ਜੈਤੋ/ਅੰਮਿ੍ਰਤਸਰ (ਜਸਬੀਰ ਸਿੰਘ ਪੱਟੀ)
ਸਿੱਖ ਕੌਮ ਵੱਲੋਂ ਤਤਕਾਲੀ ਅੰਗਰੇਜ਼ ਹਕੂਮਤ ਦੇ ਜਬਰ-ਜ਼ੁਲਮ ਵਿਰੁੱਧ ਲਗਾਏ ਗਏ ਜੈਤੋ ਦੇ ਮੋਰਚੇ ਦੀ 100 ਸਾਲਾ ਸ਼ਤਾਬਦੀ ਦੇ ਸਮਾਗਮ ਸੋਮਵਾਰ ਗੁਰਦੁਆਰਾ ਟਿੱਬੀ ਸਾਹਿਬ ਜੈਤੋ ਵਿਖੇ ਪੰਥਕ ਰਵਾਇਤਾਂ ਅਨੁਸਾਰ ਆਰੰਭ ਹੋਏ। ਇਨ੍ਹਾਂ ਸਮਾਗਮਾਂ ਦੀ ਆਰੰਭਤਾ ਮੌਕੇ ਗੁਰਦੁਆਰਾ ਟਿੱਬੀ ਸਾਹਿਬ ਤੋਂ ਗੁਰਦੁਆਰਾ ਅੰਗੀਠਾ ਸਾਹਿਬ ਤੱਕ ਵਿਸ਼ਾਲ ਨਗਰ ਸਜਾਇਆ ਗਿਆ। ਇਸ ਤੋਂ ਪਹਿਲਾਂ ਸ੍ਰੀ ਅਖੰਠ ਪਾਠ ਸਾਹਿਬ ਦੀ ਆਰੰਭਤਾ ਵੀ ਕੀਤੀ ਗਈ।
ਨਗਰ ਕੀਰਤਨ (ਸ਼ਹੀਦੀ ਮਾਰਚ) ਦੀ ਸ਼ੁਰੂਆਤ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਜੈਤੋ ਮੋਰਚੇ ਦੇ ਇਤਿਹਾਸ ਨੂੰ ਯਾਦ ਕਰਨ ਦੇ ਨਾਲ-ਨਾਲ ਮੌਜੂਦਾ ਸਮੇਂ ਸਿੱਖ ਕੌਮ ਨੂੰ ਦਰਪੇਸ਼ ਚੁਣੌਤੀਆਂ ਦੀ ਗੱਲ ਵੀ ਕੀਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਕੌਮ ਅੰਦਰ ਹੱਕ-ਸੱਚ ਦੀ ਪਹਿਰੇਦਾਰੀ ਵਾਸਤੇ ਵੱਡੀਆਂ ਕੁਰਬਾਨੀਆਂ ਹੋਈਆਂ। ਉਨ੍ਹਾ ਕਿਹਾ ਕਿ ਕੌਮ ਅੰਦਰ ਸ਼ਹਾਦਤਾਂ ਦਾ ਮੁੱਢ ਗੁਰੂ ਸਾਹਿਬਾਨ ਨੇ ਆਪ ਬੰਨ੍ਹਿਆ, ਜਿਸ ਦੀ ਲੜੀ ਨੂੰ ਸਿੱਖਾਂ ਨੇ ਕਾਇਮ ਰੱਖਿਆ। ਜੈਤੋ ਦਾ ਮੋਰਚਾ ਇਸੇ ਹੀ ਸ਼ਾਨਾਮੱਤੇ ਇਤਿਹਾਸ ਦੀ ਤਰਜਮਾਨੀ ਕਰਦਾ ਹੈ। ਇਹ ਮੋਰਚਾ ਜਬਰ, ਜ਼ੁਲਮ ਅਤੇ ਅਨਿਆਂ ਵਿਰੁੱਧ ਇਕ ਸੰਘਰਸ਼ ਦਾ ਬਿਗਲ ਸੀ, ਜਿਸ ਨੇ ਜ਼ਾਲਮ ਹਕੂਮਤਾਂ ਦੀ ਧੱਕੇਸ਼ਾਹੀ ਨੂੰ ਚੁਣੌਤੀ ਦਿੱਤੀ। ਇਸ ਵਿੱਚੋਂ ਸਿੱਖ ਕੌਮ ਜੇਤੂ ਹੋ ਕੇ ਨਿਕਲੀ, ਜੋ ਇਤਿਹਾਸ ਅੰਦਰ ਸੁਨਹਿਰੀ ਅੱਖਰਾਂ ਵਿਚ ਦਰਜ ਹੈ। ਸਿੱਖ ਕੌਮ ਦਾ ਇਹ ਇਤਿਹਾਸ ਸੰਗਤਾਂ ਅਤੇ ਖਾਸਕਰ ਨੌਜਵਾਨੀ ਲਈ ਪ੍ਰੇਰਣਾਸਰੋਤ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਮੌਜੂਦਾ ਸਮੇਂ ਵੀ ਸਿੱਖ ਧਰਮ ਨੂੰ ਲੁਕਵੇਂ ਰੂਪ ਵਿਚ ਕਈ ਤਰ੍ਹਾਂ ਦੀਆਂ ਚੁਣੌਤੀਆਂ ਦਰਪੇਸ਼ ਹਨ, ਜਿਨ੍ਹਾਂ ਨੂੰ ਪਛਾਣ ਕੇ ਇਕਜੁੱਟਤਾ ਨਾਲ ਮੁਕਾਬਲਾ ਕਰਨ ਦੀ ਲੋੜ ਹੈ। ਉਨ੍ਹਾ ਕਿਹਾ ਕਿ ਸਿੱਖ ਸੰਸਥਾਵਾਂ ਦੀ ਮਜ਼ਬੂਤੀ ਅੱਜ ਕੌਮ ਲਈ ਬੇਹੱਦ ਜ਼ਰੂਰੀ ਹੈ, ਜਿਸ ਲਈ ਸਮੁੱਚੀ ਕੌਮ ਯੋਗਦਾਨ ਪਾਵੇ।
ਇਸ ਦੌਰਾਨ ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਅੰਗੀਠਾ ਸਾਹਿਬ ਵਿਖੇ ਸੰਪੂਰਨ ਹੋਇਆ। ਨਗਰ ਕੀਰਤਨ ਦਾ ਸੰਗਤ ਵੱਲੋਂ ਥਾਂ-ਥਾਂ ਭਰਵਾਂ ਸਵਾਗਤ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਰੁਮਾਲੇ ਭੇਟ ਕਰਕੇ ਸਤਿਕਾਰ ਦਿੱਤਾ ਗਿਆ। ਸੰਗਤ ਨੇ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਵੀ ਵੱਖ-ਵੱਖ ਪੜਾਵਾਂ ’ਤੇ ਸਿਰੋਪਾਓ ਦਿੱਤੇ। ਨਗਰ ਕੀਰਤਨ ਵਿਚ ਨਿਹੰਗ ਸਿੰਘ ਦਲਾਂ ਵੱਲੋਂ ਊਠਾਂ ਤੇ ਘੋੜਿਆਂ ਨਾਲ ਸ਼ਮੂਲੀਅਤ ਕੀਤੀ ਗਈ। ਜੈਤੋ ਮੋਰਚੇ ਨਾਲ ਸੰਬੰਧਤ ਵੱਖ-ਵੱਖ ਇਤਿਹਾਸਕ ਝਾਕੀਆਂ ਵੀ ਸੰਗਤ ਲਈ ਖਿੱਚ ਦਾ ਕੇਂਦਰ ਬਣੀਆਂ। ਇਨ੍ਹਾਂ ਵਿਚ ਵਿਸ਼ੇਸ਼ ਤੌਰ ’ਤੇ ਤਿਆਰ ਕੀਤੀ ਗਈ ਨਾਭਾ ਜੇਲ੍ਹ ਦੀ ਝਾਕੀ ਵੀ ਸ਼ਾਮਲ ਸੀ। ਸਕੂਲਾਂ/ ਕਾਲਜਾਂ ਦੇ ਵਿਦਿਆਰਥੀ ਵੀ ਵੱਡੀ ਗਿਣਤੀ ਵਿਚ ਨਗਰ ਕੀਰਤਨ ਦਾ ਹਿੱਸਾ ਬਣੇ ਅਤੇ ਗਤਕਾ ਪਾਰਟੀਆਂ ਨੇ ਸਿੱਖ ਜੰਗਜੂ ਕਲਾ ਦੇ ਜੌਹਰ ਵਿਖਾਏ।
‘ਖੂਨੀ ਦਾਸਤਾਨ’ ਜਾਰੀ
ਸ਼੍ਰੋਮਣੀ ਕਮੇਟੀ ਵੱਲੋਂ ਜੈਤੋ ਮੋਰਚੇ ਦੇ ਇਤਿਹਾਸ ਨੂੰ ਤਸਵੀਰਾਂ ਰਾਹੀਂ ਰੂਪਮਾਨ ਕਰਦੀ ਸਚਿੱਤਰ ਪੁਸਤਕ ਵੀ ਸ਼ਤਾਬਦੀ ਸਮਾਗਮਾਂ ਦੇ ਪਹਿਲੇ ਦਿਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਰੀ ਕੀਤੀ। ਉਨ੍ਹਾ ਇਸ ਮੌਕੇ ਦੱਸਿਆ ਕਿ ਸਿੱਖ ਇਤਿਹਾਸ ਅੰਦਰ ਜੈਤੋ ਦੇ ਮੋਰਚੇ ਦਾ ਵੱਡਾ ਮਹੱਤਵ ਹੈ, ਜਿਸ ਨੂੰ ਅਗਲੀ ਪੀੜ੍ਹੀ ਤੱਕ ਲਿਜਾਣ ਲਈ ਸਚਿੱਤਰ ਪੁਸਤਕ ਤਿਆਰ ਕੀਤੀ ਗਈ ਹੈ। ਉਨ੍ਹਾ ਦੱਸਿਆ ਕਿ ਇਤਿਹਾਸਕਾਰ ਹਰਵਿੰਦਰ ਸਿੰਘ ਖਾਲਸਾ ਨੇ ਇਸ ਪੁਸਤਕ ਵਿਚ ਉਸ ਸਮੇਂ ਦੀਆਂ ਕਈ ਅਹਿਮ ਤਸਵੀਰਾਂ ਨੂੰ ਸ਼ਾਮਲ ਕਰਨ ਦੇ ਨਾਲ-ਨਾਲ ਜੈਤੋ ਦੇ ਮੋਰਚੇ ਦੇ ਸਾਰੇ ਜਥਿਆਂ ਅਤੇ ਸ਼ਹੀਦਾਂ ਦੇ ਵੇਰਵੇ ਦਰਜ ਕੀਤੇ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਪੁਸਤਕ ਜੈਤੋ ਮੋਰਚੇ ਦੇ 100 ਸਾਲਾ ਸਮਾਗਮਾਂ ਦੀ ਵਿਸ਼ੇਸ਼ ਗਵਾਹੀ ਵਜੋਂ ਸੰਗਤਾਂ ਵਿਚ ਆਪਣਾ ਸਥਾਨ ਗ੍ਰਹਿਣ ਕਰੇਗੀ। ਉਹਨਾ ਚਿੱਤਰ ਪ੍ਰਦਰਸ਼ਨੀ ਦਾ ਵੀ ਉਦਘਾਟਨ ਕੀਤਾ, ਜਿਸ ਵਿਚ ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ ਨਾਲ ਸੰਬੰਧਤ ਵੱਖ-ਵੱਖ ਤਸਵੀਰਾਂ ਸੰਗਤ ਨੂੰ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਲਗਾਈਆਂ ਗਈਆਂ ਹਨ। ਐਡਵੋਕੇਟ ਧਾਮੀ ਨੇ ਦੱਸਿਆ ਕਿ ਸ਼ਤਾਬਦੀ ਦੇ ਅੱਜ ਸ਼ੁਰੂ ਹੋਏ ਸਮਾਗਮ 21 ਫ਼ਰਵਰੀ ਤੱਕ ਜਾਰੀ ਰਹਿਣਗੇ।




