ਮੋਦੀ ਸਰਕਾਰ ਪੰਜਾਬ ਨੂੰ ਬਰਬਾਦ ਕਰਨ ’ਤੇ ਤੁਲੀ : ਮਾਨ

0
227

ਮੌੜ (ਬਠਿੰਡਾ) (ਪਰਵਿੰਦਰਜੀਤ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਥੇ ‘ਵਿਕਾਸ ਰੈਲੀ’ ਦੌਰਾਨ ਲੋਕਾਂ ਦੇ ਠਾਠਾਂ ਮਾਰਦੇ ਇਕੱਠ ਵਿੱਚ 1125 ਕਰੋੜ ਰੁਪਏ ਦੇ ਪ੍ਰਾਜੈਕਟਾਂ ਰਾਹੀਂ ਬਠਿੰਡਾ ਲੋਕ ਸਭਾ ਹਲਕੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦਿੱਤਾ। ਆਪਣੀ ਤਕਰੀਰ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਿਆਸੀ ਰੈਲੀ ਨਹੀਂ, ਸਗੋਂ ਵਿਕਾਸ ਤੇ ਤਰੱਕੀ ਦੀਆਂ ਖੁਸ਼ੀਆਂ ਸਾਂਝੀਆਂ ਕਰਨ ਵਾਲਾ ਸਮਾਗਮ ਹੈ, ਜੋ ਸੂਬੇ ਦੇ ਕੋਨੇ-ਕੋਨੇ ਵਿੱਚ ਦੇਖਿਆ ਜਾ ਰਿਹਾ ਹੈ। ਉਨ੍ਹਾ ਕਿਹਾ ਕਿ ਪਿਛਲੀਆਂ ਸਰਕਾਰਾਂ ਮੌਕੇ ਪੰਜਾਬ ਵਿੱਚ ਅਜਿਹੀਆਂ ਰੈਲੀਆਂ ਬੰਦ ਹੋ ਗਈਆਂ ਸਨ, ਪਰ ਉਨ੍ਹਾ ਦੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਇਸ ਰੁਝਾਨ ਨੂੰ ਮੁੜ ਸ਼ੁਰੂ ਕੀਤਾ ਹੈ।
ਮਾਨ ਨੇ ਕਿਹਾ ਕਿ ਬੀਤੇ 25 ਸਾਲਾਂ ਦੌਰਾਨ ਸੂਬੇ ਵਿੱਚ ਸਿਰਫ਼ ਚਾਰ-ਪੰਜ ਲੋਕਾਂ ਦੀ ਸੱਤਾ ਰਹੀ ਹੈ, ਜਿਨ੍ਹਾਂ ਆਪਣੇ ਸੌੜੇ ਸਿਆਸੀ ਹਿੱਤਾਂ ਲਈ ਸੂਬੇ ਦੇ ਵਸੀਲਿਆਂ ਦੀ ਦੁਰਵਰਤੋਂ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਪੰਜਾਂ ਵਿੱਚੋਂ ਦੋ, ਇੱਕ ਪਰਵਾਰ ਦੇ ਸਨ, ਜਦੋਂ ਕਿ ਦੋ ਦੂਜੇ ਪਰਵਾਰ ਦੇ ਸਨ। ਇਨ੍ਹਾਂ ਵਿੱਚ ਇਕ ਪਾਕਿਸਤਾਨੀ ਨਾਗਰਿਕ ਵੀ ਸੀ। ਉਨ੍ਹਾ ਦੁੱਖ ਨਾਲ ਕਿਹਾ ਕਿ ਪਾਕਿਸਤਾਨੀ ਨਾਗਰਿਕ ਅਤੇ ਦੋ ਪਰਵਾਰਾਂ ਦੇ ਇਨ੍ਹਾਂ ਚਾਰ ਹੋਰ ਜੀਆਂ ਨੇ ਸੂਬੇ ਦੀ ਦੌਲਤ ਨੂੰ ਲੁੱਟਿਆ।
ਉਨ੍ਹਾ ਕਿਹਾ ਕਿ ਭਾਵੇਂ ਲੋਕਾਂ ਨੇ ਵਿਧਾਨ ਸਭਾ ਚੋਣਾਂ ਵਿੱਚ ਸਮੁੱਚੇ ਬਾਦਲ ਪਰਵਾਰ ਨੂੰ ਸਿਆਸੀ ਖੇਤਰ ਵਿੱਚੋਂ ਬਾਹਰ ਕਰ ਦਿੱਤਾ ਸੀ, ਪਰ ਹੁਣ ਸਮਾਂ ਆ ਗਿਆ ਹੈ, ਜਦੋਂ ਇਨ੍ਹਾਂ ਦੇ ਇਕਲੌਤੇ ਬਚੇ ਹੋਏ ਚਿਹਰੇ ਨੂੰ ਵੀ ਬਠਿੰਡਾ ਹਲਕੇ ਤੋਂ ਬਾਹਰ ਦਾ ਰਸਤਾ ਦਿਖਾਇਆ ਜਾਵੇ।
ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਆਮ ਆਦਮੀ ਦੀ ਭਲਾਈ ਦੇ ਉਦੇਸ਼ ਨਾਲ ਲਏ ਗਏ ਲੋਕ-ਪੱਖੀ ਫੈਸਲਿਆਂ ਨੂੰ ਹਜ਼ਮ ਨਹੀਂ ਕਰ ਪਾ ਰਹੀ। ਕੇਂਦਰ ਸਰਕਾਰ ਵੱਲੋਂ ਆਮ ਆਦਮੀ ਕਲੀਨਿਕਾਂ ਲਈ ਫੰਡ ਰੋਕੇ ਹੋਏ ਹਨ ਅਤੇ ਸੂਬੇ ਨੂੰ ਪੇਂਡੂ ਖੇਤਰਾਂ ਵਿੱਚ ਸੜਕਾਂ ਬਣਾਉਣ ਤੋਂ ਰੋਕਣ ਲਈ 5500 ਕਰੋੜ ਰੁਪਏ ਦੇ ਪੇਂਡੂ ਵਿਕਾਸ ਫੰਡ ਵੀ ਰੋਕ ਦਿੱਤੇ ਗਏ ਹਨ। ਮਾਨ ਨੇ ਕਿਹਾ ਕਿ ਜੇਕਰ ਇਹ ਫੰਡ ਸੂਬਾ ਸਰਕਾਰ ਨੂੰ ਮੁਹੱਈਆ ਕਰਵਾ ਦਿੱਤੇ ਜਾਂਦੇ ਤਾਂ ਹੁਣ ਤੱਕ ਪਿੰਡਾਂ ਨੂੰ ਜੋੜਨ ਲਈ 67000 ਕਿਲੋਮੀਟਰ ਸੜਕਾਂ ਦੀ ਕਾਇਆਕਲਪ ਕਰ ਦਿੱਤੀ ਜਾਣੀ ਸੀ। ਉਹਨਾ ਕਿਹਾ ਕਿ ਕੇਂਦਰ ਸਰਕਾਰ ਨੇ ਸਾਨੂੰ ਰੇਲ ਗੱਡੀਆਂ ਨਾ ਦੇ ਕੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਨੂੰ ਸੋਚੀ-ਸਮਝੀ ਸਾਜ਼ਿਸ਼ ਨਾਲ ਠੱਪ ਕਰ ਦਿੱਤਾ ਹੈ। ਉਨ੍ਹਾ ਕਿਹਾ ਕਿ 7 ਅਤੇ 15 ਦਸੰਬਰ ਨੂੰ ਰਵਾਨਾ ਹੋਣ ਵਾਲੀਆਂ ਰੇਲ ਗੱਡੀਆਂ ਅਦਾਇਗੀ ਕਰਨ ਦੇ ਬਾਵਜੂਦ ਸੂਬੇ ਨੂੰ ਨਹੀਂ ਦਿੱਤੀਆਂ ਗਈਆਂ। ਮਾਨ ਨੇ ਕਿਹਾ ਕਿ ਇਸ ਦਾ ਇਕੋ-ਇਕ ਮਕਸਦ ਪੰਜਾਬ ਵਾਸੀਆਂ ਨੂੰ ਧਾਰਮਕ ਸਥਾਨਾਂ ’ਤੇ ਮੱਥਾ ਟੇਕਣ ਤੋਂ ਵਾਂਝੇ ਰੱਖਣਾ ਹੈ, ਪਰ ਕੇਂਦਰ ਸਰਕਾਰ ਦੇ ਇਨ੍ਹਾਂ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਪੰਜਾਬ ਵਾਸੀਆਂ ਨੂੰ ਭਾਜਪਾ ਦੇ ਪੰਜਾਬ ਵਿਰੋਧੀ ਪੈਂਤੜੇ ’ਤੇ ਭਾਜਪਾ ਆਗੂਆਂ ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਦੀ ਚੁੱਪ ’ਤੇ ਸਵਾਲ ਉਠਾਉਣ ਲਈ ਵੀ ਕਿਹਾ। ਮੁੱਖ ਮੰਤਰੀ ਨੇ ਵਿਅੰਗ ਕਰਦਿਆਂ ਕਿਹਾ, ‘ਭਾਵੇਂ ਰੇਲਵੇ ਇਸ ਸਕੀਮ ਲਈ ਰੇਲ ਗੱਡੀਆਂ ਚਲਾਉਣ ਲਈ ਕੋਈ ਇੰਜਣ ਨਾ ਹੋਣ ਦਾ ਹਵਾਲਾ ਦੇ ਰਿਹਾ ਹੈ, ਪਰ ਪ੍ਰਧਾਨ ਮੰਤਰੀ ਰੋਜ਼ਾਨਾ ਸ਼ੇਖੀ ਮਾਰ ਰਹੇ ਹਨ ਕਿ ਡਬਲ ਇੰਜਣ ਵਾਲੀ ਸਰਕਾਰ ਹੋਣੀ ਚਾਹੀਦੀ ਹੈ। ਅਜਿਹੇ ਦੂਹਰੇ ਇੰਜਣ ਵਾਲੀ ਸਰਕਾਰ ਦਾ ਕੀ ਫਾਇਦਾ, ਜੇਕਰ ਲੋਕਾਂ ਨੂੰ ਉਨ੍ਹਾਂ ਦੀ ਭਲਾਈ ਲਈ ਬਣਾਈਆਂ ਗਈਆਂ ਸਕੀਮਾਂ ਦਾ ਲਾਭ ਨਹੀਂ ਮਿਲਦਾ। ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਕਪਾਹ ਪੱਟੀ ਵਿੱਚ ਨਰਮੇ ਵਿੱਚੋਂ ਸੁੰਡੀਆਂ ਦੇ ਖਾਤਮੇ ਲਈ ਸਪਰੇਅ ਕੀਤੀ ਜਾਂਦੀ ਹੈ, ਉਸੇ ਤਰ੍ਹਾਂ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਇਮਾਨਦਾਰ ਪਾਰਟੀ ਦੇਸ਼ ਵਿੱਚ ਸਿਆਸੀ ਢਾਂਚੇ ਨੂੰ ਸਾਫ਼ ਕਰ ਰਹੀ ਹੈ। ਮੁੱਖ ਮੰਤਰੀ ਨੇ ਮੁੜ ਦੁਹਰਾਇਆ ਕਿ ਮੋਦੀ ਸਰਕਾਰ ਪੰਜਾਬ ਵਿਰੋਧੀ ਹੈ, ਜਿਸ ਕਾਰਨ ਉਹ ਸੂਬੇ ਨੂੰ ਬਰਬਾਦ ਕਰਨ ’ਤੇ ਤੁਲੀ ਹੋਈ ਹੈ। ਹੈਰਾਨੀ ਦੀ ਗੱਲ ਹੈ ਕਿ ਇਸ ਮਤਰੇਈ ਮਾਂ ਵਾਲੇ ਸਲੂਕ ਦੇ ਬਾਵਜੂਦ ਸੂਬੇ ਦੇ ਸਾਬਕਾ ਮੁੱਖ ਮੰਤਰੀ ਸਮੇਤ ਸੂਬਾ ਭਾਜਪਾ ਪ੍ਰਧਾਨ ਨੇ ਇਸ ਮਾਮਲੇ ’ਤੇ ਬਿਲਕੁਲ ਚੁੱਪ ਵੱਟੀ ਹੋਈ ਹੈ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਬਠਿੰਡਾ ਦੇ ਸਰਬਪੱਖੀ ਵਿਕਾਸ ਲਈ 1125 ਕਰੋੜ ਰੁਪਏ ਨਹੀਂ ਦਿੱਤੇ। ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਹੁਸ਼ਿਆਰਪੁਰ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਵਿਆਪਕ ਵਿਕਾਸ ਲਈ ਇਸੇ ਤਰ੍ਹਾਂ ਦੇ ਪੈਕੇਜ ਦਿੱਤੇ ਗਏ ਸਨ ਅਤੇ ਹੁਣ ਇਸ ਪੈਕੇਜ ਲਈ ਬਠਿੰਡਾ ਨੂੰ ਚੁਣਿਆ ਗਿਆ ਹੈ। ਕੇਜਰੀਵਾਲ ਨੇ ਕਿਹਾ ਕਿ ਇਨ੍ਹਾਂ ਫੰਡਾਂ ਦੀ ਵਰਤੋਂ ਅਤਿ-ਆਧੁਨਿਕ ਸਕੂਲਾਂ, ਹਸਪਤਾਲਾਂ ਦੀ ਸਥਾਪਨਾ ਅਤੇ ਲੋਕਾਂ ਨੂੰ ਹੋਰ ਸਹੂਲਤਾਂ ਪ੍ਰਦਾਨ ਕਰਨ ਲਈ ਕੀਤੀ ਜਾਵੇਗੀ।
ਬਠਿੰਡਾ ਸੰਸਦੀ ਹਲਕੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ 1125 ਕਰੋੜ ਰੁਪਏ ਦੀ ਲਾਗਤ ਵਾਲੇ ਕਈ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ, ਜਦਕਿ ਕੁਝ ਨਵੇਂ ਪ੍ਰਾਜੈਕਟਾਂ ਦਾ ਐਲਾਨ ਕੀਤਾ, ਜਿਸ ਨਾਲ ‘ਵਿਕਾਸ ਕ੍ਰਾਂਤੀ’ ਦੇ ਨਵੇਂ ਯੁੱਗ ਦਾ ਆਗਾਜ਼ ਹੋਵੇਗਾ। ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਬਠਿੰਡਾ ਵਿਖੇ 100 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਅਤਿ-ਆਧੁਨਿਕ ਬੱਸ ਸਟੈਂਡ ਦਾ ਨੀਂਹ ਪੱਥਰ ਰੱਖਿਆ। ਇਸੇ ਤਰ੍ਹਾਂ ਉਨ੍ਹਾਂ ਮੁਲਤਾਨੀਆ ਅਤੇ ਜਨਤਾ ਨਗਰ ਵਿਖੇ 88.94 ਕਰੋੜ ਰੁਪਏ ਦੀ ਲਾਗਤ ਨਾਲ ਰੇਲਵੇ ਓਵਰ ਬਿ੍ਰਜ ਅਤੇ ਅਮਰਪੁਰਾ ਬਸਤੀ ਵਿਖੇ 49.15 ਕਰੋੜ ਰੁਪਏ ਦੇ ਰੇਲਵੇ ਓਵਰ ਬਿ੍ਰਜ ਦਾ ਐਲਾਨ ਕੀਤਾ। ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ 94.11 ਕਰੋੜ ਰੁਪਏ ਦੀ ਲਾਗਤ ਨਾਲ ਬਠਿੰਡਾ ਵਿਖੇ ਰਿੰਗ ਰੋਡ ਦੇ ਨਿਰਮਾਣ ਦੇ ਕੰਮ ਦੀ ਸ਼ੁਰੂਆਤ ਵੀ ਕੀਤੀ। ਦੋਵਾਂ ਮੁੱਖ ਮੰਤਰੀਆਂ ਨੇ 12.78 ਕਰੋੜ ਰੁਪਏ ਦੀ ਲਾਗਤ ਨਾਲ ਮਲੋਟ-ਬਾਦਲ ਸੜਕ ਨੂੰ ਦੁਬਾਰਾ ਬਣਾਉਣ ਦੇ ਕੰਮ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਬਠਿੰਡਾ ਵਾਸੀਆਂ ਨੂੰ 27.15 ਕਰੋੜ ਰੁਪਏ ਦੀ ਲਾਗਤ ਵਾਲੇ ਬਹੁ-ਮੰਤਵੀ ਆਡੀਟੋਰੀਅਮ ਦੀ ਵੀ ਸੌਗਾਤ ਦਿੱਤੀ। ਬਠਿੰਡਾ ਦੇ ਸਿਵਲ ਹਸਪਤਾਲ ਵਿਖੇ 15.61 ਕਰੋੜ ਰੁਪਏ ਦੀ ਲਾਗਤ ਨਾਲ 50 ਬਿਸਤਰਿਆਂ ਵਾਲੇ ਕਿ੍ਰਟੀਕਲ ਕੇਅਰ ਯੂਨਿਟ (ਸੀ ਸੀ ਯੂ) ਦੀ ਉਸਾਰੀ ਦੇ ਕੰਮ ਦੀ ਸ਼ੁਰੂਆਤ ਵੀ ਕੀਤੀ।

LEAVE A REPLY

Please enter your comment!
Please enter your name here