ਚੰਡੀਗੜ੍ਹ (ਗੁਰਜੀਤ ਬਿੱਲਾ)
ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਜਲੰਧਰ ਦੇ ਕੈਂਬਰਿਜ ਸਕੂਲ ਨੂੰ ਪੰਜਾਬੀ ਵਿਸ਼ੇ ਨੂੰ ਲਾਜ਼ਮੀ ਵਿਸ਼ੇ ਵਜੋਂ ਨਾ ਪੜ੍ਹਾਉਣ ਸੰਬੰਧੀ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦੱਸਿਆ ਗਿਆ ਕਿ ਉਨ੍ਹਾ ਦੇ ਧਿਆਨ ਵਿੱਚ ਆਇਆ ਸੀ ਕਿ ਜਲੰਧਰ ਦੀ ਛੋਟੀ ਬਾਰਾਂਦਰੀ ਨਜ਼ਦੀਕ ਸਥਿਤ ਕੈਂਬਰਿਜ ਸਕੂਲ ਵਿੱਚ ਵਿਦਿਆਰਥੀਆਂ ਨੂੰ ਪੰਜਾਬੀ ਵਿਸ਼ਾ ਲਾਜ਼ਮੀ ਵਿਸ਼ੇ ਵਜੋਂ ਨਹੀਂ ਪੜ੍ਹਾਇਆ ਜਾ ਰਿਹਾ, ਜਿਸ ’ਤੇ ਉਨ੍ਹਾ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੈਂਬਰਿਜ ਸਕੂਲ ਜਲੰਧਰ ਨੂੰ ਇਸ ਸੰਬੰਧੀ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਜਾਵੇ। ਬੈਂਸ ਨੇ ਕਿਹਾ ਕਿ ਸੂਬੇ ਦੇ ਕਾਨੂੰਨੀ ਅਤੇ ਵਿਧਾਨਕ ਕਾਰ-ਵਿਹਾਰ ਵਿਭਾਗ ਵੱਲੋਂ ਜਾਰੀ ਅਧਿਸੂਚਨਾ ਅਤੇ ਪੰਜਾਬੀ ਅਤੇ ਹੋਰ ਭਾਸ਼ਾਵਾਂ ਦੀ ਸਿੱਖਿਆ ਦੇ ਪੰਜਾਬ ਐਕਟ-2008 ਅਨੁਸਾਰ ਸੂਬੇ ਦੇ ਹਰ ਸਕੂਲ ਲਈ ਪੰਜਾਬੀ ਵਿਸ਼ੇ ਨੂੰ ਪਹਿਲੀ ਤੋਂ ਦਸਵੀਂ ਜਮਾਤ ਤੱਕ ਲਾਜ਼ਮੀ ਵਿਸ਼ੇ ਵਜੋਂ ਪੜ੍ਹਾਉਣਾ ਜ਼ਰੂਰੀ ਕੀਤਾ ਗਿਆ ਹੈ, ਪਰ ਸੂਬੇ ਦੇ ਕੁਝ ਨਿੱਜੀ ਸਕੂਲਾਂ ਵੱਲੋਂ ਇਸ ਐਕਟ ਦੀ ਉਲੰਘਣਾ ਕੀਤੇ ਜਾਣ ਦੀਆਂ ਅਕਸਰ ਸ਼ਿਕਾਇਤਾਂ ਮਿਲਦੀਆਂ ਰਹਿੰਦੀਆਂ ਹਨ। ਉਨ੍ਹਾ ਪੰਜਾਬ ਰਾਜ ਦੇ ਸਮੂਹ ਨਿੱਜੀ ਸਕੂਲਾਂ ਨੂੰ ਅਪੀਲ ਕੀਤੀ ਕਿ ਪੰਜਾਬੀ ਵਿਸ਼ੇ ਨੂੰ ਲਾਜ਼ਮੀ ਵਿਸ਼ੇ ਵਜੋਂ ਪੜ੍ਹਾਉਣਾ ਯਕੀਨੀ ਬਣਾਇਆ ਜਾਵੇ।



