ਚੰਡੀਗੜ੍ਹ : ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚੋਂ ਕਿਸਾਨਾਂ ਨੇ ਟਰੈਕਟਰ-ਟਰਾਲੀਆਂ ਨਾਲ ਦਿੱਲੀ ਵੱਲ ਕੂਚ ਕਰ ਦਿੱਤਾ ਹੈ। ਅੰਮਿ੍ਰਤਸਰ-ਦਿੱਲੀ ਨੈਸ਼ਨਲ ਹਾਈਵੇ ’ਤੇ ਇਹ ਕਾਫ਼ਲਾ ਚੱਲ ਰਿਹਾ ਹੈ। ਜਾਣਕਾਰੀ ਅਨੁਸਾਰ ਫਗਵਾੜਾ ’ਚ ਕਿਸਾਨਾਂ ਨੇ ਦੁਪਹਿਰ ਦਾ ਖਾਣਾ ਖਾਧਾ ਅਤੇ ਉਨ੍ਹਾ ਦੀ ਕੋਸ਼ਿਸ਼ ਹੈ ਕਿ ਸ਼ੰਭੂ ਬਾਰਡਰ ’ਤੇ ਰਾਤ ਦਾ ਖਾਣਾ ਕੀਤਾ ਜਾਵੇ। ਲੁਧਿਆਣਾ ਅਤੇ ਖੰਨਾ ਹੁੰਦੇ ਹੋਏ ਕਿਸਾਨ ਰਾਜਪੁਰਾ ਤੋਂ ਅੰਬਾਲਾ ਵੱਲ ਮਾਰਚ ਕਰਨਗੇ। ਖਨੌਰੀ ਦੇ ਰਸਤੇ ’ਚ ਮੇਹਲਾ ਚੌਕ ਪਿੰਡ ਦੀ ਅਨਾਜ ਮੰਡੀ ’ਚ ਹਜ਼ਾਰਾਂ ਕਿਸਾਨ ਟਰੈਕਟਰਾਂ ਦੇ ਨਾਲ ਪਹਿਲਾਂ ਹੀ ਇੱਥੇ ਪਹੁੰਚੇ ਹਨ। ਇੱਥੋਂ ਅੱਗੇ ਵੱਡੀ ਗਿਣਤੀ ’ਚ ਕਾਫ਼ਲੇ ਦਿੱਲੀ ਵੱਲ ਵਧਣਗੇ। ਹਰਿਆਣਾ ਪੁਲਸ ਨੇ ਸ਼ੰਭੂ ਬਾਰਡਰ ਨੂੰ ਬੰਦ ਕਰ ਦਿੱਤਾ ਹੈ ਅਤੇ ਇਸ ’ਚ ਰਾਜਪੁਰਾ ਤੋਂ ਟ੍ਰੈਫਿਕ ਬਦਲ ਕੇ ਜ਼ੀਰਕਪੁਰ ਅਤੇ ਫਿਰ ਉਥੋਂ ਡੇਰਾਬਸੀ ਤੋਂ ਬਰਵਾਲਾ ਟ੍ਰੈਫਿਕ ਭੇਜਿਆ ਜਾ ਰਿਹਾ ਹੈ ਤੇ ਫਿਰ ਇੱਥੋਂ ਲੋਕ ਹਰਿਆਣਾ ’ਚ ਦਾਖ਼ਲ ਹੋ ਰਹੇ ਹਨ।
ਕਿਸਾਨ ਅੰਦੋਲਨ ਦੇ ਚੱਲਦਿਆਂ ਪੂਰੀ ਦਿੱਲੀ ’ਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਇੱਕ ਮਹੀਨੇ ਤੱਕ ਪੂਰੀ ਦਿੱਲੀ ’ਚ ਧਾਰਾ ਦੇ ਨਾਲ ਕਈ ਪਾਬੰਦੀਆਂ ਲਾਗੂ ਰਹਿਣਗੀਆਂ।
ਦਿੱਲੀ ਪੁਲਸ ਵੱਲੋਂ ਜਾਰੀ ਆਦੇਸ਼ ’ਚ ਕਿਹਾ ਗਿਆ ਹੈ ਕਿ 13 ਮਾਰਚ ਨੂੰ ਸੰਯੁਕਤ ਕਿਸਾਨ ਮੋਰਚਾ, ਕਿਸਾਨ-ਮਜ਼ਦੂਰ ਮੋਰਚਾ ਅਤੇ ਹੋਰ ਕਿਸਾਨ ਸੰਗਠਨਾਂ ਨੇ ਦਿੱਲੀ ਚਲੋ ਮਾਰਚ ਦਾ ਐਲਾਨ ਕੀਤਾ ਹੈ। ਉਹ ਆਪਣੀਆਂ ਮੰਗਾਂ ਨੂੰ ਲੈ ਕੇ ਸੰਸਦ ਭਵਨ ਦੇ ਬਾਹਰ ਪ੍ਰਦਰਸ਼ਨ ਕਰਨਾ ਚਾਹੁੰਦੇ ਹਨ।
ਕਈ ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨਾਂ ਦੀਆਂ ਹੱਕੀ ਮੰਗਾਂ ਲਈ ਦਿੱਲੀ ਚੱਲੋ ਦੇ ਸੱਦੇ ’ਤੇ ਦਿੱਲੀ ਜਾ ਰਹੇ ਕਿਸਾਨਾਂ ਦਾ ਸੰਘਰਸ਼ ਕਰਨ ਦਾ ਹੱਕ ਖੋਹਣ ਲਈ ਸੜਕਾਂ ’ਤੇ ਪਥਰੀਲੀਆਂ ਕੰਧਾਂ ਕੱਢਣ, ਕਿੱਲ ਗੱਡਣ ਅਤੇ ਸਾਰੇ ਪੇਂਡੂ ਰਸਤਿਆਂ ’ਤੇ ਵੀ ਰੋਕਾਂ ਲਾਉਣ ਵਰਗੇ ਜਾਬਰ ਹਥਕੰਡੇ ਵਰਤਣ ਦੀ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਜ਼ੋਰਦਾਰ ਨਿਖੇਧੀ ਕੀਤੀ ਗਈ ਹੈ।
ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਵਾਲੀ ਨਹੀਂ : ਡੱਲੇਵਾਲ
ਚੰਡੀਗੜ੍ਹ : ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਸਾਨਾਂ ਨੂੰ ਲੈ ਕੇ ਕਿਹਾ ਕਿ ਕਿਸਾਨਾਂ ਦੀਆਂ ਨਵੀਆਂ ਮੰਗਾਂ ਨਹੀਂ ਹਨ, ਸਗੋਂ ਜਿਹਨਾਂ ’ਤੇ ਸਰਕਾਰਾਂ ਵੱਲੋਂ ਉਹਨਾਂ ਨਾਲ ਸਹਿਮਤੀ ਪ੍ਰਗਟਾਈ ਗਈ ਹੈ। ਉਨ੍ਹਾ ਮੰਗਾਂ ਨੂੰ ਲਾਗੂ ਕਰਵਾਉਣ ਲਈ ਉਹਨਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ।ਕਿਸਾਨਾਂ ਵੱਲੋਂ ਪੱਕੇ ਮੋਰਚੇ ’ਤੇ ਗੱਲਬਾਤ ਕਰਦੇ ਹੋਏ ਡੱਲੇਵਾਲ ਨੇ ਕਿਹਾ ਕਿ ਉਹਨਾਂ ਦਾ ਕੋਈ ਇਰਾਦਾ ਨਹੀਂ ਹੈ ਕਿ ਉਹ ਪੱਕਾ ਮੋਰਚਾ ਦਿੱਲੀ ’ਚ ਲਗਾ ਕੇ ਬੈਠਣ, ਪਰ ਜਿਸ ਤਰ੍ਹਾਂ ਪਹਿਲਾਂ ਸਰਕਾਰ ਵੱਲੋਂ ਉਹਨਾਂ ਦੀਆਂ ਮੰਗਾਂ ਨੂੰ ਅਣਦੇਖਿਆ ਕੀਤਾ ਗਿਆ ਸੀ, ਉਸ ਨੂੰ ਦੇਖਦੇ ਹੋਏ ਉਹਨਾਂ ਵੱਲੋਂ ਪੂਰੀ ਤਿਆਰੀ ਕੀਤੀ ਗਈ ਹੈ। ਉੱਥੇ ਹੀ ਜਗਜੀਤ ਸਿੰਘ ਡੱਲੇਵਾਲ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਹਰਿਆਣਾ ਪੁਲਸ ਵੱਲੋਂ ਜੋ ਬੈਰੀਕੇਡਿੰਗ ਕੀਤੀ ਗਈ ਹੈ, ਉਸ ਤੋਂ ਲੱਗਦਾ ਹੈ ਕਿ ਸਰਕਾਰ ਉਹਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਨਾ ਨਹੀਂ ਚਾਹੁੰਦੀ ਤਾਂ ਕਰਕੇ ਇਸ ਤਰ੍ਹਾਂ ਦੇ ਕਦਮ ਪੁੱਟੇ ਜਾ ਰਹੇ ਹਨ।ਉੱਥੇ ਹੀ ਭਾਰਤੀ ਕਿਸਾਨ ਨੌਜਵਾਨ ਯੂਨੀਅਨ ਦੇ ਸੰਸਥਾਪਕ ਅਭਿਮਨਿਊ ਗੌੜ ਨੇ ਕਿਹਾ ਕਿ ਕਿਸਾਨਾਂ ਵੱਲੋਂ ਇੱਕ ਇਤਿਹਾਸਕ ਪ੍ਰੋਗਰਾਮ ਹੋਣ ਜਾ ਰਿਹਾ ਹੈ, ਜਿਸ ਦੇ ’ਚ ਨੌਜਵਾਨ ਕਿਸਾਨ ਵੀ ਭਾਗ ਲੈ ਰਹੇ ਹਨ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਨਾਲ ਧੱਕਾ ਕਰ ਰਹੀ ਤੇ ਹਰਿਆਣਾ ’ਚ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ।