ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੰਗਲਵਾਰ ਕਿਹਾ ਕਿ ਪਾਰਟੀ ਹਾਈ ਕਮਾਨ ਨੇ ਸੂਬਾ ਇਕਾਈ ਨੂੰ ਸੂਬੇ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ਚੋਣ ਲੜਨ ਦੀ ਤਿਆਰੀ ਕਰਨ ਲਈ ਕਿਹਾ ਹੈ। ਉਨ੍ਹਾ ਕਿਹਾ ਕਿ ਉਨ੍ਹਾ ਨੂੰ ਹਾਈ ਕਮਾਨ ਵੱਲੋਂ 2024 ਦੀਆਂ ਚੋਣਾਂ ਕਿਸੇ ਹੋਰ ਪਾਰਟੀ ਨਾਲ ਗੱਠਜੋੜ ਕਰਕੇ ਲੜਨ ਦਾ ਕੋਈ ਸੰਕੇਤ ਨਹੀਂ ਮਿਲਿਆ। ਉਨ੍ਹਾ ਇਹ ਵੀ ਕਿਹਾ ਕਿ ਜੇ ਮਰਹੂਮ ਗਾਇਕ ਸਿੱਧੂ ਮੂਸੇ ਵਾਲਾ ਦੇ ਪਿਤਾ ਅਗਲੇ ਸਾਲ ਚੋਣਾਂ ਲੜਨ ’ਚ ਦਿਲਚਸਪੀ ਦਿਖਾਉਂਦੇ ਹਨ ਤਾਂ ਪਾਰਟੀ ਉਨ੍ਹਾ ਦਾ ਸਵਾਗਤ ਕਰੇਗੀ। ਪੰਜਾਬ ’ਚ ਆਮ ਆਦਮੀ ਪਾਰਟੀ ਨਾਲ ਮਿਲ ਕੇ ਚੋਣ ਲੜਨ ਬਾਰੇ ਸਵਾਲ ਦੇ ਜਵਾਬ ’ਚ ਉਨ੍ਹਾ ਕਿਹਾ ਕਿ ਹੁਣ ਤੱਕ ਪਾਰਟੀ ਹਾਈ ਕਮਾਨ ਤੋਂ ਇਹ ਸੰਕੇਤ ਮਿਲ ਰਹੇ ਹਨ ਕਿ ਕਾਂਗਰਸ ਸਾਰੀਆਂ 13 ਸੀਟਾਂ ਲੜੇਗੀ।





