ਅੰਮਿ੍ਤਸਰ : ਮਹਾਰਾਸ਼ਟਰ ਸਰਕਾਰ ਵੱਲੋਂ ਗੁਰਦੁਆਰਾ ਸੱਚਖੰਡ ਹਜ਼ੂਰ ਅਬਚਲ ਨਗਰ ਸਾਹਿਬ ਐਕਟ 1956 ‘ਚ ਕੀਤੀ ਗਈ ਸੋਧ ਖਿਲਾਫ ਸ਼ੁੱਕਰਵਾਰ ਨਾਂਦੇੜ ਵਿਖੇ ਸਿੱਖਾਂ ਨੇ ਸਰਕਾਰ ਦੇ ਖਿਲਾਫ ਜ਼ਬਰਦਸਤ ਰੋਸ ਵਿਖਾਵਾ ਕੀਤਾ, ਜਿਸ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਅਕਾਲੀ ਦਲ ਅਤੇ ਤਖਤ ਸਾਹਿਬਾਨ ਵੱਲੋਂ ਵੀ ਪ੍ਰਤੀਨਿਧਤਾ ਕੀਤੀ ਗਈ |
ਮਹਾਰਾਸ਼ਟਰ ਮੰਤਰੀ ਮੰਡਲ ਨੇ ਇਸ ਐਕਟ ‘ਚ ਸੋਧ ਕਰਕੇ ਸਰਕਾਰੀ ਮੈਂਬਰਾਂ ਦੀ ਗਿਣਤੀ ‘ਚ ਵਾਧਾ ਕਰ ਦਿੱਤਾ ਹੈ ਅਤੇ ਸਿੱਖ ਜਥੇਬੰਦੀਆਂ ਦੀ ਪ੍ਰਤੀਨਿਤਾ ਘੱਟ ਕਰ ਦਿੱਤੀ ਹੈ | ਸਿੱਖ ਭਾਈਚਾਰੇ ਨੇ ਇਸ ਨੂੰ ਸਿੱਖ ਮਾਮਲਿਆਂ ‘ਚ ਦਖਲਅੰਦਾਜ਼ੀ ਕਰਾਰ ਦਿੱਤਾ ਹੈ |
ਸਰਕਾਰ ਦੀ ਇਸ ਇੱਕਪਾਸੜ ਕਾਰਵਾਈ ਖਿਲਾਫ ਰੋਸ ਵਿਖਾਵੇ ਦਾ ਸੱਦਾ ਦਿੱਤਾ ਗਿਆ ਸੀ, ਜਿਸ ਤਹਿਤ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸਿੱਖ ਵਫਦ ਹਜ਼ੂਰ ਸਾਹਿਬ ਪੁੱਜਾ ਅਤੇ ਵਿਖਾਵੇ ‘ਚ ਸ਼ਮੂਲੀਅਤ ਕੀਤੀ | ਵਫਦ ‘ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਡਾਕਟਰ ਦਲਜੀਤ ਸਿੰਘ ਚੀਮਾ, ਅਕਾਲ ਤਖਤ ਦੇ ਜਥੇਦਾਰ ਵੱਲੋਂ ਤਖਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ, ਓ ਐੱਸ ਡੀ ਸਤਬੀਰ ਸਿੰਘ ਧਾਮੀ, ਮੈਂਬਰ ਅਜਮੇਰ ਸਿੰਘ ਖੈੜਾ ਤੇ ਹੋਰ ਸ਼ਾਮਲ ਸਨ | ਰੋਸ ਵਿਖਾਵੇ ਦੀ ਸ਼ੁਰੂਆਤ ਵਾਸਤੇ ਤਖਤ ਸਾਹਿਬ ‘ਤੇ ਅਰਦਾਸ ਕੀਤੀ ਗਈ ਅਤੇ ਬਾਅਦ ‘ਚ ਸਿੱਖ ਸੰਗਤ ਵੱਲੋਂ ਰੋਸ ਮਾਰਚ ਕੀਤਾ ਗਿਆ | ਸ਼੍ਰੋਮਣੀ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਰੋਸ ਮਾਰਚ ਦੌਰਾਨ ਸਿੱਖ ਸੰਗਤ ਵੱਲੋਂ ਸਰਕਾਰ ਦੇ ਫੈਸਲੇ ਦਾ ਵਿਰੋਧ ਕੀਤਾ ਗਿਆ ਅਤੇ ਇਹ ਫੈਸਲਾ ਵਾਪਸ ਲੈਣ ਦੀ ਮੰਗ ਕੀਤੀ ਗਈ | ਸਿੱਖ ਸੰਗਤ ਵੱਲੋਂ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਗਈ |


