ਸਰਕਾਰੀ ਫ਼ੰਡ ਗ਼ਬਨ ਕਰਨ ਦੇ ਦੋਸ਼ ਹੇਠ ਬੀ ਡੀ ਪੀ ਓ ਮੁਅੱਤਲ

0
263

ਚੰਡੀਗੜ੍ਹ/ਲੁਧਿਆਣਾ (ਗੁਰਜੀਤ ਬਿੱਲਾ/ਰਾਜ ਸਿੰਗਲਾ)-ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਵਿਭਾਗ ਨੇ ਖੰਨਾ ਦੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ (ਬੀ ਡੀ ਪੀ ਓ) ਕੁਲਵਿੰਦਰ ਸਿੰਘ ਰੰਧਾਵਾ ਨੂੰ ਸਰਕਾਰੀ ਫ਼ੰਡਾਂ ਦੇ ਗ਼ਬਨ ਦੇ ਦੋਸ਼ ਹੇਠ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ ਹੈ। ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਬੀ ਡੀ ਪੀ ਓ ਖੰਨਾ ਕੁਲਵਿੰਦਰ ਸਿੰਘ ਰੰਧਾਵਾ ਵਿਰੁੱਧ ਸ਼ਿਕਾਇਤਾਂ ਦੇ ਆਧਾਰ ’ਤੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ (ਡੀ ਡੀ ਪੀ ਓ) ਲੁਧਿਆਣਾ ਨੂੰ ਜਾਂਚ ਸੌਂਪੀ ਗਈ ਸੀ। ਉਨ੍ਹਾਂ ਦੱਸਿਆ ਕਿ ਡੀ ਡੀ ਪੀ ਓ ਲੁਧਿਆਣਾ ਵੱਲੋਂ ਪ੍ਰਾਪਤ ਹੋਈ ਰਿਪੋਰਟ ’ਚ ਦੱਸਿਆ ਗਿਆ ਕਿ ਕੁਲਵਿੰਦਰ ਸਿੰਘ ਰੰਧਾਵਾ ਨੇ ਪੰਚਾਇਤ ਸੰਮਤੀ ਖੰਨਾ ਦੇ ਫ਼ੰਡਾਂ ਦੀ ਦੁਰਵਰਤੋਂ ਕੀਤੀ ਅਤੇ ਅਣਅਧਿਕਾਰਤ ਖਾਤੇ ਖੁੱਲ੍ਹਵਾ ਕੇ ਬਿਨਾਂ ਮਨਜ਼ੂਰੀ ਤੋਂ 58.25 ਲੱਖ ਰੁਪਏ ਦੀਆਂ ਗ਼ਲਤ ਢੰਗ ਨਾਲ ਅਦਾਇਗੀਆਂ ਕੀਤੀਆਂ। ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਦੋਸ਼ਾਂ ਦੇ ਆਧਾਰ ’ਤੇ ਕੁਲਵਿੰਦਰ ਸਿੰਘ ਰੰਧਾਵਾ ਬੀ ਡੀ ਪੀ ਓ ਖੰਨਾ ਨੂੰ ਸਰਕਾਰੀ ਸੇਵਾ ਤੋਂ ਤੁਰੰਤ ਮੁਅੱਤਲ ਕਰ ਦਿੱਤਾ ਗਿਆ ਹੈ। ਮੁਅੱਤਲੀ ਦੇ ਸਮੇਂ ਦੌਰਾਨ ਅਧਿਕਾਰੀ ਦਾ ਹੈੱਡਕੁਆਰਟਰ ਦਫ਼ਤਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਐੱਸ ਏ ਐੱਸ ਨਗਰ ਹੋਵੇਗਾ।
ਹੁਕਮਾਂ ਮੁਤਾਬਕ ਮੁਅੱਤਲ ਅਧਿਕਾਰੀ ਨੂੰ ਪੰਜਾਬ ਸਿਵਲ ਸੇਵਾਵਾਂ ਰੂਲਜ਼ ਦੇ ਨਿਯਮ 7.2 ਅਧੀਨ ਨਿਯਮਾਂ ਤੇ ਸ਼ਰਤਾਂ ਅਨੁਸਾਰ ਗੁਜ਼ਾਰਾ ਭੱਤਾ ਦਿੱਤਾ ਜਾਵੇਗਾ।

LEAVE A REPLY

Please enter your comment!
Please enter your name here