ਪਟਿਆਲਾ : ਬਿਜਲੀ ਕਾਮਿਆਂ ਦੀ ਸਿਰਮੌਰ ਜਥੇਬੰਦੀ ਪੀ ਐੱਸ ਈ ਬੀ ਇੰਪਲਾਈਜ਼ ਫੈਡਰੇਸ਼ਨ ਏਟਕ ਪੰਜਾਬ ਰਜਿਸਟਰਡ ਨੰਬਰ 41 ਦੀ ਸੂਬਾ ਕਮੇਟੀ ਨੇ ਸ਼ੁੱਕਰਵਾਰ ਸਥਾਨਕ ਪ੍ਰਵਾਨਾ ਭਵਨ ਵਿੱਚ ਜਥੇਬੰਦੀ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਗੰਡੀਵਿੰਡ ਦੀ ਪ੍ਰਧਾਨਗੀ ਹੇਠ ਮੀਟਿੰਗ ਕਰਨ ਉਪਰੰਤ ਪੰਜਾਬ ਏਟਕ ਦੇ ਵਰਕਿੰਗ ਪ੍ਰਧਾਨ ਕਾਮਰੇਡ ਸੁਖਦੇਵ ਸ਼ਰਮਾ ਅਤੇ ਜਨਰਲ ਸਕੱਤਰ ਕਾਮਰੇਡ ਨਿਰਮਲ ਸਿੰਘ ਧਾਲੀਵਾਲ ਦੀ ਹਾਜ਼ਰੀ ਵਿੱਚ ਨਵੇਂ ਸਾਲ 2024 ਦਾ ਕੈਲੰਡਰ ਰਿਲੀਜ਼ ਕੀਤਾ | ਜਥੇਬੰਦੀ ਦੇ ਜਨਰਲ ਸਕੱਤਰ ਸਰਿੰਦਰਪਾਲ ਸਿੰਘ ਲਹੌਰੀਆ ਨੇ ਦੱਸਿਆ ਕਿ ਮੀਟਿੰਗ ਵਿੱਚ ਉਚੇਚੇ ਤੌਰ ‘ਤੇ ਹਿੱਸਾ ਲੈਣ ਲਈ ਪਹੁੰਚੇ ਕਾਮਰੇਡ ਨਿਰਮਲ ਸਿੰਘ ਧਾਲੀਵਾਲ ਅਤੇ ਕਾਮਰੇਡ ਸੁਖਦੇਵ ਸ਼ਰਮਾ ਨੇ ਸਰਕਾਰ ਦੇ ਮਜ਼ਦੂਰ ਵਿਰੋਧੀ ਰਵੱਈਏ ਦੀ ਜ਼ੋਰਦਾਰ ਨਿੰਦਾ ਕਰਦੇ ਹੋਏ ਆਗੂਆਂ ਨੂੰ ਮਜ਼ਦੂਰ-ਮੁਲਾਜ਼ਮ ਵਿਰੋਧੀ ਨੀਤੀਆਂ ਦਾ ਸੰਘਰਸ਼ਾਂ ਰਾਹੀਂ ਮੂੰਹ ਤੋੜ ਜਵਾਬ ਦੇਣ ਦਾ ਸੱਦਾ ਦਿੱਤਾ | ਇਸ ਮੀਟਿੰਗ ਵਿੱਚ ਜਥੇਬੰਦੀ ਦੇ ਸੂਬਾ ਆਗੂਆਂ ਗੁਰਵਿੰਦਰ ਸਿੰਘ, ਬਲਜੀਤ ਕੁਮਾਰ, ਰਛਪਾਲ ਸਿੰਘ, ਪ੍ਰਦਿਉਮਨ ਗੌਤਮ, ਦਰਸ਼ਨ ਲਾਲ, ਬਲਵਿੰਦਰ ਸਿੰਘ ਉਦੀਪੁਰ, ਮਨਜੀਤ ਸਿੰਘ ਬਾਸਰਕੇ, ਗੁਰਧਿਆਨ ਸਿੰਘ, ਕਰਤਾਰ ਸਿੰਘ, ਦਵਿੰਦਰ ਸਿੰਘ, ਬਲਜਿੰਦਰ ਕੌਰ ਡਿਆਲ ਤੋਂ ਇਲਾਵਾ ਐੱਫ ਈ ਆਗੂ ਜਸਬੀਰ ਸਿੰਘ, ਨਰਿੰਦਰ ਬੱਲ, ਹਰਭਜਨ ਸਿੰਘ ਪਿਲਖਣੀ ਅਤੇ ਸਾਬਕਾ ਜਨਰਲ ਸਕੱਤਰ ਨਰਿੰਦਰ ਸੈਣੀ ਨੇ ਪਾਵਰ ਮੈਨੇਜਮੈਂਟ ਕੋਲੋਂ ਮੰਗ ਕੀਤੀ ਕਿ ਸੀ ਆਰ ਏ 295/19 ਰਾਹੀਂ ਭਰਤੀ ਹੋਏ ਸਹਾਇਕ ਲਾਈਨਮੈਨਾਂ ਦੀਆਂ ਸੇਵਾਵਾਂ ਤੁਰੰਤ ਰੈਗੂਲਰ ਕੀਤੀਆਂ ਜਾਣ, ਨਵੇਂ ਭਰਤੀ ਹੋਏ ਕਰਮਚਾਰੀਆਂ ‘ਤੇ ਕੇਂਦਰੀ ਸਕੇਲ ਲਾਗੂ ਕਰਨ ਦੀ ਬਜਾਏ ਪੰਜਾਬ ਦੇ ਸਕੇਲ ਲਾਗੂ ਕੀਤੇ ਜਾਣ, ਜੂਨੀਅਰ ਮੀਟਰ ਰੀਡਰਾਂ ਦੀਆਂ ਤਰੱਕੀਆਂ ਪਹਿਲ ਦੇ ਅਧਾਰ ‘ਤੇ ਕੀਤੀਆਂ ਜਾਣ ਅਤੇ ਕੰਟੈਕਟ ਦੇ ਰੱਖੇ ਸਾਰੇ ਕਾਮਿਆਂ ਨੂੰ ਪੱਕਾ ਕੀਤਾ ਜਾਵੇ | ਆਗੂਆਂ ਨੇ ਆਪਣੇ ਵਿਚਾਰ ਪੇਸ਼ ਕਰਦੇ ਹੋਏ ਬਿਜਲੀ ਕਾਮਿਆਂ ਦੇ ਹਿੱਤਾਂ ਲਈ ਸਮੁੱਚੀਆਂ ਜਥੇਬੰਦੀਆਂ ਦੀ ਵਿਸ਼ਾਲ ਏਕਤਾ ਉਸਾਰ ਕੇ ਸਿਰੜੀ ਸੰਘਰਸ਼ ਕਰਨ ‘ਤੇ ਜ਼ੋਰ ਦਿੱਤਾ |