ਅੰਮਿ੍ਤਸਰ (ਜਸਬੀਰ ਸਿੰਘ ਪੱਟੀ)
ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਵਾਲੇ ਦਿਨ ਉਨ੍ਹਾ ਦੀ ਰਿਹਾਇਸ਼ ‘ਤੇ ਪਾਵਨ ਸਰੂਪ ਲੈ ਕੇ ਆਉਣ ਵਾਲੀ ਗੱਡੀ ਨੂੰ ਤਲਾਸ਼ੀ ਲਈ ਰੋਕਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਇਤਰਾਜ਼ ਕੀਤਾ ਹੈ | ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਇਸ ਸੰਬੰਧ ਵਿਚ ਪੱਤਰ ਦੇ ਕੇ ਇਸ ਨੂੰ ਗੁਰੂ ਗ੍ਰੰਥ ਸਾਹਿਬ ਦੇ ਰੁਤਬੇ ਅਤੇ ਸਤਿਕਾਰ ਦੀ ਤੌਹੀਨ ਕਰਾਰ ਦਿੱਤਾ ਹੈ | ਉਨ੍ਹਾਂ ਇਸ ਮਾਮਲੇ ਵਿਚ ਮੁੱਖ ਮੰਤਰੀ ਸਮੇਤ ਸੰਬੰਧਤ ਅਧਿਕਾਰੀਆਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ | ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਵੀਰਵਾਰ ਇਥੇ ਅਕਾਲ ਤਖਤ ਦੇ ਸਕੱਤਰੇਤ ‘ਚ ਜਥੇਦਾਰ ਨੂੰ ਮਿਲੇ |