20.9 C
Jalandhar
Saturday, October 19, 2024
spot_img

ਤਨਖਾਹ ਨਾ ਮਿਲਣ ’ਤੇ ਪੀ ਆਰ ਟੀ ਸੀ ਕਾਮਿਆਂ ’ਚ ਸਖਤ ਰੋਸ

ਪਟਿਆਲਾ : ਪੀ.ਆਰ.ਟੀ.ਸੀ. ਵਰਕਰਜ਼ ਐਕਸ਼ਨ ਕਮੇਟੀ ਵਿੱਚ ਸ਼ਾਮਲ ਜਥੇਬੰਦੀਆਂ ਸੰਬੰਧਤ ਏਟਕ, ਇੰਟਕ, ਕਰਮਚਾਰੀ ਦਲ, ਐੱਸ.ਸੀ./ ਬੀ.ਸੀ., ਸੀਟੂ ਅਤੇ ਰਿਟਾਇਰਡ ਵਰਕਰਜ਼ ਭਾਈਚਾਰਾ ਯੂਨੀਅਨ ਦੇ ਨੁਮਾਇੰਦਿਆਂ ਸਰਵਸ੍ਰੀ ਨਿਰਮਲ ਸਿੰਘ ਧਾਲੀਵਾਲ ਕਨਵੀਨਰ, ਬਲਦੇਵ ਰਾਜ ਬੱਤਾ, ਹਰਪ੍ਰੀਤ ਸਿੰਘ ਖੱਟੜਾ, ਨਸੀਬ ਚੰਦ, ਤਰਸੇਮ ਸਿੰਘ ਅਤੇ ਉੱਤਮ ਸਿੰਘ ਬਾਗੜੀ ਨੇ ਦੱਸਿਆ ਕਿ ਫਰਵਰੀ ਮਹੀਨੇ ਦੀ 22 ਤਾਰੀਕ ਹੋਣ ਦੇ ਬਾਵਜੂਦ ਪੀ.ਆਰ.ਟੀ.ਸੀ. ਦੇ ਸਮੁੱਚੇ ਕਰਮਚਾਰੀਆਂ ਨੂੰ ਪੂਰੀ ਤਨਖਾਹ ਨਸੀਬ ਨਹੀਂ ਹੋਈ। ਕਰਮਚਾਰੀਆਂ ਵਿੱਚ ਹਾਹਾਕਾਰ ਮਚੀ ਹੋਈ ਹੈ। ਉਹਨਾਂ ਨੂੰ ਇਸ ਅੱਤ ਦੀ ਮਹਿੰਗਾਈ ਦੇ ਦੌਰ ਵਿੱਚ ਆਪਣੇ ਪਰਵਾਰ ਦੀਆਂ ਲੋੜਾਂ ਪੂਰੀਆਂ ਕਰਨੀਆਂ ਔਖੀਆਂ ਹੋਈਆਂ ਪਈਆਂ ਹਨ, ਪਰ ਹੈਰਾਨੀ ਹੁੰਦੀ ਹੈ ਜਦੋਂ ਮੈਨੇਜਮੈਂਟ ਨੂੰ ਇਸ ਸੰਕਟ ਪ੍ਰਤੀ ਕੋਈ ਚਿੰਤਾ ਨਹੀਂ ਜਾਪਦੀ। ਦੂਸਰੇ ਪਾਸੇ ਪੰਜਾਬ ਸਰਕਾਰ ਨੇ ਇਸ ਅਦਾਰੇ ਨੂੰ ਤਰ੍ਹਾਂ-ਤਰ੍ਹਾਂ ਦੀਆਂ ਮੁਫ਼ਤ ਸਹੂਲਤਾਂ ਨਾਲ ਮਾਲੀ ਸੰਕਟ ਵਿੱਚ ਫਸਾ ਦਿੱਤਾ ਹੈ। 300 ਕਰੋੜ ਰੁਪਏ ਪੰਜਾਬ ਸਰਕਾਰ ਵੱਲ ਮੁਫ਼ਤ ਸਫਰ ਸਹੂਲਤਾਂ ਦੇ ਬਕਾਏ ਖੜੇ ਹਨ, ਪਰ ਸਰਕਾਰ ਇਸ ਰਕਮ ਵਿੱਚੋਂ ਤਨਖਾਹ ਲਈ ਵੀ ਪੈਸੇ ਨਹੀਂ ਦੇ ਰਹੀ। ਸਾਲਾਂਬੱਧੀ ਸਮੇਂ ਤੋਂ ਵਰਕਰਾਂ ਦੇ 170 ਕਰੋੜ ਰੁਪਏ ਤੋਂ ਵੱਧ ਦੇ ਬਕਾਇਆਂ ਦੀ ਅਦਾਇਗੀ ਨਹੀਂ ਕੀਤੀ ਜਾ ਰਹੀ, ਸੇਵਾ-ਮੁਕਤ ਕਰਮਚਾਰੀਆਂ ਦੇ ਬਣਦੇ ਬਕਾਏ, ਬਿਮਾਰੀਆਂ ਦੇ ਇਲਾਜ ਦੇ ਬਕਾਏ ਅਤੇ ਵਰਕਰਾਂ ਦੇ ਹੋਰ ਅਨੇਕਾਂ ਕਿਸਮ ਦੇ ਬਕਾਏ ਦੇਣ ਲਈ ਮੈਨੇਜਮੈਂਟ ਅਤੇ ਸਰਕਾਰ ਦੀ ਕੋਈ ਸੰਜੀਦਗੀ ਨਜ਼ਰ ਨਹੀਂ ਆ ਰਹੀ। ਅਦਾਰੇ ਦੀ ਕਾਰਗੁਜ਼ਾਰੀ ਲਗਾਤਾਰ ਨਿਘਾਰ ਵੱਲ ਜਾ ਰਹੀ ਹੈ। ਇਸ ਸਰਕਾਰ ਦੇ 2 ਸਾਲ ਦੇ ਸਮੇਂ ਵਿੱਚ ਪੀ.ਆਰ.ਟੀ.ਸੀ. ਦੀ ਮਾਲਕੀ ਵਾਲੀ ਇੱਕ ਵੀ ਬੱਸ ਨਹੀਂ ਖਰੀਦ ਕੀਤੀ ਗਈ। ਬੱਸਾਂ ਪੁਰਾਣੀਆਂ ਹੋ ਰਹੀਆਂ ਹਨ, ਜਿਸ ਦੇ ਆਮਦਨ ਉਪਰ ਮਾੜੇ ਪ੍ਰਭਾਵ ਸਪੱਸ਼ਟ ਨਜ਼ਰ ਆ ਰਹੇ ਹਨ। ਮਾਲੀ ਸੰਕਟ ਹੋਰ ਡੂੰਘਾ ਹੋਣ ਦਾ ਖਦਸ਼ਾ ਖੜਾ ਹੋ ਰਿਹਾ ਹੈ।ਐਕਸ਼ਨ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਜੇਕਰ ਤਨਖਾਹ ਪੈਨਸ਼ਨ ਦੀ ਅਦਾਇਗੀ ਵਿੱਚ ਹੋਰ ਦੇਰੀ ਕੀਤੀ ਗਈ ਅਤੇ ਅਗਲੇ ਮਹੀਨੇ ਦੀ ਤਨਖਾਹ ਪੈਨਸ਼ਨ ਦਾ ਕੋਈ ਇੰਤਜ਼ਾਮ ਨਾ ਕੀਤਾ ਗਿਆ ਤਾਂ ਜਲਦੀ ਹੀ ਜ਼ੋਰਦਾਰ ਤਰੀਕੇ ਨਾਲ ਰੋਸ ਪ੍ਰਗਟ ਕਰਨ ਲਈ ਸਖਤ ਕਦਮ ਚੁੱਕੇ ਜਾਣਗੇ।

Related Articles

LEAVE A REPLY

Please enter your comment!
Please enter your name here

Latest Articles