ਚੰਡੀਗੜ੍ਹ (ਗੁਰਜੀਤ ਬਿੱਲਾ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਸੂਬੇ ਦੇ ਨੌਜਵਾਨਾਂ ਨੂੰ ਨਵੇਂ ਵਰ੍ਹੇ ਦਾ ਤੋਹਫਾ ਦਿੰਦਿਆਂ ਪੰਜਾਬ ਰਾਜ ਸਹਿਕਾਰੀ ਬੈਂਕ ਵਿੱਚ ਨਵੇਂ ਭਰਤੀ ਹੋਏ 520 ਕਲਰਕ-ਕਮ-ਡਾਟਾ ਐਂਟਰੀ ਅਪਰੇਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ।
ਟੈਗੋਰ ਥੀਏਟਰ ਵਿਖੇ ਨਿਯੁਕਤੀ ਪੱਤਰ ਸੌਂਪਣ ਤੋਂ ਬਾਅਦ ਨੌਜਵਾਨਾਂ ਨੂੰ ਮੁਖਾਤਿਬ ਹੁੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਨਿਯੁਕਤੀ ਪੱਤਰ ਵੰਡ ਸਮਾਰੋਹ ਉਨ੍ਹਾ ਦੀ ਸਰਕਾਰ ਦਾ ਪਲੇਠਾ ਸਮਾਗਮ ਨਹੀਂ, ਕਿਉਂਕਿ ਸੂਬਾ ਸਰਕਾਰ ਹੁਣ ਤੱਕ ਅਜਿਹੇ ਕਈ ਸਮਾਗਮ ਕਰਕੇ 40,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਵੰਡ ਚੁੱਕੀ ਹੈ।
ਉਹਨਾ ਕਿਹਾ ਕਿ ਪੰਜਾਬ ਦੇ ਮੁਖੀ ਹੋਣ ਦੇ ਨਾਤੇ ਉਨ੍ਹਾ ਦਾ ਹਰ ਕਦਮ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਨੂੰ ਸਮਰਪਿਤ ਹੁੰਦਾ ਹੈ। ਉਨ੍ਹਾ ਕਿਹਾ ਕਿ ਬਦਕਿਸਮਤੀ ਨਾਲ ਉਨ੍ਹਾ ਤੋਂ ਪਹਿਲੇ ਮੁੱਖ ਮੰਤਰੀਆਂ ਨੂੰ ਕਦੇ ਵੀ ਸੂਬੇ ਦੀ ਚਿੰਤਾ ਨਹੀਂ ਹੁੰਦੀ ਸੀ, ਸਗੋਂ ਉਨ੍ਹਾਂ ਨੂੰ ਆਪਣੇ ਨਿੱਜੀ ਹਿੱਤਾਂ ਦਾ ਫਿਕਰ ਵੱਧ ਹੁੰਦਾ ਸੀ। ਮਾਨ ਨੇ ਕਿਹਾ ਕਿ ਹਰੇਕ ਮੁੱਦੇ ਨੂੰ ਲੈ ਕੇ ਸੂਬੇ ਦੇ ਨਕਾਰੇ ਹੋਏ ਸਿਆਸੀ ਆਗੂ ਉਨ੍ਹਾ ਦੀ ਨਿੱਤ ਨਿਖੇਧੀ ਕਰ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਪਿਛਲੇ 75 ਸਾਲਾਂ ਵਿੱਚ ਨੌਜਵਾਨ ਸਰਕਾਰੀ ਨੌਕਰੀ ਲਈ ਇਕ ਮੌਕੇ ਨੂੰ ਤਰਸਦੇ ਹੁੰਦੇ ਸਨ, ਹੁਣ ਉਨ੍ਹਾਂ ਨੂੰ ਇੱਕ ਸਾਲ ਵਿੱਚ ਤਿੰਨ-ਤਿੰਨ ਨੌਕਰੀਆਂ ਮਿਲ ਰਹੀਆਂ ਹਨ। ਉਹਨਾ ਕਿਹਾ ਕਿ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਾ ਸਫਰ ਜਾਰੀ ਰਹੇਗਾ ਅਤੇ 18 ਜਨਵਰੀ ਨੂੰ 590 ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ।





