ਚੰਡੀਗੜ੍ਹ (ਗੁਰਜੀਤ ਬਿੱਲਾ)
ਸਾਲ 2023 ਦੌਰਾਨ ਬਿਜਲੀ ਵਿਭਾਗ ਦੀ ਕਾਰਗੁਜ਼ਾਰੀ ਦਾ ਲੇਖਾ-ਜੋਖਾ ਪੇਸ਼ ਕਰਦਿਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਐਤਵਾਰ ਦੱਸਿਆ ਕਿ ਵਿਭਾਗ ਨੇ ਇਸ ਸਾਲ ਦੌਰਾਨ ਨਵੇਂ ਰਿਕਾਰਡ ਕਾਇਮ ਕਰਨ ਦੇ ਨਾਲ-ਨਾਲ ਕਈ ਚੁਣੌਤੀਆਂ ਦਾ ਸਫਲਤਾਪੂਰਵਕ ਸਾਹਮਣਾ ਕੀਤਾ ਅਤੇ 2 ਮਹੀਨਿਆਂ ਲਈ 600 ਯੂਨਿਟ ਅਤੇ 300 ਯੂਨਿਟ ਪ੍ਰਤੀ ਮਹੀਨਾ ਪਿੱਛੇ ਜ਼ੀਰੋ ਬਿਜਲੀ ਬਿੱਲ ਦੀ ਸਹੂਲਤ ਦੇ ਕੇ 90 ਫੀਸਦੀ ਤੋਂ ਵੱਧ ਘਰੇਲੂ ਲੋਕਾਂ ਨੂੰ ਮੁਫਤ ਬਿਜਲੀ ਮੁਹੱਈਆ ਕਰਵਾਈ। ਉਨ੍ਹਾ ਕਿਹਾ ਕਿ ਇਸ ਦੇ ਨਾਲ ਹੀ ਰਾਜ ਵਿੱਚ ਖੇਤੀਬਾੜੀ ਲਈ 100 ਪ੍ਰਤੀਸ਼ਤ ਟਿਊਬਵੈੱਲਾਂ ਨੂੰ ਮੁਫਤ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ।
ਬਿਜਲੀ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ ਐੱਸ ਪੀ ਸੀ ਐੱਲ) ਨੂੰ 1 ਅਪ੍ਰੈਲ 2023 ਤੋਂ 30 ਸਤੰਬਰ 2023 ਤੱਕ 564.75 ਕਰੋੜ ਰੁਪਏ ਦਾ ਮੁਨਾਫਾ ਹੋਇਆ ਹੈ। ਪੀ ਐੱਸ ਪੀ ਸੀ ਐੱਲ ਨੇ ਪਿਛਲੇ 7 ਸਾਲਾਂ ਤੋਂ ਬੰਦ ਪਈ ਪਛਵਾੜਾ ਕੇਂਦਰੀ ਕੋਲਾ ਖਾਣ ਨੂੰ ਚਾਲੂ ਕਰਨ ਦੀਆਂ ਚੁਣੌਤੀਆਂ ਨੂੰ ਸਫਲਤਾਪੂਰਵਕ ਪਾਰ ਕੀਤਾ ਅਤੇ ਦਸੰਬਰ 2022 ਵਿੱਚ ਪੀ ਐੱਸ ਪੀ ਸੀ ਐੱਲ ਥਰਮਲ ਪਾਵਰ ਸਟੇਸ਼ਨਾਂ ਨੂੰ ਮਹਿੰਗੇ ਦਰਾਮਦ ਕੀਤੇ ਕੋਲੇ ਦੀ ਜਗ੍ਹਾ ਇਸ ਖਾਣ ਤੋਂ ਘੱਟ ਲਾਗਤ ਵਾਲੇ ਕੋਲੇ ਦੀ ਪੂਰਤੀ ਕੀਤੀ ਜਾ ਰਹੀ ਹੈ। ਹੁਣ ਤੱਕ ਵਿਭਾਗ ਦੇ ਤਾਪ ਬਿਜਲੀ ਘਰਾਂ ਨੂੰ ਕਰੀਬ 30 ਲੱਖ ਮੀਟ੍ਰਿਕ ਟਨ ਕੋਲੇ ਦੀ ਸਪਲਾਈ ਕੀਤੀ ਜਾ ਚੁੱਕੀ ਹੈ। ਉਨ੍ਹਾ ਕਿਹਾ ਕਿ ਰੋਪੜ ਅਤੇ ਲਹਿਰਾ ਮੁਹੱਬਤ ਪਲਾਂਟਾਂ ਵਿੱਚ ਕਰੀਬ 30 ਦਿਨਾਂ ਲਈ ਕੋਲੇ ਦਾ ਕਾਫੀ ਸਟਾਕ ਉਪਲੱਬਧ ਹੈ। ਉਨ੍ਹਾ ਦੱਸਿਆ ਕਿ ਇਸ ਸਾਲ ਰਾਜ ਸਰਕਾਰ ਦੇ ਥਰਮਲ ਪਲਾਂਟਾਂ ਵੱਲੋਂ ਲਗਭਗ 20 ਫੀਸਦੀ ਜ਼ਿਆਦਾ ਬਿਜਲੀ ਪੈਦਾ ਕੀਤੀ ਗਈ ਹੈ। ਉਨ੍ਹਾ ਕਿਹਾ ਕਿ ਪਹਿਲਾਂ ਥੋੜ੍ਹੇ ਸਮੇਂ ਦੇ ਬਿਜਲੀ ਖਰੀਦ ਸਮਝੌਤਿਆਂ ਦੀ ਪ੍ਰਥਾ ਅਪਣਾਈ ਜਾਂਦੀ ਸੀ, ਜਿਸ ਕਾਰਨ ਲੋੜ ਦੀ ਘੜੀ ਮਹਿੰਗੀ ਬਿਜਲੀ ਖਰੀਦੀ ਜਾਂਦੀ ਸੀ। ਉਨ੍ਹਾ ਕਿਹਾ ਕਿ ਹੁਣ ਪੀ ਐੱਸ ਪੀ ਸੀ ਐੱਲ ਵੱਲੋਂ ਮੁਕਾਬਲੇ ਵਾਲੀਆਂ ਕੀਮਤਾਂ ‘ਤੇ ਬਿਜਲੀ ਖਰੀਦ ਪ੍ਰਬੰਧ ਕਰਨ ਲਈ ਪਹਿਲਾਂ ਤੋਂ ਹੀ ਯੋਜਨਾ ਬਣਾਈ ਜਾ ਰਹੀ ਹੈ।
ਉਹਨਾ ਦੱਸਿਆ ਕਿ ਇਸ ਸਾਲ 23 ਜੂਨ ਨੂੰ 15,293 ਮੈਗਾਵਾਟ ਦੀ ਹੁਣ ਤੱਕ ਦੀ ਬਿਜਲੀ ਦੀ ਸਭ ਤੋਂ ਉੱਚੀ ਮੰਗ ਪੂਰੀ ਕੀਤੀ ਗਈ, ਜੋ ਕਿ ਸਾਲ 2022 ਦੌਰਾਨ 29 ਜੂਨ ਨੂੰ ਪੂਰੀ ਕੀਤੀ ਗਈ ਵੱਧ ਤੋਂ ਵੱਧ 14,311 ਮੈਗਾਵਾਟ ਦੀ ਬਿਜਲੀ ਮੰਗ ਦੇ ਮੁਕਾਬਲੇ 7 ਫੀਸਦੀ ਵੱਧ ਸੀ। ਇਸ ਤੋਂ ਇਲਾਵਾ ਇਸ ਸਾਲ 9 ਸਤੰਬਰ ਨੂੰ 3427 ਲੱਖ ਯੂਨਿਟ ਦੀ ਇੱਕ ਦਿਨ ਦੀ ਰਿਕਾਰਡ ਊਰਜਾ ਮੰਗ ਨੂੰ ਪੂਰਾ ਕੀਤਾ ਗਿਆ।