਸਾਰੇ ਫੰਡ ਰੋਕ ਰਹੀ ਹੈ, ਜੋ ਕਿ ਪੰਜਾਬ ਦੇ ਲੋਕਾਂ ਦਾ ਹੱਕ ਹੈ ਅਤੇ ਇਸ ਨੂੰ ਤੁਰੰਤ ਜਾਰੀ ਕੀਤਾ ਜਾਵੇ। ਪੰਜਾਬ ਸਰਕਾਰ ਕੋਲ ਆਰ ਡੀ ਐੱਫ (ਪੇਂਡੂ ਵਿਕਾਸ ਫੰਡ) ਦੇ ਕੇਂਦਰ ਵੱਲ 5500 ਕਰੋੜ ਰੁਪਏ ਬਕਾਇਆ ਹਨ, ਇਸ ਫੰਡ ਦੀ ਵਰਤੋਂ ਪੰਜਾਬ ਦੀਆਂ ਮੰਡੀਆਂ ਅਤੇ ਪੇਂਡੂ ਖੇਤਰ ਦੀਆਂ ਸੜਕਾਂ ਦੇ ਨਿਰਮਾਣ ਅਤੇ ਸਾਂਭ-ਸੰਭਾਲ ਲਈ ਕੀਤੀ ਜਾਂਦੀ ਹੈ। ਪਿਛਲੀਆਂ ਸਰਕਾਰਾਂ ਨੇ ਇਸ ਫੰਡ ਦੀ ਵਰਤੋਂ ਹੋਰ ਕੰਮਾਂ ਲਈ ਕੀਤੀ ਅਤੇ ਕੇਂਦਰ ਸਰਕਾਰ ਨੇ ਇਹ ਫੰਡ ਬੰਦ ਕਰ ਦਿੱਤਾ, ਪਰ ਹੁਣ ਪੰਜਾਬ ਵਿੱਚ ਨਵੀਂ ਸਰਕਾਰ ਹੈ ਅਤੇ ਪੰਜਾਬ ਦੀ ਮਾਨ ਸਰਕਾਰ ਨੇ ਇਹ ਯਕੀਨੀ ਬਣਾਉਣ ਲਈ ਨਵੇਂ ਕਾਨੂੰਨ ਵੀ ਬਣਾਏ ਹਨ ਕਿ ਇਹ ਪੈਸਾ ਸਿਰਫ ਮੰਡੀਆਂ ਅਤੇ ਪੇਂਡੂ ਸੜਕਾਂ ਲਈ ਹੀ ਖਰਚਿਆ ਜਾਵੇਗਾ। ਇਸ ਲਈ ਮੋਦੀ ਸਰਕਾਰ ਨੂੰ ਬਿਨਾਂ ਕਿਸੇ ਦੇਰੀ ਤੋਂ ਇਹ ਫੰਡ ਜਾਰੀ ਕਰਨਾ ਚਾਹੀਦਾ ਹੈ।
ਉਨ੍ਹਾ ਕਿਹਾ ਕਿ ਐੱਨ ਐੱਚ ਐੱਮ (ਨੈਸ਼ਨਲ ਹੈੱਲਥ ਮਿਸ਼ਨ) ਦੇ 621 ਕਰੋੜ ਦੇ ਫੰਡ ਵੀ ਬਕਾਇਆ ਪਏ ਹਨ ਅਤੇ ਕੇਂਦਰ ਸਰਕਾਰ ਇਹ ਕਹਿ ਕੇ ਇਹ ਪੈਸਾ ਜਾਰੀ ਕਰਨ ਤੋਂ ਇਨਕਾਰ ਕਰ ਰਹੀ ਹੈ ਕਿ ਇਹ ਆਮ ਆਦਮੀ ਕਲੀਨਿਕਾਂ ਲਈ ਨਹੀਂ ਹੈ। ਪਾਠਕ ਨੇ ਸੰਸਦ ਨੂੰ ਦੱਸਿਆ ਕਿ ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ’ਤੇ ਐੱਨ ਐੱਚ ਐੱਮ ਫੰਡ ਖਰਚ ਨਹੀਂ ਕੀਤਾ ਜਾ ਰਿਹਾ, ਇਸ ਲਈ ਪੰਜਾਬ ਸਰਕਾਰ ਦਾ ਆਪਣਾ ਫੰਡ ਹੈ, ਇਹ ਪੈਸਾ ਦਵਾਈਆਂ, ਮੈਡੀਕਲ ਉਪਕਰਣ, ਤਹਿਸੀਲ ਅਤੇ ਜ਼ਿਲ੍ਹਾ ਸਰਕਾਰੀ ਹਸਪਤਾਲਾਂ ਲਈ ਹੈ, ਇਸ ਲਈ ਉਹ ਇਸ ਨੂੰ ਬਿਨਾਂ ਵਜ੍ਹਾ ਰੋਕ ਰਹੇ ਹਨ। ਇਸ ਤੋਂ ਇਲਾਵਾ ਕੇਂਦਰ ਸਰਕਾਰ ਨੇ 850 ਕਰੋੜ ਰੁਪਏ ਐੱਮ ਡੀ ਐੱਫ ਅਤੇ 1800 ਕਰੋੜ ਰੁਪਏ ਵਿਸ਼ੇਸ਼ ਸਹਾਇਤਾ ਫੰਡ ਵੀ ਰੱਖੇ ਹੋਏ ਹਨ। ਉਹਨਾ ਕਿਹਾ ਕਿ ਇਸ ਵਿੱਚ ਕੁੱਲ 8,000 ਕਰੋੜ ਰੁਪਏ ਦਾ ਵਾਧਾ ਹੁੰਦਾ ਹੈ ਅਤੇ ਇਹ ਸਾਰਾ ਪੈਸਾ ਪੰਜਾਬ ਅਤੇ ਪੰਜਾਬ ਦੇ ਲੋਕਾਂ ਦਾ ਹੈ। ਉਨ੍ਹਾ ਕੇਂਦਰ ਸਰਕਾਰ ਨੂੰ ਇਹ ਫੰਡ ਜਾਰੀ ਕਰਨ ਦੀ ਅਪੀਲ ਕੀਤੀ। ਉਨ੍ਹਾ ਕਿਹਾ ਕਿ ਜੇਕਰ ਮੋਦੀ ਸਰਕਾਰ ਪੰਜਾਬ ਨੂੰ ਆਪਣਾ ਪੈਸਾ ਦੇਣ ਤੋਂ ਟਾਲਾ ਵੱਟਦੀ ਰਹੀ ਤਾਂ ਉਨ੍ਹਾ ਕੋਲ ਸੁਪਰੀਮ ਕੋਰਟ ਜਾਣ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਰਹੇਗਾ, ਪਰ ਸੁਪਰੀਮ ਕੋਰਟ ਵਿਚ ਪਹਿਲਾਂ ਹੀ ਰਾਜ ਅਤੇ ਕੇਂਦਰ ਸਰਕਾਰ ਦੇ 35000 ਦੇ ਕਰੀਬ ਕੇਸ ਪੈਂਡਿੰਗ ਪਏ ਹਨ, ਇਸ ਲਈ ਮੋਦੀ ਸਰਕਾਰ ਨੂੰ ਇਹ ਪੈਸਾ ਜਾਰੀ ਕਰਨਾ ਚਾਹੀਦਾ ਹੈ, ਤਾਂ ਜੋ ਵਿਕਾਸ ਦੇ ਕੰਮ ਹੋ ਸਕਣ ਅਤੇ ਸਿਹਤ ਸਹੂਲਤਾਂ ਬਿਨਾਂ ਕਿਸੇ ਵਿੱਤੀ ਰੁਕਾਵਟ ਦੇ ਮੁਹੱਈਆ ਕਰਵਾਈਆਂ ਜਾ ਸਕਣ।




