22.6 C
Jalandhar
Friday, October 18, 2024
spot_img

ਕਿਸਾਨ ਅੰਦੋਲਨ ਨੂੰ ਦਬਾਉਣ ਦੇ ਢੰਗ-ਤਰੀਕੇ ਨੇ ਲੋਕਤੰਤਰ ਨੂੰ ਸ਼ਰਮਸਾਰ ਕੀਤਾ : ਅਰਸ਼ੀ/ਮੌਲਵੀਵਾਲਾ

ਪਾਤੜਾਂ (ਨਿਸ਼ਾਨ ਸਿੰਘ ਬਣਵਾਲਾ)
ਅੰਦੋਲਨ ਕਰ ਰਹੇ ਕਿਸਾਨਾਂ ਉੱਤੇ ਭਾਜਪਾ ਸਰਕਾਰ ਦੇ ਇਸ਼ਾਰਿਆਂ ’ਤੇ ਕੇਂਦਰੀ ਸੁਰੱਖਿਆ ਬਲਾਂ ਤੇ ਹਰਿਆਣਾ ਪੁਲਸ ਵੱਲੋਂ ਕੀਤੇ ਗਏ ਅੰਨ੍ਹੇ ਤਸ਼ੱਦਦ ਨੇ ਕਿਸਾਨਾਂ ਨੂੰ ਆਪਣੇ ਹੀ ਦੇਸ਼ ਵਿੱਚ ਬੇਗਾਨੇ ਹੋਣ ਦਾ ਅਹਿਸਾਸ ਕਰਵਾ ਕੇ ਰੱਖ ਦਿੱਤਾ ਹੈ। ਦਿੱਲੀ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਨਾਲ ਕੀਤੇ ਗਏ ਵਾਅਦਿਆਂ ਤੋਂ ਮੁਕਰਨ ਮਗਰੋਂ ਮੁੜ ਤੋਂ ਉੱਠੇ ਕਿਸਾਨ ਅੰਦੋਲਨ ਨੂੰ ਕੇਂਦਰ ਅਤੇ ਹਰਿਆਣਾ ਸਰਕਾਰ ਵੱਲੋਂ ਕੁਚਲੇ ਜਾਣ ਦੇ ਢੰਗ-ਤਰੀਕਿਆਂ ਨੇ ਲੋਕਤੰਤਰ ਨੂੰ ਸ਼ਰਮਸਾਰ ਕਰਕੇ ਰੱਖ ਦਿੱਤਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਸਕੱਤਰ ਅਤੇ ਸਾਬਕਾ ਵਿਧਾਇਕ ਹਰਦੇਵ ਅਰਸ਼ੀ ਅਤੇ ਸੂਬਾ ਮੀਤ ਪ੍ਰਧਾਨ ਕੁਲਵੰਤ ਸਿੰਘ ਮੌਲਵੀਵਾਲਾ ਨੇ ਪਾਤੜਾਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਉਹਨਾਂ ਕਿਹਾ ਕਿ ਜਿੱਥੇ ਕੇਂਦਰ ਤੇ ਹਰਿਆਣਾ ਦੀਆਂ ਭਾਜਪਾ ਸਰਕਾਰਾਂ ਕਿਸਾਨ ਅੰਦੋਲਨ ਨੂੰ ਦਬਾਉਣ ਦੇ ਰਾਹ ਤੁਰੀਆਂ ਹੋਈਆਂ ਹਨ, ਉੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਾਮਲੇ ਉੱਤੇ ਧਾਰੀ ਗਈ ਚੁੱਪ ਨਿਰਾਸ਼ ਕਰਨ ਵਾਲੀ ਹੈ। ਪਿਛਲੇ ਦਿਨਾਂ ਤੋਂ ਸ਼ੰਭੂ ਅਤੇ ਖਨੌਰੀ ਬਾਰਡਰ ਉੱਤੇ ਵਾਪਰ ਰਹੇ ਘਟਨਾਕ੍ਰਮ ਸੰਬੰਧੀ ਉਹਨਾਂ ਕਿਹਾ ਕਿ ਕੇਂਦਰੀ ਸੁਰੱਖਿਆ ਬਲਾਂ ਅਤੇ ਹਰਿਆਣਾ ਪੁਲਸ ਵੱਲੋਂ ਕੀਤਾ ਗਿਆ ਤਸ਼ੱਦਦ ਦਿਲ ਦਹਿਲਾ ਦੇਣ ਵਾਲਾ ਹੈ, ਜਿਸ ਵਿੱਚ ਇੱਕ ਨੌਜਵਾਨ ਕਿਸਾਨ ਸ਼ਹੀਦ ਹੋ ਗਿਆ। ਉਨ੍ਹਾਂ ਮਿ੍ਰਤਕ ਨੌਜਵਾਨ ਸ਼ੁਭਕਰਨ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਅੰਦੋਲਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਨਾਲ ਭਾਵੇਂ ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਦੇ ਕੁਝ ਵਖਰੇਵੇਂ ਹਨ, ਪਰ ਮੰਗਾਂ ਅਤੇ ਕਿਸਾਨ ਇੱਕ ਹਨ। ਇਸ ਲਈ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਧਿਰਾਂ ਵੱਲੋਂ ਪਹਿਲੇ ਦਿਨ ਤੋਂ ਹੀ ਕੇਂਦਰ ਅਤੇ ਹਰਿਆਣਾ ਸਰਕਾਰ ਵੱਲੋਂ ਵਰਤਾਏ ਜਾ ਰਹੇ ਕਹਿਰ ਦੀ ਨਿਖੇਧੀ ਕਰਨ ਦੇ ਨਾਲ-ਨਾਲ ਇਸ ਵਹਿਸ਼ੀ ਪੁਲਸ ਕਾਰਵਾਈ ਦੇ ਵਿਰੋਧ ਵਿੱਚ ਟੋਲ ਪਲਾਜ਼ੇ ਬੰਦ ਕਰਨ ਅਤੇ ਭਾਜਪਾ ਆਗੂਆਂ ਦੇ ਘਰ ਘੇਰਨ ਦੇ ਦਿੱਤੇ ਗਏ ਸੱਦੇ ਉੱਤੇ ਵੱਡੇ ਪੱਧਰ ਉੱਤੇ ਰੋਸ ਵਿਖਾਵੇ ਕੀਤੇ ਜਾ ਰਹੇ ਹਨ। ਉਹਨਾਂ ਅੰਦੋਲਨਕਾਰੀ ਕਿਸਾਨਾਂ ਨੂੰ ਸ਼ਾਂਤ ਰਹਿ ਕੇ ਸੰਘਰਸ਼ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਸੰਘਰਸ਼ ਨੂੰ ਸਬਰ ਅਤੇ ਸਿਦਕ ਨਾਲ ਹੀ ਜਿੱਤਿਆ ਜਾ ਸਕਦਾ ਹੈ। ਪੰਜਾਬ ਸਰਕਾਰ ਦੀ ਨੁਕਤਾਚੀਨੀ ਕਰਦਿਆਂ ਉਹਨਾਂ ਕਿਹਾ ਕਿ ਹਰਿਆਣਾ ਪੁਲਸ ਵੱਲੋਂ ਪੰਜਾਬ ਦੀ ਸਰਜ਼ਮੀਨ ਉੱਤੇ ਆ ਕੇ ਕਾਰਵਾਈਆਂ ਨੂੰ ਅੰਜਾਮ ਦੇਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਕਰਦਿਆਂ ਕਤਲ ਦੇ ਦੋਸ਼ ਦੀਆਂ ਧਰਾਵਾਂ ਤਹਿਤ ਦੋਸ਼ੀਆਂ ਦੀ ਸ਼ਨਾਖਤ ਕਰਕੇ ਪਰਚਾ ਦਰਜ ਕਰਵਾਉਣ ਦੇ ਨਾਲ-ਨਾਲ ਕਿਸਾਨ ਅੰਦੋਲਨ ਦੇ ਨੌਜਵਾਨ ਸ਼ਹੀਦ ਦੇ ਪਰਵਾਰ ਨੂੰ ਫੌਜੀ ਸ਼ਹੀਦਾਂ ਦੀ ਤਰਜ਼ ਉੱਤੇ ਇੱਕ ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਦੇਣ ਦੀ ਮੰਗ ਕੀਤੀ ਹੈ।

Related Articles

LEAVE A REPLY

Please enter your comment!
Please enter your name here

Latest Articles