ਕਿਸਾਨ ਧਰਨੇ ਦੌਰਾਨ ਜ਼ਖਮੀ ਹੋਏ ਵਿਅਕਤੀਆਂ ਦਾ ਸਾਰਾ ਖਰਚਾ ਪੰਜਾਬ ਸਰਕਾਰ ਚੁੱਕੇਗੀ : ਸਿਹਤ ਮੰਤਰੀ

0
140

ਚੰਡੀਗੜ੍ਹ/ਰਾਜਪੁਰਾ (ਗੁਰਜੀਤ ਬਿੱਲਾ, ਰਮੇਸ਼ ਕਟਾਰੀਆ) -ਪੰਜਾਬ ਦੇ ਸਿਹਤ ਤੇ ਪਰਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਨਾਲ ਡਟ ਕੇ ਖੜ੍ਹੀ ਹੈ ਅਤੇ ਕਿਸਾਨ ਧਰਨੇ ਦੌਰਾਨ ਜ਼ਖ਼ਮੀ ਹੋਏ ਵਿਅਕਤੀਆਂ ਦੇ ਇਲਾਜ ਦਾ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ।
ਪੰਜਾਬ ਦੇ ਸਿਹਤ ਮੰਤਰੀ ਬੁੱਧਵਾਰ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਨੂੰ ਸੂਬੇ ਵਿੱਚ ਦਾਖ਼ਲ ਹੋਣ ਤੋਂ ਰੋਕਣ ਲਈ ਕੀਤੀ ਪੁਲਸ ਕਾਰਵਾਈ ਦੌਰਾਨ ਜ਼ਖ਼ਮੀ ਹੋਏ ਕਿਸਾਨਾਂ, ਪੱਤਰਕਾਰਾਂ ਅਤੇ ਪੁਲਸ ਮੁਲਾਜ਼ਮਾਂ ਦਾ ਹਾਲ-ਚਾਲ ਜਾਣਨ ਲਈ ਹਰਿਆਣਾ ਸਰਹੱਦ ਨੇੜੇ ਵੱਖ-ਵੱਖ ਸਰਕਾਰੀ ਸਿਹਤ ਸਹੂਲਤਾਂ ਦਾ ਦੌਰਾ ਕਰਨ ਗਏ ਸਨ। ਉਨ੍ਹਾ ਮੋਹਾਲੀ ਸਥਿਤ ਡਾ. ਬੀ ਆਰ ਅੰਬੇਡਕਰ ਸਟੇਟ ਇੰਸਟੀਚਿਊਟ ਫਾਰ ਮੈਡੀਕਲ ਸਾਇੰਸਜ਼ (ਏ ਆਈ ਐੱਮ ਐੱਸ), ਸੀ ਐੱਚ ਸੀ ਬਨੂੜ, ਸਿਵਲ ਹਸਪਤਾਲ ਰਾਜਪੁਰਾ ਅਤੇ ਰਜਿੰਦਰਾ ਹਸਪਤਾਲ ਪਟਿਆਲਾ ਦਾ ਦੌਰਾ ਕੀਤਾ।ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪ੍ਰਦਰਸ਼ਨਕਾਰੀ ਕਿਸਾਨਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਹਰਿਆਣਾ ਸਰਹੱਦ ਨਾਲ ਲੱਗਦੇ ਸਾਰੇ ਹਸਪਤਾਲਾਂ ਨੂੰ ਹਾਈ ਅਲਰਟ ’ਤੇ ਰੱਖਿਆ ਗਿਆ ਹੈ ਅਤੇ ਐਮਰਜੈਂਸੀ ਸੇਵਾਵਾਂ 24 ਘੰਟੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾ ਕਿਹਾ ਕਿ ਸਰਕਾਰੀ ਸਿਹਤ ਸਹੂਲਤਾਂ ਵਿੱਚ ਡਾਕਟਰਾਂ ਦੀ ਕੋਈ ਕਮੀ ਨਹੀਂ ਅਤੇ ਡਾਕਟਰਾਂ ਨੂੰ ਹਸਪਤਾਲਾਂ ਵਿੱਚ ਹੀ ਮੌਜੂਦ ਰਹਿਣ ਲਈ ਕਿਹਾ ਗਿਆ ਹੈ, ਜਦਕਿ ਸਰਹੱਦ ’ਤੇ ਐਂਬੂਲੈਂਸਾਂ ਦੀ ਤਾਇਨਾਤੀ ਵਧਾ ਦਿੱਤੀ ਗਈ ਹੈ। ਉਨ੍ਹਾ ਸਥਾਨਕ ਸਿਹਤ ਅਧਿਕਾਰੀਆਂ ਨੂੰ ਕਿਹਾ ਕਿ ਕਿਸੇ ਵੀ ਹੰਗਾਮੀ ਸਥਿਤੀ ਦੇ ਮੱਦੇਨਜ਼ਰ 14 ਐਂਬੂਲੈਂਸਾਂ ਨੂੰ ਲੋੜੀਂਦੇ ਸਟਾਫ਼ ਅਤੇ ਦਵਾਈਆਂ ਸਮੇਤ ਤਿਆਰ ਰੱਖਿਆ ਜਾਵੇ। ਉਨ੍ਹਾ ਦੱਸਿਆ ਕਿ ਸਿਵਲ ਹਸਪਤਾਲ ਰਾਜਪੁਰਾ ਸ਼ੰਭੂ ਬਾਰਡਰ ਦੇ ਨਜ਼ਦੀਕ ਹੋਣ ਕਾਰਨ ਇੱਥੇ ਘੱਟੋ-ਘੱਟ 40 ਜ਼ਖਮੀਆਂ ਨੂੰ ਦਾਖਲ ਕਰਵਾਇਆ ਗਿਆ ਹੈ, ਜਿਨ੍ਹਾਂ ’ਚੋਂ ਦੋ ਦੇ ਸਿਰ ’ਤੇ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

LEAVE A REPLY

Please enter your comment!
Please enter your name here