ਚੰਡੀਗੜ੍ਹਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਅਤੇ ਸੂਬੇ ਵਿੱਚ ਨਾਗਰਿਕ ਸੇਵਾਵਾਂ ਲਾਗੂ ਕਰਨ ’ਚ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ।
ਇੱਥੇ ਪੰਜਾਬ ਭਵਨ ਵਿੱਚ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸੂਬੇ ਵਿੱਚ ਘਰ-ਘਰ ਸੇਵਾਵਾਂ ਸਕੀਮ ਨੂੰ ਲਾਗੂ ਕਰਨ ਉਤੇ ਜ਼ਿਲ੍ਹਿਆਂ ਦੀ ਕਾਰਗੁਜ਼ਾਰੀ ਉਤੇ ਤਸੱਲੀ ਜ਼ਾਹਰ ਕੀਤੀ। ਉਨ੍ਹਾ ਕਿਹਾ ਕਿ ਇਸ ਵੱਡ ਆਕਾਰੀ ਸਕੀਮ ਦਾ ਮੰਤਵ 43 ਨਾਗਰਿਕ ਸੇਵਾਵਾਂ ਨੂੰ ਲੋਕਾਂ ਦੇ ਘਰ-ਘਰ ਤੱਕ ਪਹੁੰਚਾਉਣਾ ਹੈ। ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਲੋਕਾਂ ਦੀ ਭਲਾਈ ਲਈ ਇਸ ਸਕੀਮ ਨੂੰ ਮਿਸ਼ਨਰੀ ਉਤਸ਼ਾਹ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ।
ਇਕ ਹੋਰ ਏਜੰਡੇ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮੇਂ ਸੂਬੇ ਵਿੱਚ 664 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ ਅਤੇ ਹੁਣ ਤੱਕ ਇਨ੍ਹਾਂ ਕਲੀਨਿਕਾਂ ਵਿੱਚੋਂ 98 ਲੱਖ ਦੇ ਕਰੀਬ ਮਰੀਜ਼ ਇਲਾਜ ਸਹੂਲਤਾਂ ਦਾ ਲਾਭ ਲੈ ਚੁੱਕੇ ਹਨ। ਉਨ੍ਹਾ ਕਿਹਾ ਕਿ ਹੁਣ ਤੱਕ 40.50 ਕਰੋੜ ਰੁਪਏ ਦੀਆਂ ਦਵਾਈਆਂ ਅਤੇ 5.77 ਕਰੋੜ ਰੁਪਏ ਦੇ ਲੈਬ ਟੈਸਟਾਂ ਦੀ ਸਹੂਲਤ ਦਾ ਲਾਭ ਮਰੀਜ਼ ਉਠਾ ਚੁੱਕੇ ਹਨ। ਉਹਨਾ ਕਿਹਾ ਕਿ 150 ਨਵੇਂ ਆਮ ਆਦਮੀ ਕਲੀਨਿਕ ਜਲਦੀ ਹੀ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਵੱਲੋਂ ਲਿਖੀਆਂ ਜਾਣ ਵਾਲੀਆਂ ਸਾਰੀਆਂ ਦਵਾਈਆਂ ਮਰੀਜ਼ਾਂ ਨੂੰ ਹਸਪਤਾਲ ਦੇ ਅੰਦਰ ਹੀ ਉਪਲੱਬਧ ਕਰਵਾਈਆਂ ਜਾਣਗੀਆਂ। ਉਹਨਾ ਕਿਹਾ ਕਿ ਸੂਬਾ ਸਰਕਾਰ ਨੇ ਹਰੇਕ ਪਿੰਡ ਵਿੱਚ ਟੇਲਾਂ ਉਤੇ ਨਹਿਰੀ ਪਾਣੀ ਮੁਹੱਈਆ ਕਰਨ ਲਈ ਕਈ ਕਦਮ ਚੁੱਕੇ ਹਨ। ਉਨ੍ਹਾ ਡਿਪਟੀ ਕਮਿਸ਼ਨਰਾਂ ਨੂੰ ਆਖਿਆ ਕਿ ਉਹ ਇਸ ਸਮੁੱਚੀ ਪ੍ਰਕਿਰਿਆ ਨੂੰ ਛੇਤੀ ਮੁਕੰਮਲ ਕਰਨ ਤਾਂ ਕਿ ਕਿਸਾਨਾਂ ਨੂੰ ਲਾਭ ਮਿਲੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਅੰਮਿ੍ਰਤਸਰ, ਬਠਿੰਡਾ, ਫਾਜ਼ਿਲਕਾ, ਫਤਿਹਗੜ੍ਹ ਸਾਹਿਬ, ਜਲੰਧਰ, ਕਪੂਰਥਲਾ, ਲੁਧਿਆਣਾ, ਐੱਸ ਏ ਐੱਸ ਨਗਰ ਅਤੇ ਤਰਨ ਤਾਰਨ ਜ਼ਿਲ੍ਹਿਆਂ ਵਿੱਚ 13 ਨਵੇਂ ਸਕੂਲ ਆਫ ਐਮੀਨੈਂਸ ਖੋਲ੍ਹੇਗੀ। ਉਨ੍ਹਾ ਸੰਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਇਨ੍ਹਾਂ ਸਕੂਲਾਂ ਦੇ ਸਮੇਂ ਸਿਰ ਸ਼ੁਰੂ ਹੋਣ ਨੂੰ ਯਕੀਨੀ ਬਣਾਉਣ ਲਈ ਕਿਹਾ, ਤਾਂ ਜੋ ਵਿਦਿਆਰਥੀਆਂ ਨੂੰ ਇਸ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ ਨਾਲ ਲਗਾਤਾਰ ਮੀਟਿੰਗਾਂ ਕਰਨ ਤੋਂ ਇਲਾਵਾ ਸਕੂਲਾਂ ਦਾ ਅਚਨਚੇਤ ਦੌਰਾ ਕਰਨ ਲਈ ਵੀ ਕਿਹਾ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਦਿੱਲੀ-ਅੰਮਿ੍ਰਤਸਰ-ਕਟੜਾ ਰਾਸ਼ਟਰੀ ਰਾਜਮਾਰਗ ਦੇ ਨਿਰਮਾਣ ਕਾਰਜ ਵਿੱਚ ਤੇਜ਼ੀ ਲਿਆਉਣ ਲਈ ਕਿਹਾ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਆਖਿਆ ਕਿ ਉਹ ਆਪਣੇ ਅਧਿਕਾਰ ਖ਼ੇਤਰ ਵਿੱਚ ਸੜਕਾਂ ਦੀ ਢੁਕਵੀਂ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣ।