11 ਹਜ਼ਾਰ ਖਿਡਾਰੀਆਂ ਨੂੰ 8.30 ਕਰੋੜ ਰੁਪਏ ਤਕਸੀਮ

0
215

ਚੰਡੀਗੜ੍ਹ, (ਗੁਰਜੀਤ ਬਿੱਲਾ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਸੂਬੇ ਦੇ ਸਭ ਤੋਂ ਵੱਡੇ ਖੇਡ ਮੁਕਾਬਲੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਦੂਜੇ ਭਾਗ ਦੀ ਰਸਮੀ ਸਮਾਪਤੀ ਦਾ ਐਲਾਨ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿੱਚ ਹੋਈਆਂ ਇਨ੍ਹਾਂ ਖੇਡਾਂ ਵਿੱਚ 4.5 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਉਨ੍ਹਾ ਕਿਹਾ ਕਿ ਖੇਡਾਂ ਦੌਰਾਨ ਸੂਬੇ ਭਰ ਦੇ ਸੋਨੇ, ਚਾਂਦੀ ਤੇ ਕਾਂਸੀ ਦੇ ਤਮਗਿਆਂ ਦੇ ਜੇਤੂ 11 ਹਜ਼ਾਰ ਖਿਡਾਰੀਆਂ ਲਈ 8.30 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਜਾਰੀ ਕੀਤੀ, ਜੋ ਕਿ ਖਿਡਾਰੀਆਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕਰ ਦਿੱਤੀ ਜਾਵੇਗੀ। ਮਾਨ ਨੇ ਇਨ੍ਹਾਂ ਖਿਡਾਰੀਆਂ ਨੂੰ ਉਨ੍ਹਾਂ ਦੀ ਸਫ਼ਲਤਾ ਲਈ ਮੁਬਾਰਕਬਾਦ ਦਿੰਦਿਆਂ ਉਮੀਦ ਜਤਾਈ ਕਿ ਇਹ ਖਿਡਾਰੀ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਸੂਬੇ ਲਈ ਨਾਮਣਾ ਖੱਟਣਾ ਜਾਰੀ ਰੱਖਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਸਾਲ ਅੱਠ ਉਮਰ ਵਰਗਾਂ ਦੇ 35 ਮੁਕਾਬਲੇ ਕਰਵਾਏ ਗਏ ਅਤੇ ਪਹਿਲੀ ਦਫ਼ਾ ਇਨ੍ਹਾਂ ਖੇਡਾਂ ਵਿੱਚ ਰਗਬੀ, ਸਾਇਕਲਿੰਗ, ਘੋੜ ਸਵਾਰੀ, ਵੁਸ਼ੂ ਤੇ ਵਾਲੀਬਾਲ ਸ਼ੂਟਿੰਗ ਨੂੰ ਵੀ ਸ਼ਾਮਲ ਕੀਤਾ ਗਿਆ। ਇਸ ਵਾਰ ਅੰਡਰ-14, 17, 21, 21 ਤੋਂ 30, 31 ਤੋਂ 40, 41 ਤੋਂ 55, 56 ਤੋਂ 65 ਸਾਲ ਅਤੇ 65 ਸਾਲ ਤੋਂ ਵੱਧ ਉਮਰ ਵਰਗ ਦੇ ਮੁਕਾਬਲੇ ਕਰਵਾਏ ਗਏ। ਉਹਨਾ ਕਿਹਾ ਕਿ ਸੋਨੇ ਦਾ ਤਮਗਾ ਜੇਤੂ ਨੂੰ 10 ਹਜ਼ਾਰ, ਚਾਂਦੀ ਲਈ ਸੱਤ ਹਜ਼ਾਰ ਅਤੇ ਕਾਂਸੀ ਦਾ ਤਮਗਾ ਜੇਤੂ ਲਈ ਪੰਜ ਹਜ਼ਾਰ ਦੀ ਇਨਾਮੀ ਰਾਸ਼ੀ ਸਮੇਤ ਕੁੱਲ 8.30 ਕਰੋੜ ਰੁਪਏ ਦੇ ਨਕਦ ਇਨਾਮ ਖਿਡਾਰੀਆਂ ਨੂੰ ਦਿੱਤੇ ਗਏ। ਉਹਨਾ ਕਿਹਾ ਕਿ ਇਹ ਖੇਡਾਂ ਖਿਡਾਰੀਆਂ ਨੂੰ ਆਪਣੇ ਹੁਨਰ ਦੇ ਮੁਜ਼ਾਹਰੇ ਲਈ ਇਕ ਪਲੇਟਫਾਰਮ ਮੁਹੱਈਆ ਕਰਨ ਦੀ ਦਿਸ਼ਾ ਵਿੱਚ ਵੱਡਾ ਕਦਮ ਹੈ। ਇਹ ਖੇਡਾਂ ਖਿਡਾਰੀਆਂ ਦੀ ਸਮਰੱਥਾ ਤੇ ਕਮਜ਼ੋਰੀਆਂ ਦੀ ਪਛਾਣ ਕਰਨ ਲਈ ਸੂਬਾ ਸਰਕਾਰ ਵਾਸਤੇ ਮਦਦਗਾਰ ਹੋਣਗੀਆਂ, ਜੋ ਕਿ ਭਵਿੱਖ ਵਿੱਚ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਲਈ ਤਿਆਰ ਕਰਨ ਲਈ ਸਹਾਈ ਸਾਬਤ ਹੋਵੇਗਾ। ਪੰਜਾਬ ਵਿੱਚ ਖੇਡਾਂ ਨੂੰ ਹਰਮਨਪਿਆਰਾ ਬਣਾਉਣ ਲਈ ਸੂਬਾ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡ ਰਹੀ, ਕਿਉਕਿ ਖੇਡਾਂ ਸੂਬੇ ਦੀ ਤਰੱਕੀ ਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ।

LEAVE A REPLY

Please enter your comment!
Please enter your name here