ਚੰਡੀਗੜ੍ਹ (ਗੁਰਜੀਤ ਬਿੱਲਾ)-ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਤਹਿਤ 8 ਫਰਵਰੀ ਤੱਕ ਪ੍ਰਾਪਤ 533 ਗਲਤ ਬਿੱਲਾਂ ਲਈ ਕੁੱਲ 3,11,16,366 ਰੁਪਏ ਦੇ ਜੁਰਮਾਨੇ ਲਗਾਏ ਗਏ ਹਨ, ਜਿਸ ਵਿੱਚੋਂ 2,12,18,191 ਰੁਪਏ ਵਸੂਲ ਕਰ ਲਏ ਗਏ ਹਨ | ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਦਸੰਬਰ 2023 ਦੇ ਅੰਤ ਤੱਕ Tਮੇਰਾ ਬਿੱਲ ਐਪ” ‘ਤੇ ਆਪਣੇ ਖਰੀਦ ਬਿੱਲਾਂ ਨੂੰ ਅਪਲੋਡ ਕਰਕੇ ਕੁੱਲ 918 ਜੇਤੂਆਂ ਨੇ 43,73,555 ਰੁਪਏ ਦੇ ਇਨਾਮ ਜਿੱਤੇ ਹਨ | ਚੀਮਾ ਨੇ ਦੱਸਿਆ ਕਿ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਤਹਿਤ 8 ਫਰਵਰੀ ਤੱਕ ਪ੍ਰਾਪਤ ਕੁੱਲ 59,616 ਬਿੱਲਾਂ ਵਿੱਚੋਂ 52,988 ਦੀ ਪੁਸ਼ਟੀ ਹੋ ਚੁੱਕੀ ਹੈ ਅਤੇ 6628 ਬਿੱਲਾਂ ਦੀ ਪੁਸ਼ਟੀ ਹੋਣੀ ਅਜੇ ਬਾਕੀ ਹੈ | ਉਨ੍ਹਾਂ ਕਿਹਾ ਕਿ ਇਸ ਬਾਰੇ ਸਬੰਧਿਤ ਵਿਕਰੇਤਾਵਾਂ ਨੂੰ 1361 ਨੋਟਿਸ ਵੀ ਜਾਰੀ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਟੈਕਸੇਸ਼ਨ ਜ਼ਿਲ੍ਹਾ ਫਿਰੋਜਪੁਰ ਤੋਂ ਸੱਭ ਤੋਂ ਵੱਧ ਗਲਤ ਬਿੱਲ 189 ਪ੍ਰਾਪਤ ਹੋਏ ਜਿਸ ਲਈ 34,99,250 ਰੁਪਏ ਦਾ ਜੁਰਮਾਨਾ ਲਗਾਇਆ ਗਿਆ | ਉਨ੍ਹਾਂ ਕਿਹਾ ਕਿ ਆਨਲਾਈਨ ਡਰਾਅ ਰਾਹੀਂ ਹੁਣ ਤੱਕ ਕੁੱਲ 1164 ਜੇਤੂਆਂ ਦਾ ਐਲਾਨ ਕੀਤਾ ਜਾ ਚੁੱਕਾ ਹੈ, ਜਿਸ ਵਿੱਚ ਜਨਵਰੀ 2024 ਦੇ 246 ਜੇਤੂ ਸ਼ਾਮਲ ਹਨ | ਇਸ ਸਕੀਮ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗਠਿਤ ਕਮੇਟੀ ਦੁਆਰਾ ਹਰ ਮਹੀਨੇ ਆਨਲਾਈਨ ਡਰਾਅ ਕੱਢਿਆ ਜਾਂਦਾ ਹੈ |



