ਨਵੀਂ ਦਿੱਲੀ : ਅਡਾਨੀ-ਹਿੰਡਨਬਰਗ ਵਿਵਾਦ ’ਚ ਸੁਪਰੀਮ ਕੋਰਟ ਨੇ ਬੁੱਧਵਾਰ ਕਿਹਾ ਕਿ ਮਾਮਲੇ ਦੇ ਤੱਥਾਂ ਨੂੰ ਦੇਖਦੇ ਹੋਏ ਅਜਿਹਾ ਨਹੀਂ ਲੱਗਦਾ ਕਿ ਪੜਤਾਲ ਵਿਸ਼ੇਸ਼ ਜਾਂਚ ਟੀਮ ਜਾਂ ਹੋਰ ਏਜੰਸੀਆਂ ਨੂੰ ਸੌਂਪੀ ਜਾਵੇ।ਇਸ ਦੇ ਨਾਲ ਉਸ ਨੇ ਸੇਬੀ ਨੂੰ ਬਾਕੀ ਦੋ ਮਾਮਲਿਆਂ ਵਿੱਚ ਤਿੰਨ ਮਹੀਨਿਆਂ ਵਿੱਚ ਜਾਂਚ ਪੂਰੀ ਕਰਨ ਦਾ ਨਿਰਦੇਸ਼ ਦਿੱਤਾ ਹੈ। ਚੀਫ ਜਸਟਿਸ ਡੀ ਵਾਈ ਚੰਦਰਚੂੜ ਦੀ ਅਗਵਾਈ ਵਾਲੀ ਬੈਂਚ ਨੇ ਕਿਹਾ ਕਿ ਉਹ ਸੇਬੀ ਦੀ ਜਾਂਚ ਕਰਨ ਦੀ ਤਾਕਤ ਨੂੰ ਕੰਟਰੋਲ ਨਹੀਂ ਕਰ ਸਕਦੇ। ਬੈਂਚ ਨੇ ਇਹ ਵੀ ਕਿਹਾ ਕਿ ਸੇਬੀ ਨੇ ਅਡਾਨੀ ਸਮੂਹ ਵਿਰੁੱਧ ਦੋਸ਼ਾਂ ਨਾਲ ਸੰਬੰਧਤ 24 ਵਿੱਚੋਂ 22 ਮਾਮਲਿਆਂ ਵਿੱਚ ਆਪਣੀ ਜਾਂਚ ਪੂਰੀ ਕਰ ਲਈ ਹੈ। ਮਾਮਲੇ ਦੇ ਤੱਥਾਂ ਨੂੰ ਦੇਖਦੇ ਹੋਏ ਅਜਿਹਾ ਨਹੀਂ ਲੱਗਦਾ ਕਿ ਜਾਂਚ ਦੀ ਜ਼ਿੰਮੇਵਾਰੀ ਵਿਸ਼ੇਸ਼ ਜਾਂਚ ਟੀਮ ਜਾਂ ਹੋਰ ਏਜੰਸੀਆਂ ਨੂੰ ਸੌਂਪੀ ਜਾਣੀ ਚਾਹੀਦੀ ਹੈ। ਅਦਾਲਤ ਨੇ ਇਹ ਫੈਸਲਾ ਉਨ੍ਹਾਂ ਪਟੀਸ਼ਨਾਂ ’ਤੇ ਸੁਣਵਾਈ ਤੋਂ ਬਾਅਦ ਦਿੱਤਾ, ਜਿਨ੍ਹਾਂ ’ਚ ਦੋਸ਼ ਲਗਾਇਆ ਗਿਆ ਸੀ ਕਿ ਅਡਾਨੀ ਸਮੂਹ ਵੱਲੋਂ ਸ਼ੇਅਰਾਂ ਦੀਆਂ ਕੀਮਤਾਂ ’ਚ ਹੇਰਾਫੇਰੀ ਕੀਤੀ ਗਈ ਸੀ। ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਅਡਾਨੀ ਸਮੂਹ ਦੀਆਂ ਸਾਰੀਆਂ ਕੰਪਨੀਆਂ ਦੇ ਸ਼ੇਅਰਾਂ ’ਚ 2.2 ਫੀਸਦੀ ਤੋਂ 10 ਫੀਸਦੀ ਦਾ ਵਾਧਾ ਹੋ ਗਿਆ। ਫੈਸਲੇ ’ਤੇ ਉਦਯੋਗਪਤੀ ਗੌਤਮ ਅਡਾਨੀ ਨੇ ਕਿਹਾਸੱਚ ਜਿੱਤ ਗਿਆ, ਸੱਤਿਆਮੇਵ ਜਯਤੇ।