ਨਵੀਂ ਦਿੱਲੀ : ਕਾਂਗਰਸ ਦੇ ਸੀਨੀਅਰ ਨੇਤਾ ਜੈਰਾਮ ਰਮੇਸ਼ ਨੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਵਿਰੋਧੀ ਗਠਜੋੜ ‘ਇੰਡੀਅਨ ਨੈਸ਼ਨਲ ਡਿਵੈਲਪਮੈਂਟ ਇਨਕਲੂਸਿਵ ਅਲਾਇੰਸ’ (ਇੰਡੀਆ) ਦੇ ਨੇਤਾਵਾਂ ਦੀ ਟੀਮ ਨੂੰ ਉਨ੍ਹਾ ਅੱਗੇ ‘ਵੀ ਵੀ ਪੀ ਏ ਟੀ’ ’ਤੇ ਆਪਣੀ ਗੱਲ ਰੱਖਣ ਦਾ ਮੌਕਾ ਦਿੱਤਾ ਜਾਵੇ। ਰਮੇਸ਼ ਨੇ ਕਿਹਾ ਹੈ ਕਿ ‘ਇੰਡੀਆ’ ਦੀਆਂ ਸੰਵਿਧਾਨਕ ਪਾਰਟੀਆਂ ਦੇ ਨੇਤਾਵਾਂ ਨੇ ‘ਵੀ ਵੀ ਪੀ ਏ ਟੀ’ ਦੀ ਵਰਤੋਂ ’ਤੇ ਚਰਚਾ ਕੀਤੀ ਤੇ ਫੈਸਲਾ ਕੀਤਾ ਹੈ ਕਿ ਇਸ ਬਾਰੇ ਆਪਣਾ ਨਜ਼ਰੀਆ ਭਾਰਤੀ ਚੋਣ ਕਮਿਸ਼ਨ ਦੇ ਸਾਹਮਣੇ ਰੱਖਿਆ ਜਾਵੇ। ਇਸ ਲਈ ਕਮਿਸ਼ਨ ਨੂੰ ਮੀਟਿੰਗ ਲਈ ਸਮਾਂ ਦੇਣ ਦੀ ਬੇਨਤੀ ਕੀਤੀ ਗਈ ਹੈ। ਰਮੇਸ਼ ਨੇ ਕਿਹਾ ਕਿ ਇੰਡੀਆ ਗਠਜੋੜ ਦੀ ਟੀਮ ਦੇ 3-4 ਮੈਂਬਰਾਂ ਨੂੰ ਇਸ ਮਾਮਲੇ ’ਤੇ ਗੱਲਬਾਤ ਕਰਨ ਲਈ ਮੀਟਿੰਗ ਦਾ ਸਮਾਂ ਦਿੱਤਾ ਜਾਵੇ।


