ਚੰਡੀਗੜ੍ਹ (ਗੁਰਜੀਤ ਬਿੱਲਾ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਸੂਬਾਈ ਵਿਧਾਨ ਸਭਾ ਵੱਲੋਂ ਪਾਸ ਕੀਤੇ ਤਿੰਨ ਅਹਿਮ ਬਿੱਲਾਂ ਨੂੰ ਮਨਜ਼ੂਰੀ ਦੇਣ ਲਈ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਤਿੰਨ ਬਿੱਲਾਂ ਨੂੰ ਰਾਜਪਾਲ ਵੱਲੋਂ ਹਰੀ ਝੰਡੀ ਦੇ ਦਿੱਤੀ ਗਈ ਹੈ। ਉਨ੍ਹਾ ਦੱਸਿਆ ਕਿ ਇਨ੍ਹਾਂ ਬਿੱਲਾਂ ਵਿੱਚ ਰਜਿਸਟਰੇਸ਼ਨ (ਪੰਜਾਬ ਸੋਧ) ਬਿੱਲ, 2023, ਤਬਾਦਲਾ ਮਲਕੀਅਤ (ਪੰਜਾਬ ਸੋਧ) ਬਿੱਲ 2023 ਅਤੇ ਇੰਡੀਅਨ ਸਟੈਂਪ (ਪੰਜਾਬ ਸੋਧ) ਬਿੱਲ 2023 ਸਾਮਲ ਹਨ। ਮਾਨ ਨੇ ਦੱਸਿਆ ਕਿ ਇਹ ਬਿੱਲ ਸੂਬਾ ਵਾਸੀਆਂ ਦੀ ਸਹੂਲਤ ਲਈ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਸਨ। ਉਹਨਾ ਕਿਹਾ ਕਿ ਇਹ ਸਾਰੇ ਬਿੱਲ ਲੋਕਾਂ ਨੂੰ ਫੌਰੀ ਅਤੇ ਨਿਰਵਿਘਨ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਲਈ ਮਦਦਗਾਰ ਸਾਬਿਤ ਹੋਣਗੇ। ਇਨ੍ਹਾਂ ਬਿੱਲਾਂ ਦਾ ਉਦੇਸ਼ ਪੰਜਾਬ ਵਿੱਚ ਲੋੜੀਂਦੇ ਸੁਧਾਰਾਂ ਰਾਹੀਂ ਸਿਸਟਮ ਨੂੰ ਹੋਰ ਬਿਹਤਰ ਬਣਾਉਣਾ ਹੈ। ਉਹਨਾ ਆਸ ਪ੍ਰਗਟਾਈ ਕਿ ਇਨ੍ਹਾਂ ਬਿੱਲਾਂ ਨੂੰ ਮਨਜ਼ੂਰੀ ਮਿਲਣ ਨਾਲ ਲੋਕਾਂ ਨੂੰ ਕਾਫੀ ਲਾਭ ਮਿਲੇਗਾ। ਹੁਣ ਉਹ ਬੜੇ ਸੁਖਾਲੇ ਤੇ ਸੁਚੱਜੇ ਢੰਗ ਨਾਲ ਨਾਗਰਿਕ ਸੇਵਾਵਾਂ ਹਾਸਲ ਕਰ ਸਕਣਗੇ। ਮੁੱਖ ਮੰਤਰੀ ਨੇ ਇਹ ਵੀ ਆਸ ਪ੍ਰਗਟਾਈ ਕਿ ਰਾਜਪਾਲ ਬਾਕੀ ਰਹਿੰਦੇ ਬਕਾਇਆ ਬਿੱਲਾਂ ਨੂੰ ਵੀ ਜਲਦ ਮਨਜ਼ੂਰੀ ਦੇ ਦੇਣਗੇ। ਪੰਜਾਬ ਵਿਧਾਨ ਸਭਾ, ਜਿਸ ਨੂੰ ਸੂਬੇ ਦੇ ਤਿੰਨ ਕਰੋੜ ਤੋਂ ਵੱਧ ਲੋਕਾਂ ਦੀ ਰਾਇਸ਼ੁਮਾਰੀ ਨਾਲ ਚੁਣਿਆ ਜਾਂਦਾ ਹੈ, ਨੇ ਵਿਸ਼ਾਲ ਜਨਤਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਬਿੱਲ ਪਾਸ ਕੀਤੇ ਹਨ ਅਤੇ ਰਾਜਪਾਲ ਦੀ ਪ੍ਰਵਾਨਗੀ ਨਾਲ ਇਹ ਯਕੀਨੀ ਬਣੇਗਾ ਕਿ ਇਨ੍ਹਾਂ ਨੂੰ ਸਹੀ ਅਰਥਾਂ ਵਿੱਚ ਲਾਗੂ ਕੀਤਾ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਜਦੋਂ ਜਾਗੋ, ਉਦੋਂ ਸਵੇਰਾ’ ਅਤੇ ਰਾਜਪਾਲ ਦਾ ਫੈਸਲਾ ਸਵਾਗਤਯੋਗ ਕਦਮ ਹੈ।





