24 C
Jalandhar
Thursday, September 19, 2024
spot_img

ਅਸੀਂ ਜੋ ਵਾਅਦਾ ਕਰਦੇ ਹਾਂ, ਉਸ ਨੂੰ ਪੂਰਾ ਕਰਦੇ ਹਾਂ : ਮਾਨ

ਚੰਡੀਗੜ੍ਹ (ਗੁਰਜੀਤ ਬਿੱਲਾ)
ਪੰਜਾਬ ਵਾਸੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਹਰੇਕ ਬਿੱਲ ‘ਤੇ 600 ਯੂਨਿਟ ਮੁਫਤ ਬਿਜਲੀ ਮੁਹੱਈਆ ਕਰਵਾਉਣ ਦੇ ਫੈਸਲੇ ਨਾਲ ਲੱਗਭੱਗ ਸਤੰਬਰ ਮਹੀਨੇ ਤੋਂ ਸੂਬੇ ਦੇ 51 ਲੱਖ ਘਰਾਂ ਦਾ ਬਿਜਲੀ ਬਿੱਲ ਜ਼ੀਰੋ ਆਵੇਗਾ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨਾਲ ਕੀਤੀ ਵੱਡੀ ਗਾਰੰਟੀ ਨੂੰ ਪੂਰਾ ਕਰਦੇ ਹੋਏ ਪੰਜਾਬ ਸਰਕਾਰ ਨੇ ਇਕ ਜੁਲਾਈ 2022 ਤੋਂ ਸੂਬੇ ਦੇ ਹਰ ਘਰ ਨੂੰ ਹਰੇਕ ਬਿੱਲ ‘ਤੇ 600 ਯੂਨਿਟ ਮੁਫਤ ਬਿਜਲੀ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਹੈ | ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਘਰੇਲੂ ਖਪਤਕਾਰਾਂ ਦੀ ਬਿਜਲੀ ਦੀ ਖਪਤ ਜੇਕਰ ਹਰੇਕ ਬਿੱਲ ‘ਤੇ 600 ਯੂਨਿਟ ਤੱਕ ਹੈ ਤਾਂ ਉਹ ਜ਼ੀਰੋ ਬਿੱਲ ਪ੍ਰਾਪਤ ਕਰਨ ਦੇ ਯੋਗ ਹੋਣਗੇ | ਮਾਨ ਨੇ ਕਿਹਾ ਕਿ ਇਹ ਫੈਸਲਾ ਇਕ ਜੁਲਾਈ ਤੋਂ ਲਾਗੂ ਕਰ ਦਿੱਤਾ ਗਿਆ ਹੈ, ਇਸ ਲਈ ਜੁਲਾਈ ਅਤੇ ਅਗਸਤ ਦੇ ਬਿੱਲ ਵਿਚ 600 ਯੂਨਿਟ ਤੋਂ ਘੱਟ ਬਿਜਲੀ ਖਪਤ ਕਰਨ ਵਾਲੇ ਪਰਵਾਰਾਂ ਨੂੰ ਬਿਜਲੀ ਖਪਤ ਕਰਨ ਦੇ ਇਵਜ਼ ਵਿਚ ਇੱਕ ਪੈਸਾ ਵੀ ਨਹੀਂ ਦੇਣਾ ਪਵੇਗਾ | ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਖਪਤਕਾਰਾਂ ਵੱਲੋਂ ਸਤੰਬਰ ਮਹੀਨੇ ਵਿੱਚ ਅਦਾ ਕੀਤੇ ਜਾਣ ਵਾਲੇ ਬਿੱਲ ਦੀ ਰਕਮ ਜ਼ੀਰੋ ਹੋਵੇਗੀ | ਉਨ੍ਹਾ ਕਿਹਾ ਕਿ ਇਸ ਲੋਕ-ਪੱਖੀ ਪਹਿਲਕਦਮੀ ਨਾਲ ਸੂਬੇ ਭਰ ਦੇ ਲੱਗਭੱਗ 51 ਲੱਖ ਪਰਵਾਰਾਂ ਨੂੰ ਲਾਭ ਪਹੁੰਚੇਗਾ, ਕਿਉਂ ਜੋ ਉਨ੍ਹਾਂ ਨੂੰ ਆਪਣੀ ਬਿਜਲੀ ਦੀ ਵਰਤੋਂ ਲਈ ਕੁਝ ਵੀ ਅਦਾ ਨਹੀਂ ਕਰਨਾ ਪਵੇਗਾ | ਉਹਨਾ ਕਿਹਾ ਕਿ ਇਹ ਕਦਮ ਘਰੇਲੂ ਖਪਤਕਾਰਾਂ ਲਈ ਵੱਡੀ ਰਾਹਤ ਹੈ, ਜਿਨ੍ਹਾਂ ਨੂੰ ਹੁਣ ਤੱਕ ਹਰ ਮਹੀਨੇ ਬਿਜਲੀ ਦਰਾਂ ਦੇ ਰੂਪ ਵਿੱਚ ਕਾਫੀ ਪੈਸਾ ਖਰਚ ਕਰਨਾ ਪੈਂਦਾ ਹੈ | ਮੱੁਖ ਮੰਤਰੀ ਨੇ ਕਿਹਾ, ‘ਅਸੀਂ ਜੋ ਵਾਅਦਾ ਕਰਦੇ ਹਾਂ, ਉਸ ਵਾਅਦੇ ਨੂੰ ਪੂਰਾ ਵੀ ਕਰਦੇ ਹਾਂ | ਸਾਡੀ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਪੂਰਨ ਤੌਰ ਉਤੇ ਵਚਨਬੱਧ ਹੈ |’ ਸੂਬਾ ਸਰਕਾਰ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾ ਕੇ ਇਸ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸਿਰਤੋੜ ਯਤਨ ਕਰ ਰਹੀ ਹੈ | ਉਹਨਾ ਦੁਹਰਾਇਆ ਕਿ ਸੂਬੇ ਦੀ ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ |

Related Articles

LEAVE A REPLY

Please enter your comment!
Please enter your name here

Latest Articles