ਸ਼ਾਹਕੋਟ/ਲੁਧਿਆਣਾ (ਗਿਆਨ ਸੈਦਪੁਰੀ,
ਐੱਮ ਐੱਸ ਭਾਟੀਆ)
ਸੰਯੁਕਤ ਕਿਸਾਨ ਮੋਰਚਾ ਤੇ ਟਰੇਡ ਯੂਨੀਅਨਾਂ ਦੇ ਤਾਲਮੇਲ ਵੱਲੋਂ ਦਿੱਤੇ 16 ਫਰਵਰੀ ਦੇ ਭਾਰਤ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਜ਼ੋਰਦਾਰ ਤਿਆਰੀਆਂ ਵਿੱਢਣ ਖਾਤਰ ਐਤਵਾਰ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਲੁਧਿਆਣਾ ਵਿਖੇ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੇ ਪੰਜਾਬ ਚੈਪਟਰ ਦੀ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਬਲਵੀਰ ਸਿੰਘ ਰਾਜੇਵਾਲ, ਨਿਰਭੈ ਸਿੰਘ ਢੁੱਡੀਕੇ ਅਤੇ ਜੰਗਵੀਰ ਸਿੰਘ ਚੌਹਾਨ ਨੇ ਕੀਤੀ। ਮੀਟਿੰਗ ਦੀ ਸ਼ੁਰੂਆਤ ਵਿੱਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਧਰਮ ਪਤਨੀ ਬੀਬੀ ਹਰਜੀਤਇੰਦਰ ਕੌਰ ਅਤੇ ਕਿਸਾਨ ਆਗੂ ਭੁਪਿੰਦਰ ਸਿੰਘ ਦੇ ਅਕਾਲ ਚਲਾਣੇ ਉੱਪਰ ਸ਼ੋਕ ਮਤਾ ਪਾ ਕੇ ਸ਼ਰਧਾਂਜਲੀ ਭੇਟ ਕੀਤੀ ਗਈ।
ਮੀਟਿੰਗ ਨੇ ਸਰਬਸੰਮਤੀ ਨਾਲ ਫੈਸਲਾ ਕਰਕੇ 16 ਫਰਵਰੀ ਦੇ ਬੰਦ ਨੂੰ ਸਫਲ ਬਣਾਉਣ ਖਾਤਰ ਵੱਖ-ਵੱਖ ਪ੍ਰੋਗਰਾਮ ਉਲੀਕਦਿਆਂ ਕਿਸਾਨ ਆਗੂਆਂ ਦੀਆਂ ਜ਼ਿੰਮੇਵਾਰੀਆਂ ਲਗਾਈਆਂ। ਸਮਾਜ ਦੇ ਸਾਰੇ ਵਰਗਾਂ ਅਤੇ ਜਥੇਬੰਦੀਆਂ ਨਾਲ ਤਾਲਮੇਲ ਕਰਨ ਤੇ ਸਹਿਯੋਗ ਲੈਣ ਲਈ ਕਿਸਾਨ ਤੇ ਟਰੇਡ ਜਥੇਬੰਦੀਆਂ ਨੇ ਮਿਲ ਕੇ 31 ਜਨਵਰੀ ਨੂੰ ਲੁਧਿਆਣਾ ਦੇ ਕਰਨੈਲ ਸਿੰਘ ਈਸੜੂ ਭਵਨ ਵਿਖੇ 11 ਵਜੇ ਇੱਕ ਵੱਡੀ ਮੀਟਿੰਗ ਸੱਦੀ ਹੈ। ਮੀਟਿੰਗ ਵਿੱਚ ਸ਼ਾਮਲ ਹੋਣ ਲਈ ਆੜ੍ਹਤੀ ਐਸੋਸੀਏਸ਼ਨਾਂ, ਟਰਾਂਸਪੋਰਟ ਨਾਲ ਜੁੜੀਆਂ ਜਥੇਬੰਦੀਆਂ, ਟਰੇਡ ਯੂਨੀਅਨਾਂ, ਵਿਦਿਆਰਥੀ, ਨੌਜਵਾਨ, ਔਰਤ ਅਤੇ ਮੁਲਾਜ਼ਮ ਜਥੇਬੰਦੀਆਂ ਨੂੰ ਸੱਦਾ ਭੇਜਿਆ ਗਿਆ ਹੈ। ਤਾਲਮੇਲ ਨੂੰ ਹੋਰ ਵਿਆਪਕ ਬਣਾਉਣ ਲਈ ਇਸੇ ਤਰ੍ਹਾਂ ਦੀਆਂ ਮੀਟਿੰਗਾਂ ਅੱਗੇ ਜ਼ਿਲ੍ਹਾ ਪੱਧਰ ’ਤੇ 2 ਫਰਵਰੀ ਅਤੇ ਤਹਿਸੀਲ ਪੱਧਰ ’ਤੇ 5 ਫਰਵਰੀ ਨੂੰ ਕੀਤੀਆਂ ਜਾਣਗੀਆਂ। ਮੋਰਚੇ ਨੇ 16 ਫਰਵਰੀ ਲਈ ਸਮਰਥਨ ਲੈਣ ਖਾਤਰ ਸੂਬੇ ਭਰ ਵਿੱਚ ਵੱਖ-ਵੱਖ ਵਪਾਰ ਮੰਡਲਾਂ ਤੱਕ ਪਹੁੰਚ ਕਰਨ ਦਾ ਫੈਸਲਾ ਵੀ ਕੀਤਾ ਹੈ।
ਕਿਸਾਨਾਂ ਦੀ ਪਿੰਡ ਪੱਧਰ ਤੱਕ ਵਿਸ਼ਾਲ ਲਾਮਬੰਦੀ ਖਾਤਰ 9 ਫਰਵਰੀ ਨੂੰ ਤਹਿਸੀਲ ਪੱਧਰ ’ਤੇ ਰੋਸ ਮਾਰਚ ਕਰਨ ਦਾ ਫੈਸਲਾ ਵੀ ਕੀਤਾ ਗਿਆ। 32 ਕਿਸਾਨ ਜਥੇਬੰਦੀਆਂ ਨੇ ਬੰਦ ਨੂੰ ਸਫਲ ਕਰਨ ਲਈ 16 ਫਰਵਰੀ ਵਾਲੇ ਦਿਨ ਜ਼ਿਲ੍ਹਾ ਤੇ ਤਹਿਸੀਲ ਕੇਂਦਰਾਂ, ਪ੍ਰਮੁੱਖ ਸੜਕਾਂ ਅਤੇ ਚੌਕਾਂ ’ਤੇ ਵੱਡੇ ਇਕੱਠ ਕਰਕੇ ਜਾਮ ਕਰਨ ਦਾ ਫੈਸਲਾ ਵੀ ਕੀਤਾ। ਇਸ ਮੌਕੇ ਬਰਾਤਾਂ, ਮਰੀਜ਼ਾਂ ਅਤੇ ਮਰਗਤ ਨਾਲ ਸੰਬੰਧਤ ਮਾਮਲਿਆਂ ਵਿੱਚ ਸ਼ਾਮਲ ਲੋਕਾਂ ਨੂੰ ਛੋਟ ਦੇਣ ਦਾ ਫੈਸਲਾ ਕਰਦੇ ਹੋਏ ਜਲਦੀ ਹੀ ਇਸ ਸੰਬੰੰਧੀ ਦਿਸ਼ਾ ਨਿਰਦੇਸ਼ ਦਿੰਦਾ ਇੱਕ ਪੱਤਰ ਹਰੇਕ ਇਕਾਈ ਪੱਧਰ ਤੱਕ ਜਾਰੀ ਕੀਤਾ ਜਾਵੇਗਾ।
ਮੀਟਿੰਗ ਵਿੱਚ ਫਰਾਂਸ, ਜਰਮਨੀ ਅਤੇ ਪੋਲੈਂਡ ਸਮੇਤ ਯੂਰਪ ਦੇ ਵੱਖ-ਵੱਖ ਦੇਸ਼ਾਂ ਵਿੱਚ ਚੱਲ ਰਹੇ ਕਿਸਾਨੀ ਸੰਘਰਸ਼ਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਦੁਨੀਆ ਭਰ ’ਚ ਖੇਤੀ ਖੇਤਰ ਉੱਪਰ ਕਾਰਪੋਰੇਟ ਦੇ ਹਮਲੇ ਵਿਰੁੱਧ ਕਿਸਾਨੀ ਸੰਘਰਸ਼ਾਂ ਦੇ ਉਭਾਰ ਨੂੰ ਜੀ ਆਇਆਂ ਕਿਹਾ ਗਿਆ। ਮੀਟਿੰਗ ਵਿੱਚ ਖੇਤੀ ਸੰਦਾਂ ਵਿੱਚ ਹੋਏ ਘਪਲੇ ਦੇ ਮਾਮਲੇ ਸੰਬੰਧੀ ਛੋਟੇ ਮੁਲਾਜ਼ਮਾਂ ’ਤੇ ਕਾਰਵਾਈ ਦੀ ਨੀਤੀ ਨੂੰ ਮਾਮਲੇ ਤੋਂ ਧਿਆਨ ਭਟਕਾਉਣ ਦੇ ਤੁੱਲ ਦੱਸਦਿਆਂ ਇਸ ਘਪਲੇ ਦੇ ਅਸਲ ਦੋਸ਼ੀਆਂ ਤੱਕ ਪਹੁੰਚਣ ਲਈ ਨਿਰਪੱਖ ਜਾਂਚ-ਪੜਤਾਲ ਦੀ ਮੰਗ ਵੀ ਕੀਤੀ ਗਈ। ਮੀਟਿੰਗ ਨੇ ਸਰਬ ਸੰਮਤੀ ਨਾਲ ਫੈਸਲਾ ਕਰਕੇ ਐਲਾਨ ਕੀਤਾ ਕਿ ਪੰਜਾਬ ਦੇ ਪਾਣੀਆਂ ਅਤੇ ਵਾਤਾਵਰਨ ਨਾਲ ਸੰਬੰਧਤ ਮੁੱਦਿਆਂ, ਕਰਜ਼ਾ ਮੁਕਤੀ, ਸੰਘੀ ਢਾਂਚੇ ਉੱਪਰ ਹੋ ਰਹੇ ਹਮਲਿਆਂ ਕਾਰਨ ਸੂਬੇ ਦੇ ਅਧਿਕਾਰਾਂ ’ਤੇ ਵੱਜ ਰਹੀ ਸੱਟ ਅਤੇ ਐੱਮ ਐੱਸ ਪੀ ਦੇ ਸਵਾਲ ਤੇ ਭਵਿੱਖੀ ਸੰਘਰਸ ਦੀ ਅਗਲੀ ਰਣਨੀਤੀ ਘੜਨ ਲਈ 18 ਫਰਵਰੀ ਨੂੰ ਚੰਡੀਗੜ੍ਹ ਵਿਖੇ ਮੀਟਿੰਗ ਕੀਤੀ ਜਾਵੇਗੀ। ਇਕ ਮਤਾ ਪਾ ਕੇ ਸੁਪਰੀਮ ਕੋਰਟ ਦੇ ਵਕੀਲ ਭਾਨੂੰ ਪ੍ਰਤਾਪ ਸਿੰਘ ਵੱਲੋਂ ਪਾਰਦਰਸ਼ੀ ਚੋਣਾਂ ਲਈ ਈ ਵੀ ਐੱਮ ਦੀ ਥਾਂ ਬੈਲਟ ਪੇਪਰਾਂ ਰਾਹੀ ਚੋਣਾਂ ਕਰਵਾਉਣ ਲਈ ਛੇੜੀ ਗਈ ਮੁਹਿੰਮ ਦਾ ਸਮਰਥਨ ਕੀਤਾ ਗਿਆ। ਮੀਟਿੰਗ ਵਿੱਚ ਡਾ. ਦਰਸ਼ਨ ਪਾਲ, ਪਰਮਿੰਦਰ ਸਿੰਘ ਪਾਲ ਮਾਜਰਾ, ਬਲਦੇਵ ਸਿੰਘ ਨਿਹਾਲਗੜ੍ਹ, ਬੂਟਾ ਸਿੰਘ ਬੁਰਜਗਿੱਲ, ਵੀਰਪਾਲ ਸਿੰਘ ਢਿੱਲੋਂ, ਡਾ. ਸਤਨਾਮ ਸਿੰਘ ਅਜਨਾਲਾ, ਦਵਿੰਦਰ ਸਿੰਘ, ਮਨਜੀਤ ਸਿੰਘ ਧਨੇਰ, ਬਿੰਦਰ ਸਿੰਘ ਗੋਲੇਵਾਲਾ, ਨਛੱਤਰ ਸਿੰਘ ਜੈਤੋ, ਸੁੱਖਗਿੱਲ ਮੋਗਾ, ਰੁਲਦੂ ਸਿੰਘ ਮਾਨਸਾ, ਵੀਰ ਸਿੰਘ ਬੜਵਾ, ਰੂਪਬਸੰਤ ਸਿੰਘ, ਹਰਜਿੰਦਰ ਸਿੰਘ ਟਾਂਡਾ, ਹਰਜੀਤ ਸਿੰਘ ਰਵੀ, ਹਰਬੰਸ ਸਿੰਘ ਸੰਘਾ, ਪ੍ਰੇਮ ਸਿੰਘ ਭੰਗੂ, ਹਰਦੇਵ ਸਿੰਘ ਸੰਧੂ, ਕੰਵਲਪ੍ਰੀਤ ਸਿੰਘ ਪੰਨੂ, ਕਿਰਨਜੀਤ ਸੇਖੋਂ, ਬੋਘ ਸਿੰਘ ਮਾਨਸਾ, ਰਾਜਵਿੰਦਰ ਕੌਰ ਰਾਜੂ, ਅਵਤਾਰ ਸਿੰਘ ਮੇਹਲੋ, ਮੁਕੇਸ਼ ਚੰਦਰ, ਬਲਦੇਵ ਸਿੰਘ ਲਤਾਲਾ, ਅਵਤਾਰ ਸਿੰਘ ਮਹਿਮਾ, ਗੁਰਨਾਮ ਸਿੰਘ ਭੀਖੀ ਅਤੇ ਰਾਮਿੰਦਰ ਸਿੰਘ ਪਟਿਆਲਾ ਆਦਿ ਮੌਜੂਦ ਸਨ।





