ਮੁਕੇਰੀਆਂ : ਬੁੱਧਵਾਰ ਸਵੇਰੇ ਕਰੀਬ 6 ਵਜੇ ਜਲੰਧਰ-ਪਠਾਨਕੋਟ ਕੌਮੀ ਮਾਰਗ ’ਤੇ ਕਸਬਾ ਐਮਾ ਮਾਂਗਟ ਕੋਲ ਪੁਲਸ ਮੁਲਾਜ਼ਮਾਂ ਦੀ ਭਰੀ ਬੱਸ ਸੜਕ ਕੰਢੇ ਖੜ੍ਹੇ ਟਰਾਲੇ ਨਾਲ ਟਕਰਾਉਣ ਕਾਰਨ 3 ਪੁਲਸ ਮੁਲਾਜ਼ਮਾਂ ਦੀ ਮੌਤ ਹੋ ਗਈ, ਜਦਕਿ ਇਕ ਦਰਜਨ ਤੋਂ ਵੱਧ ਜ਼ਖਮੀ ਹੋ ਗਏ। ਬੱਸ ’ਚ ਪੀ ਏ ਪੀ ਜਲੰਧਰ ਦੇ ਕਰੀਬ 30 ਮੁਲਾਜ਼ਮ 26 ਜਨਵਰੀ ਦੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਲੱਗੀਆਂ ਡਿਊਟੀਆਂ ਕਾਰਨ ਗੁਰਦਾਸਪੁਰ ਜਾ ਰਹੇ ਸਨ। ਹਾਦਸਾ ਇੰਨਾ ਭਿਆਨਕ ਸੀ ਕਿ ਡਰਾਈਵਰ ਸਮੇਤ ਕਈ ਜ਼ਖਮੀਆਂ ਨੂੰ ਬਾਹਰ ਕੱਢਣ ਲਈ ਭਾਰੀ ਜੱਦੋ-ਜਹਿਦ ਕਰਨੀ ਪਈ ਅਤੇ ਹੋਰਨਾਂ ਵਾਹਨਾਂ ਦੀ ਮਦਦ ਨਾਲ ਬੱਸ ਨੂੰ ਪਿੱਛੇ ਖਿੱਚ ਕੇ ਟਰਾਲੇ ਨਾਲੋਂ ਨਿਖੇੜ ਕੇ ਜ਼ਖਮੀ ਬਾਹਰ ਕੱਢੇ ਗਏ। ਐੱਸ ਐੱਸ ਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਮਿ੍ਰਤਕਾਂ ਵਿਚ ਏ ਐੱਸ ਆਈ ਹਰਦੇਵ ਸਿੰਘ, ਬੱਸ ਡਰਾਈਵਰ ਸੀਨੀਅਰ ਕਾਂਸਟੇਬਲ ਗੁਰਪ੍ਰੀਤ ਸਿੰਘ ਤੇ ਮਹਿਲਾ ਕਾਂਸਟੇਬਲ ਸ਼ਾਲੂ ਰਾਣਾ ਸ਼ਾਮਲ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਾਦਸੇ ਵਿੱਚ ਤਿੰਨ ਪੁਲਸ ਮੁਲਾਜ਼ਮਾਂ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੇ ਪਰਵਾਰਾਂ ਨੂੰ ਦੋ-ਦੋ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ।ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੜਕ ਹਾਦਸੇ ਵਿੱਚ ਪੁਲਸ ਮੁਲਾਜ਼ਮਾਂ ਦੀ ਜਾਨ ਜਾਣੀ ਮੰਦਭਾਗੀ ਗੱਲ ਹੈ ਅਤੇ ਇਹ ਸੂਬੇ ਲਈ ਤੇ ਪੀੜਤ ਪਰਵਾਰਾਂ ਲਈ ਬਹੁਤ ਵੱਡਾ ਘਾਟਾ ਹੈ। ਇਸ ਸਹਾਇਤਾ ਰਾਸ਼ੀ ਵਿੱਚੋਂ ਵਿੱਚੋਂ ਇਕ-ਇਕ ਕਰੋੜ ਰੁਪਏ ਸੂਬਾ ਸਰਕਾਰ ਵੱਲੋਂ ਐਕਸ-ਗ੍ਰੇਸ਼ੀਆ ਵਜੋਂ ਦਿੱਤੇ ਜਾਣਗੇ, ਜਦੋਂ ਕਿ ਇਕ-ਇਕ ਕਰੋੜ ਰੁਪਏ ਦੇ ਬੀਮੇ ਦੀ ਅਦਾਇਗੀ ਐੱਚ ਡੀ ਐੱਫ ਸੀ ਬੈਂਕ ਵੱਲੋਂ ਕੀਤੀ ਜਾਵੇਗੀ। ਮਾਨ ਨੇ ਕਿਹਾ ਕਿ ਪੁਲਸ ਮੁਲਾਜ਼ਮਾਂ ਦੇ ਪਰਵਾਰਾਂ ਨੂੰ ਵਿੱਤੀ ਸਹਾਇਤਾ ਸੂਬਾ ਸਰਕਾਰ ਦੀ ਸੈਨਿਕਾਂ (ਹਥਿਆਰਬੰਦ ਬਲਾਂ, ਅਰਧ ਸੈਨਿਕ ਬਲਾਂ ਅਤੇ ਪੁਲਸ ਮੁਲਾਜ਼ਮਾਂ) ਅਤੇ ਉਨ੍ਹਾਂ ਦੇ ਪਰਵਾਰਾਂ ਦੀ ਭਲਾਈ ਯਕੀਨੀ ਬਣਾਉਣ ਦੀ ਵਚਨਬੱਧਤਾ ਦੇ ਮੁਤਾਬਕ ਹੈ।





