ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਬਕਾਰੀ ਨੀਤੀ ਨਾਲ ਸੰਬੰਧਤ ਮਨੀ ਲਾਂਡਰਿੰਗ ਮਾਮਲੇ ’ਚ ਪੁੱਛ-ਪੜਤਾਲ ਲਈ ਸੋਮਵਾਰ ਈ ਡੀ ਸਾਹਮਣੇ ਪੇਸ਼ ਨਹੀਂ ਹੋਏ। ਪਾਰਟੀ ਨੇ ਕੇਜਰੀਵਾਲ ਨੂੰ ਜਾਰੀ ਛੇਵੇਂ ਸੰਮਨ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਅਤੇ ਕਿਹਾ ਕਿ ਈ ਡੀ ਨੂੰ ਕੇਜਰੀਵਾਲ ਨੂੰ ਵਾਰ-ਵਾਰ ਸੰਮਨ ਭੇਜਣ ਦੀ ਬਜਾਏ ਅਦਾਲਤ ਦੇ ਫੈਸਲੇ ਦੀ ਉਡੀਕ ਕਰਨੀ ਚਾਹੀਦੀ ਹੈ। ਅਦਾਲਤ ਨੇ ਸ਼ਨਿਚਰਵਾਰ ਨੂੰ ਕੇਂਦਰੀ ਏਜੰਸੀ ਵੱਲੋਂ ਦਾਇਰ ਸ਼ਿਕਾਇਤ ਦੇ ਸੰਬੰਧ ’ਚ ਕੇਜਰੀਵਾਲ ਨੂੰ ਨਿੱਜੀ ਪੇਸ਼ੀ ਤੋਂ ਰਾਹਤ ਦਿੱਤੀ ਤੇ 16 ਮਾਰਚ ਨੂੰ ਸੁਣਵਾਈ ਦੀ ਅਗਲੀ ਤਰੀਕ ਨੂੰ ਵਿਅਕਤੀਗਤ ਤੌਰ ’ਤੇ ਪੇਸ਼ ਹੋਣ ਲਈ ਕਿਹਾ ਸੀ।




