ਨਵੀਂ ਦਿੱਲੀ : ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਕਿਹਾ ਹੈ ਕਿ ਕੈਨੇਡੀਅਨ ਰਾਜਨੀਤੀ ਨੇ ਖਾਲਿਸਤਾਨੀ ਤਾਕਤਾਂ ਨੂੰ ਥਾਂ ਦਿੱਤੀ ਹੈ ਅਤੇ ਉਨ੍ਹਾਂ ਨੂੰ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਹੈ, ਜੋ ਭਾਰਤ ਅਤੇ ਕੈਨੇਡਾ ਦੇ ਦੁਵੱਲੇ ਸੰਬੰਧਾਂ ਨੂੰ ਪ੍ਰਭਾਵਤ ਕਰਦੀਆਂ ਹਨ। ਉਨ੍ਹਾ ਖਬਰ ਏਜੰਸੀ ਏ ਐੱਨ ਆਈ ਨੂੰ ਦਿੱਤੀ ਇੰਟਰਵਿਊ ਵਿਚ ਚਿੰਤਾ ਪ੍ਰਗਟਾਈ ਕਿ ਇਹ ਕਾਰਵਾਈਆਂ ਕਿਸੇ ਵੀ ਦੇਸ਼ ਦੇ ਹਿੱਤ ਵਿੱਚ ਨਹੀਂ ਹਨ। ਵਿਦੇਸ਼ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਭਾਰਤ ਵਿੱਚ ਜੀ-20 ਸੰਮੇਲਨ ਦਾ ਕੈਨੇਡਾ ਵਿੱਚ ਖਾਲਿਸਤਾਨੀ ਮੁੱਦੇ ਨਾਲ ਕੋਈ ਸੰਬੰਧ ਨਹੀਂ ਹੈ। ਖਾਲਿਸਤਾਨ ਦਾ ਮੁੱਦਾ ਸਾਲਾਂ ਪੁਰਾਣਾ ਹੈ।
ਜੈਸ਼ੰਕਰ ਨੇ ਇਹ ਵੀ ਕਿਹਾ ਕਿ ਚੀਨ ਨੂੰ ਜਵਾਬ ਦੇਣ ਦੇ ਤਰੀਕੇ ਨੂੰ ਲੈ ਕੇ ਜਵਾਹਰ ਲਾਲ ਨਹਿਰੂ ਅਤੇ ਸਰਦਾਰ ਵੱਲਭ ਭਾਈ ਪਟੇਲ ਵਿਚਕਾਰ ਸ਼ੁਰੂ ਤੋਂ ਹੀ ਤਿੱਖੇ ਮਤਭੇਦ ਸਨ। ਮੋਦੀ ਸਰਕਾਰ ਚੀਨ ਨਾਲ ਨਜਿੱਠਣ ਲਈ ਸਰਦਾਰ ਪਟੇਲ ਵੱਲੋਂ ਸ਼ੁਰੂ ਕੀਤੀ ਯਥਾਰਥਵਾਦ ਦੀ ਨੀਤੀ ਦੇ ਅਨੁਸਾਰ ਕੰਮ ਕਰ ਰਹੀ ਹੈ। ਸਰਕਾਰ ਨੇ ਅਜਿਹੇ ਰਿਸ਼ਤੇ ਬਣਾਉਣ ਦੀ ਕੋਸ਼ਿਸ਼ ਕੀਤੀ ਹੈ, ਜੋ ਆਪਸੀ ਸੰਬੰਧਾਂ ’ਤੇ ਅਧਾਰਤ ਹਨ। ਜਦੋਂ ਤੱਕ ਇਸ ਪ੍ਰਸਪਰਤਾ ਨੂੰ ਮਾਨਤਾ ਨਹੀਂ ਦਿੱਤੀ ਜਾਂਦੀ, ਅੱਗੇ ਵਧਣਾ ਮੁਸ਼ਕਲ ਹੋਵੇਗਾ।