ਓਟਵਾ : ਕੈਨੇਡਾ ’ਚ ਵੱਖਵਾਦੀ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਪੈਦਾ ਹੋਏ ਕੂਟਨੀਤਕ ਵਿਵਾਦ ਕਾਰਨ ਭਾਰਤ ਵੱਲੋਂ ਕੈਨੇਡੀਅਨ ਡਿਪਲੋਮੈਟਾਂ ਨੂੰ ਕੱਢੇ ਜਾਣ ਤੋਂ ਬਾਅਦ ਪਿਛਲੇ ਸਾਲ ਦੇ ਅਖੀਰ ’ਚ ਕੈਨੇਡਾ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਜਾਰੀ ਕੀਤੇ ਸਟੱਡੀ ਪਰਮਿਟਾਂ ਦੀ ਗਿਣਤੀ ’ਚ ਤੇਜ਼ੀ ਨਾਲ ਕਮੀ ਆਈ। ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਇੰਟਰਵਿਊ ’ਚ ਕਿਹਾ ਕਿ ਉਨ੍ਹਾ ਦਾ ਮੰਨਣਾ ਹੈ ਕਿ ਇਹ ਗਿਣਤੀ ਨੇੜ ਭਵਿੱਖ ’ਚ ਵਧਣ ਦੀ ਸੰਭਾਵਨਾ ਨਹੀਂ ਹੈ। ਭਾਰਤ ’ਚ ਬਹੁਤ ਸਾਰੀਆਂ ਅਰਜ਼ੀਆਂ ਨੂੰ ਪ੍ਰੋਸੈਸ ਕਰਨ ਦੀ ਸਮਰੱਥਾ ਅੱਧੀ ਰਹਿ ਗਈ ਹੈ। ਇਸ ਤੋਂ ਇਲਾਵਾ ਵਿਵਾਦ ਨੇ ਭਾਰਤੀ ਵਿਦਿਆਰਥੀਆਂ ਨੂੰ ਦੂਜੇ ਦੇਸ਼ਾਂ ’ਚ ਪੜ੍ਹਾਈ ਕਰਨ ਲਈ ਪ੍ਰੇਰਿਆ ਹੈ। ਇਨ੍ਹਾਂ ਕਾਰਕਾਂ ਕਾਰਨ ਪਿਛਲੇ ਸਾਲ ਦੀ ਚੌਥੀ ਤਿਮਾਹੀ ’ਚ ਭਾਰਤੀਆਂ ਨੂੰ ਜਾਰੀ ਕੀਤੇ ਵਿਦਿਆਰਥੀ ਪਰਮਿਟਾਂ ’ਚ ਪਿਛਲੀ ਤਿਮਾਹੀ ਤੋਂ 86 ਫੀਸਦ ਦੀ ਗਿਰਾਵਟ ਆਈ, ਜੋ 1,08,940 ਤੋਂ 14,910 ਰਹਿ ਗਈ।


