ਪਟਿਆਲਾ : ਬੁੱਧਵਾਰ ਪੀ ਆਰ ਟੀ ਸੀ ਵਿੱਚ ਕੰਮ ਕਰਦੀਆਂ 6 ਜਥੇਬੰਦੀਆਂ ਸੰਬੰਧਤ ਏਟਕ, ਇੰਟਕ, ਕਰਮਚਾਰੀ ਦਲ, ਐੱਸ ਸੀ ਬੀ ਸੀ, ਸੀਟੂ ਅਤੇ ਪੀ ਆਰ ਟੀ ਸੀ ਰਿਟਾਇਰਡ ਵਰਕਰਜ਼ ਭਾਈਚਾਰਾ ਮੰਚ ’ਤੇ ਆਧਾਰਤ ਸਾਂਝੀ ਐਕਸ਼ਨ ਕਮੇਟੀ ਵੱਲੋਂ ਬੱਸ ਸਟੈਂਡ ਪਟਿਆਲਾ ’ਤੇ ਇੱਕ ਰੋਸ ਭਰਪੂਰ ਕਨਵੈਨਸ਼ਨ ਕੀਤੀ ਗਈ। ਕਨਵੈਨਸ਼ਨ ਨੂੰ ਐਕਸ਼ਨ ਕਮੇਟੀ ਦੇ ਕਨਵੀਨਰ ਨਿਰਮਲ ਸਿੰਘ ਧਾਲੀਵਾਲ ਤੇ ਮੈਂਬਰਾਂ ਗੰਡਾ ਸਿੰਘ, ਹਰਪ੍ਰੀਤ ਸਿੰਘ ਖੱਟੜਾ, ਰਕੇਸ਼ ਕੁਮਾਰ ਦਾਤਾਰਪੁਰੀ, ਇੰਦਰਪਾਲ ਸਿੰਘ ਅਤੇ ਮੁਹੰਮਦ ਖਲੀਲ ਨੇ ਸੰਬੋਧਨ ਕੀਤਾ।
ਐਕਸ਼ਨ ਕਮੇਟੀ ਦੇ ਬੁਲਾਰਿਆਂ ਨੇ ਪੀ ਆਰ ਟੀ ਸੀ ਦੇ ਵਰਕਰਾਂ ਦੀਆਂ ਮੰਗਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਵਰਕਰਾਂ ਦੀਆਂ 17 ਮੰਗਾਂ ਦਾ ਮੰਗ ਪੱਤਰ ਨਵੰਬਰ ਦਾ ਦਿੱਤਾ ਹੋਇਆ ਹੈ, ਉਸ ਤੋਂ 5 ਮਹੀਨੇ ਪਹਿਲਾਂ ਚੇਅਰਮੈਨ ਨੂੰ ਵੀ ਮੰਗ ਪੱਤਰ ਦਿੱਤਾ ਗਿਆ ਸੀ, ਪਰ ਮੈਨੇਜਮੈਂਟ ਨੇ ਕਾਨੂੰਨੀ ਤੌਰ ’ਤੇ ਵਾਜਬ ਮੰਗਾਂ ਉਪਰ ਅਜੇ ਤੱਕ ਕੋਈ ਗੱਲਬਾਤ ਜਾਂ ਕਾਰਵਾਈ ਨਹੀਂ ਕੀਤੀ। ਪੰਜਾਬ ਸਰਕਾਰ ਅਤੇ ਟਰਾਂਸਪੋਰਟ ਮੰਤਰੀ ਵੱਲੋਂ ਪੀ ਆਰ ਟੀ ਸੀ ਨੂੰ ਅਤੇ ਇਸ ਦੇ ਵਰਕਰਾਂ ਨੂੰ ਨਜ਼ਰਅੰਦਾਜ ਕੀਤਾ ਜਾ ਰਿਹਾ ਹੈ, ਜਿਸ ਦਾ ਸਿੱਟਾ ਹੈ ਕਿ ਜਿਥੇ ਵਰਕਰਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾ ਰਹੀਆਂ, ਉੱਥੇ ਪੰਜਾਬ ਵਿੱਚ ਪ੍ਰਾਈਵੇਟ ਟਰਾਂਸਪੋਰਟ ਮਾਫੀਆ ਹੋਰ ਮਜ਼ਬੂਤ ਹੋ ਰਿਹਾ ਹੈ। ਭਿ੍ਰਸ਼ਟਾਚਾਰ ਬਾਦਸਤੂਰ ਚੱਲ ਰਿਹਾ ਹੈ। ਬੁਲਾਰਿਆ ਨੇ ਤਫਸੀਲ ਵਿੱਚ ਮੰਗਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਕੰਟਰੈਕਟ ਅਤੇ ਆਊਟ ਸੋਰਸ ਵਰਕਰਾਂ ਨੂੰ ਪੀ ਆਰ ਟੀ ਸੀ ਰੂਲਜ਼ 1981 ਤਹਿਤ ਰੈਗੂਲਰ ਨਹੀਂ ਕੀਤਾ ਜਾ ਰਿਹਾ। ਚੈਕਿੰਗ ਸਟਾਫ ਨਾਲ ਘੋਰ ਬੇਇਨਸਾਫੀ ਅਤੇ ਜ਼ਿਆਦਤੀਆਂ ਹੋ ਰਹੀਆਂ ਹਨ। ਵਰਕਰਾਂ ਦੇ 170 ਕਰੋੜ ਰੁਪਏ ਦੇ ਬਕਾਏ ਖੜੇ ਹਨ, ਪੰਜਾਬ ਸਰਕਾਰ ਮੁਫ਼ਤ ਸਫਰ ਬਦਲੇ 350 ਕਰੋੜ ਰੁਪਏ ਨਹੀਂ ਦੇ ਰਹੀ। ਇਸ ਸਰਕਾਰ ਨੇ 2 ਸਾਲ ਵਿੱਚ ਇੱਕ ਵੀ ਨਵੀਂ ਬੱਸ ਨਹੀਂ ਪੈਣ ਦਿੱਤੀ। ਇਲੈਕਟਰੀਕਲ ਬੱਸਾਂ ਪਾਉਣ ਦੀਆਂ ਨੁਕਸਾਨਦੇਹ ਚਰਚਾਵਾਂ ਚੱਲ ਰਹੀਆਂ ਹਨ, 300-400 ਬਜ਼ੁਰਗ ਵਰਕਰਾਂ ਨੂੰ 1992 ਦੀ ਪੈਨਸ਼ਨ ਸਕੀਮ ਤੋਂ ਵਾਂਝੇ ਰੱਖਿਆ ਹੋਇਆ ਹੈ। ਕਿਲੋਮੀਟਰ ਸਕੀਮ ਅਧੀਨ ਬੱਸਾਂ ਪਾਉਣ ਦਾ ਭਿ੍ਰਸ਼ਟਾਚਾਰੀ ਅਮਲ ਜਾਰੀ ਰੱਖਿਆ ਜਾ ਰਿਹਾ ਹੈ।
ਐਕਸ਼ਨ ਕਮੇਟੀ ਨੇ ਕਨਵੈਨਸ਼ਨ ਵਿਚ ਐਲਾਨ ਕੀਤਾ ਕਿ ਜੇਕਰ 25 ਜਨਵਰੀ ਨੂੰ ਮੈਨੇਜਮੈਂਟ ਨਾਲ ਹੋ ਰਹੀ ਮੀਟਿੰਗ ਵਿੱਚ ਕੋਈ ਸਿੱਟਾ ਨਾ ਨਿਕਲਿਆ ਤਾਂ 20 ਫਰਵਰੀ ਨੂੰ ਪੀ ਆਰ ਟੀ ਸੀ ਦੇ ਮੁੱਖ ਦਫਤਰ ਪਟਿਆਲਾ ਦੇ ਸਾਹਮਣੇ ਵਿਸ਼ਾਲ ਧਰਨਾ ਦਿੱਤਾ ਜਾਵੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਦੇਵ ਰਾਜ ਬੱਤਾ, ਉਤਮ ਸਿੰਘ ਬਾਗੜੀ, ਤਰਸੇਮ ਸਿੰਘ, ਨਸੀਬ ਚੰਦ, ਬਿਕਰਮਜੀਤ ਸ਼ਰਮਾ ਅਤੇ ਰਮੇਸ਼ ਕੁਮਾਰ ਆਦਿ ਹਾਜ਼ਰ ਸਨ।