ਚੰਡੀਗੜ੍ਹ, (ਗੁਰਜੀਤ ਬਿੱਲਾ)
ਸੂਬੇ ਵਿੱਚ ਚੱਲ ਰਹੀਆਂ ਲੋਕ ਭਲਾਈ ਸਕੀਮਾਂ ਅਤੇ ਵਿਕਾਸ ਕਾਰਜਾਂ ਦੀ ਪੁਖਤਾ ਨਿਗਰਾਨੀ ਅਤੇ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੰਤਰੀਆਂ ਨੂੰ ਵੱਖ-ਵੱਖ ਜ਼ਿਲਿ੍ਹਆਂ ਦੀ ਜ਼ਿੰਮੇਵਾਰੀ ਸੌਂਪੀ ਹੈ |
ਐਤਵਾਰ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਇਹ ਮੰਤਰੀ ਇਨ੍ਹਾਂ ਜ਼ਿਲਿ੍ਹਆਂ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਕਰਨਗੇ ਅਤੇ ਲੋਕ ਭਲਾਈ ਅਤੇ ਵਿਕਾਸ ਮੁਖੀ ਸਰਕਾਰੀ ਸਕੀਮਾਂ ਦਾ ਲਾਭ ਸੰਬੰਧਤ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਉਣਗੇ | ਉਨ੍ਹਾ ਕਿਹਾ ਕਿ ਇਹ ਮੰਤਰੀ ਇਨ੍ਹਾਂ ਜ਼ਿਲਿ੍ਹਆਂ ਵਿੱਚ ਵਿਕਾਸ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਲੋਕਾਂ ਦੀਆਂ ਸ਼ਿਕਾਇਤਾਂ ਦਾ ਫੌਰੀ ਨਿਪਟਾਰਾ ਕੀਤੇ ਜਾਣਾ ਵੀ ਯਕੀਨੀ ਬਣਾਉਣਗੇ | ਮਾਨ ਨੇ ਕਿਹਾ ਕਿ ਉਨ੍ਹਾ ਦੀ ਸਰਕਾਰ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ |
ਮੁੱਖ ਮੰਤਰੀ ਨੇ ਦੱਸਿਆ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪਟਿਆਲਾ ਜ਼ਿਲ੍ਹੇ ਦੇ ਇੰਚਾਰਜ ਹੋਣਗੇ, ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅੰਮਿ੍ਤਸਰ ਅਤੇ ਤਰਨ ਤਾਰਨ ਜ਼ਿਲਿ੍ਹਆਂ ਦੇ ਇੰਚਾਰਜ ਹੋਣਗੇ, ਸਮਾਜਕ ਸੁਰੱਖਿਆ ਮੰਤਰੀ ਡਾ: ਬਲਜੀਤ ਕੌਰ ਬਠਿੰਡਾ ਅਤੇ ਮਾਨਸਾ ਜ਼ਿਲਿ੍ਹਆਂ ਦੀ ਨਿਗਰਾਨੀ ਕਰਨਗੇ, ਜਦਕਿ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਫਿਰੋਜ਼ਪੁਰ ਅਤੇ ਮੋਗਾ ਜ਼ਿਲਿ੍ਹਆਂ ਦੇ ਇੰਚਾਰਜ ਹੋਣਗੇ | ਉਨ੍ਹਾ ਦੱਸਿਆ ਕਿ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਲੁਧਿਆਣਾ ਜ਼ਿਲ੍ਹੇ ਦੇ ਇੰਚਾਰਜ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਗੁਰਦਾਸਪੁਰ ਤੇ ਪਠਾਨਕੋਟ ਜ਼ਿਲ੍ਹੇ ਦੇ ਇੰਚਾਰਜ ਹੋਣਗੇ, ਜਦਕਿ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਸੰਗਰੂਰ ਜ਼ਿਲ੍ਹੇ ਦੇ ਇੰਚਾਰਜ ਹੋਣਗੇ |
ਮੁੱਖ ਮੰਤਰੀ ਨੇ ਕਿਹਾ ਕਿ ਮਾਲ ਮੰਤਰੀ ਬ੍ਰਮ ਸ਼ੰਕਰ ਰੋਪੜ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੀ ਨਿਗਰਾਨੀ ਕਰਨਗੇ, ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਹੁਸ਼ਿਆਰਪੁਰ ਜ਼ਿਲ੍ਹੇ ਦੇ ਇੰਚਾਰਜ ਹੋਣਗੇ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਫਤਿਹਗੜ੍ਹ ਸਾਹਿਬ ਤੇ ਸ੍ਰੀ ਮੁਕਤਸਰ ਸਾਹਿਬ ਜ਼ਿਲਿ੍ਹਆਂ ਦੇ ਇੰਚਾਰਜ ਹੋਣਗੇ | ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਜਲੰਧਰ ਜ਼ਿਲ੍ਹੇ ਦੇ ਇੰਚਾਰਜ ਹੋਣਗੇ ਅਤੇ ਰੱਖਿਆ ਸੇਵਾਵਾਂ ਮੰਤਰੀ ਫੌਜਾ ਸਿੰਘ ਫਰੀਦਕੋਟ ਤੇ ਫਾਜ਼ਿਲਕਾ ਜ਼ਿਲ੍ਹੇ ਦੇ ਇੰਚਾਰਜ ਹੋਣਗੇ | ਸਿਹਤ ਤੇ ਪਰਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਮਾਲੇਰਕੋਟਲਾ ਤੇ ਬਰਨਾਲਾ ਦੇ ਇੰਚਾਰਜ ਹੋਣਗੇ, ਜਦਕਿ ਸੈਰ-ਸਪਾਟਾ ਮੰਤਰੀ ਅਨਮੋਲ ਗਗਨ ਮਾਨ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਇੰਚਾਰਜ ਹੋਣਗੇ |




