ਅਕਾਲੀ ਆਪਣੀ ਯਾਤਰਾ ਦਾ ਨਾਂਅ ‘ਅਕਾਲੀ ਦਲ ਤੋਂ ਪੰਜਾਬ ਬਚਾ ਲਓ ਯਾਤਰਾ’ ਰੱਖਣ : ਮਾਨ

0
180

ਚੰਡੀਗੜ੍ਹ (ਕਿ੍ਰਸ਼ਨ ਗਰਗ)
ਸ਼੍ਰੋਮਣੀ ਅਕਾਲੀ ਦਲ ਵੱਲੋਂ ਇਕ ਫਰਵਰੀ ਤੋਂ ਕੀਤੀ ਜਾਣ ਵਾਲੀ ‘ਪੰਜਾਬ ਬਚਾਓ ਯਾਤਰਾ’ ਦੇ ਸੰਬੰਧ ’ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਕਿਹਾ ਕਿ ਅਕਾਲੀਆਂ ਨੇ 15 ਸਾਲਾਂ ਦੇ ਕੁਸ਼ਾਸਨ ਦੌਰਾਨ ਪੰਜਾਬ ਨੂੰ ਬੇਰਹਿਮੀ ਨਾਲ ਲੁੱਟਿਆ ਹੈ, ਜਿਸ ਕਰਕੇ ਇਸ ਯਾਤਰਾ ਦਾ ਅਸਲ ਨਾਂਅ ‘ਅਕਾਲੀ ਦਲ ਤੋਂ ਪੰਜਾਬ ਬਚਾ ਲਓ ਯਾਤਰਾ’ ਹੋਣਾ ਚਾਹੀਦਾ ਹੈ।
ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਨੇ 15 ਸਾਲਾਂ ਦੇ ਹਨੇਰਗਰਦੀ ਅਤੇ ਬਦਅਮਨੀ ਵਾਲੇ ਸ਼ਾਸਨ ਦੌਰਾਨ ਸੂਬੇ ਦੇ ਵਸੀਲਿਆਂ ਉਤੇ ਡਾਕਾ ਮਾਰਿਆ ਅਤੇ ਪੰਜਾਬੀਆਂ ਦੇ ਹਿਰਦਿਆਂ ਨੂੰ ਗਹਿਰੇ ਜ਼ਖ਼ਮ ਦਿੱਤੇ। ਉਨ੍ਹਾ ਕਿਹਾ ਕਿ ਸੂਬੇ ਦੀ ਸਭ ਤੋਂ ਪੁਰਾਣੀ ਸਿਆਸੀ ਪਾਰਟੀ ਹੁਣ ਹਾਸ਼ੀਏ ਉਤੇ ਪਹੁੰਚ ਚੁੱਕੀ ਹੈ ਅਤੇ ਸੂਬੇ ਵਿੱਚ ਲੰਮਾ ਸਮਾਂ ਸੱਤਾ ਵਿੱਚ ਰਹਿਣ ਤੋਂ ਬਾਅਦ ਅੱਜ ਤਿੰਨ ਸੀਟਾਂ ਤੱਕ ਸਿਮਟ ਕੇ ਰਹਿ ਗਈ ਹੈ। ਪੰਜਾਬ ਦੇ ਲੋਕ ਅਕਾਲੀਆਂ ਅਤੇ ਬਾਦਲ ਪਰਵਾਰ ਦੇ ਦੋਹਰੇ ਕਿਰਦਾਰ ਬਾਰੇ ਚੰਗੀ ਤਰ੍ਹਾਂ ਜਾਣਦੇ ਹਨ, ਜਿਸ ਕਰਕੇ ਯਾਤਰਾ ਵਰਗੀਆਂ ਨੌਟੰਕੀਆਂ ਹੁਣ ਕੰਮ ਨਹੀਂ ਆਉਣਗੀਆਂ।
ਮੁੱਖ ਮੰਤਰੀ ਨੇ ਅਕਾਲੀਆਂ ਨੂੰ ਚੇਤੇ ਕਰਵਾਇਆ ਕਿ ਅਕਾਲੀ ਦਲ ਦੇ ਲੰਮੇ ਕੁਸ਼ਾਸਨ ਦੌਰਾਨ ਪੰਜਾਬ ਹਰੇਕ ਖੇਤਰ ਵਿੱਚ ਪਛੜਦਾ ਰਿਹਾ ਹੈ। ਉਨ੍ਹਾ ਨੇ ਅਕਾਲੀ ਦਲ ਨੂੰ ਕਿਹਾਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਗੈਂਗਸਟਰਾਂ ਅਤੇ ਨਸ਼ਾ ਮਾਫੀਏ ਦੀ ਪੁਸ਼ਤਪਨਾਹੀ ਵਰਗੇ ਬੱਜਰ ਗੁਨਾਹਾਂ ਵਿੱਚੋਂ ਤੁਸੀਂ ਕਦੇ ਦੁੱਧ-ਧੋਤੇ ਸਾਬਤ ਨਹੀਂ ਹੋ ਸਕਦੇ। ਪੰਜਾਬ ਦੇ ਲੋਕ ਉਹ ਸਮਾਂ ਕਦੇ ਵੀ ਭੁੱਲ ਨਹੀਂ ਸਕਦੇ, ਜਦੋਂ ਸਮੁੱਚਾ ਪੰਜਾਬ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਖੜ੍ਹਾ ਸੀ ਅਤੇ ਉਸ ਵੇਲੇ ਅਕਾਲੀ ਆਪਣੇ ਸੌੜੇ ਸਿਆਸੀ ਹਿੱਤਾਂ ਲਈ ਨਿਰਲੱਜ ਹੋ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਸੋਹਲੇ ਗਾ ਰਹੇ ਸਨ।ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਅਤੇ ਖਾਸ ਕਰਕੇ ਬਾਦਲ ਪਰਵਾਰ ਦੇ ਪੰਜਾਬ ਵਿਰੋਧੀ ਫੈਸਲਿਆਂ ਦੀ ਸੂਚੀ ਬਹੁਤ ਲੰਮੀ ਹੈ, ਜਿਸ ਕਰਕੇ ਇਨ੍ਹਾਂ ਨੂੰ ਸਿਆਸੀ ਗੁਮਨਾਮੀ ਵਿੱਚ ਭੇਜਣਾ ਸਮੇਂ ਦੀ ਲੋੜ ਹੈ। ਉਨ੍ਹਾ ਅਕਾਲੀ ਦਲ ਨੂੰ ਆਪਣੇ ਲੰਮੇ ਕਾਰਜਕਾਲ ਦੀ ਇਕ ਵੀ ਪ੍ਰਾਪਤੀ ਲੋਕਾਂ ਨੂੰ ਦੱਸਣ ਦੀ ਚੁਣੌਤੀ ਦਿੱਤੀ ਹੈ। ਮਾਨ ਨੇ ਤਨਜ਼ ਕੱਸਦਿਆਂ ਕਿਹਾਸ਼੍ਰੋਮਣੀ ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਮਹਿਜ਼ ਦੋ ਸੰਸਦ ਮੈਂਬਰ ਲੋਕ ਸਭਾ ਵਿੱਚ ਹਨ, ਪਰ ਇਨ੍ਹਾਂ ਕਦੇ ਵੀ ਪੰਜਾਬ ਅਤੇ ਪੰਜਾਬੀਆਂ ਨਾਲ ਜੁੜੇ ਮਸਲਿਆਂ ਲਈ ਲੋਕ ਸਭਾ ਵਿੱਚ ਆਵਾਜ਼ ਨਹੀਂ ਚੁੱਕੀ।
ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਦੀ ਪ੍ਰਸਤਾਵਿਤ ਯਾਤਰਾ ਸਿਰਫ ਲੋਕਾਂ ਨੂੰ ਗੁੰਮਰਾਹ ਕਰਨ ਅਤੇ ਮੀਡੀਆ ਵਿੱਚ ਸੁਰਖੀਆਂ ਬਟੋਰਨ ਤੋਂ ਵੱਧ ਹੋਰ ਕੁਝ ਨਹੀਂ। ਪੰਜਾਬ ਦੇ ਲੋਕ ਅਕਾਲੀਆਂ ਦੇ ਪੰਜਾਬ ਤੇ ਲੋਕ ਵਿਰੋਧੀ ਕਿਰਦਾਰ ਤੋਂ ਭਲੀਭਾਂਤ ਜਾਣੂ ਹਨ, ਜਿਸ ਕਰਕੇ ਉਨ੍ਹਾਂ ਨੂੰ ਕਦੇ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ। ਉਹਨਾ ਕਿਹਾ ਕਿ ਸੂਬੇ ਦੇ ਲੋਕ ਅਕਾਲੀ ਦਲ ਵੱਲੋਂ ਪੰਜਾਬ ਨਾਲ ਕਮਾਏ ਧ੍ਰੋਹ ਲਈ ਉਨ੍ਹਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ।

LEAVE A REPLY

Please enter your comment!
Please enter your name here