ਫਤਹਿਗੜ੍ਹ ਸਾਹਿਬ. (ਪ੍ਰਮੋਦ ਭਾਰਦਵਾਜ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬੁੱਧਵਾਰ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲੇ ਦੇ ਦੂਜੇ ਦਿਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ।
ਪਵਿੱਤਰ ਅਸਥਾਨ ਉਤੇ ਮੱਥਾ ਟੇਕਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਮੁਕੱਦਸ ਅਸਥਾਨ ਨਾ ਸਿਰਫ ਸਿੱਖਾਂ ਲਈ, ਸਗੋਂ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਜੀ ਨੇ ਬਾਲ ਉਮਰ ਵਿੱਚ ਸ਼ਹੀਦੀ ਪ੍ਰਾਪਤ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਤੇ ਸਾਹਿਬਜ਼ਾਦਾ ਫਤਹਿ ਸਿੰਘ ਜੀ ਦੀ ਸ਼ਹਾਦਤ ਵਾਲੀ ਇਹ ਪਾਵਨ ਧਰਤੀ ਸਦੀਆਂ ਤੋਂ ਪੰਜਾਬੀਆਂ ਨੂੰ ਬੇਇਨਸਾਫੀ, ਜਬਰ-ਜ਼ੁਲਮ ਅਤੇ ਦਮਨ ਦੇ ਖਿਲਾਫ ਆਵਾਜ਼ ਬੁਲੰਦ ਕਰਨ ਲਈ ਪ੍ਰੇਰਿਤ ਕਰਦੀ ਆ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਨੇ ਉਸ ਮੌਕੇ ਦੇ ਸਰਹਿੰਦ ਦੇ ਮੁਗਲ ਹਾਕਮ ਦੇ ਆਪਹੁਦਰੇਪਣ ਅਤੇ ਧੱਕੇਸ਼ਾਹੀ ਦੇ ਵਿਰੁੱਧ ਖੜ੍ਹੇ ਹੋ ਕੇ ਨਿਰਭੈ ਤੇ ਬਹਾਦਰੀ ਦਾ ਮਿਸਾਲੀ ਪ੍ਰਗਟਾਵਾ ਕੀਤਾ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਦੁਨੀਆ ਦੇ ਇਤਿਹਾਸ ਵਿੱਚ ਅਜਿਹੀ ਕੋਈ ਮਿਸਾਲ ਨਹੀਂ ਮਿਲਦੀ, ਜਦੋਂ ਛੋਟੇ ਸਾਹਿਬਜ਼ਾਦਿਆਂ ਦੀ ਉਮਰ ਵਿੱਚ ਕਿਸੇ ਹੋਰ ਨੇ ਲਾਸਾਨੀ ਕੁਰਬਾਨੀ ਦਿੱਤੀ ਹੋਵੇ।